ਮੁੱਖ ਮੰਤਰੀ ਵੱਲੋਂ ਸਿੱਖ ਸੰਗਤ ਨੂੰ ਕੌਮੀ ਮਾਰਗ ਤੋਂ ਜਾਮ ਖੋਲ੍ਹਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਸਿੱਖ ਸੰਗਤ ਨੂੰ ਕੌਮੀ ਮਾਰਗ ਤੋਂ ਜਾਮ ਖੋਲ੍ਹਣ ਦੀ ਅਪੀਲ

  • ਬੇਅਦਬੀ ਤੇ ਗੋਲੀ ਕਾਂਡ ਦਾ ਇਨਸਾਫ ਦਿਵਾਉਣ ਲਈ ਸਰਕਾਰ ਵਚਨਬੱਧ: ਮੁੱਖ ਮੰਤਰੀ
    ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ ਵੱਲੋਂ ਬਰਗਾੜੀ ਬੇਅਦਬੀ ਕਾਂਡ ਸਮੇਤ ਬਹਿਬਲ ਕਲਾਂ ਤੇ ਕੋਟਕਪੁਰਾ ਦੀਆਂ ਘਟਨਾਵਾਂ ਵਿੱਚ ਇਨਸਾਫ਼ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੋਣ ਦਾ ਦਾਅਵਾ ਕੀਤਾ। ਉਨ੍ਹਾਂ ਸੰਗਤ ਨੂੰ ਰਾਹਗੀਰਾਂ ਦੀਆਂ ਮੁਸ਼ਕਲਾਂ ਨੂੰ ਦੇਖਦਿਆਂ ਬਹਿਬਲ ਕਲਾਂ ਵਿੱਚ ਸੜਕ ਤੋਂ ਜਾਮ ਹਟਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਅਤੇ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੇ ਹਰ ਵਿਅਕਤੀ ਨੂੰ ਧੁਰ ਅੰਦਰ ਤੱਕ ਝੰਜੋੜਿਆ ਹੈ। ਦੋਵਾਂ ਘਟਨਾਵਾਂ ਦਾ ਇਨਸਾਫ਼ ਮਿਲੇਗਾ ਅਤੇ ਇਨ੍ਹਾਂ ਜੁਰਮਾਂ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਉੱਤੇ ਬਖ਼ਸ਼ਿਆ ਨਹੀਂ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਨਸਾਫ਼ ਦਿਵਾਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ ਅਤੇ ਇਨ੍ਹਾਂ ਜੁਰਮਾਂ ਵਿੱਚ ਜਿਹੜੇ ਵੀ ਲੋਕ ਸ਼ਾਮਲ ਹਨ, ਉਹ ਜਲਦੀ ਹੀ ਸਲਾਖ਼ਾਂ ਪਿੱਛੇ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਬਹਿਬਲ ਕਲਾਂ ਵਿੱਚ ਨੈਸ਼ਨਲ ਹਾਈਵੇਅ ਉੱਤੇ ਜਾਮ ਕਾਰਨ ਲੋਕਾਂ ਨੂੰ ਮੁਸ਼ਕਲ ਹੋ ਰਹੀ ਹੈ। ਲੋਕਾਂ ਨੂੰ ਇਸ ਪ੍ਰੇਸ਼ਾਨੀ ਤੋਂ ਬਚਾਇਆ ਜਾਣਾ ਚਾਹੀਦਾ ਹੈ ਅਤੇ ਇਸ ਲਈ ਉਹ ਸੰਗਤ ਨੂੰ ਵਡੇਰੇ ਲੋਕ ਹਿੱਤ ਵਿੱਚ ਸੜਕ ਤੋਂ ਧਰਨਾ ਹਟਾਉਣ ਦੀ ਅਪੀਲ ਕਰਦੇ ਹਨ। ਅਕਾਲੀਆਂ ਤੇ ਕਾਂਗਰਸੀਆਂ ’ਤੇ ਦੋਸ਼ ਲਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਨੇ ਉਕਤ ਘਟਨਾਵਾਂ ਦੇ ਦੋਸ਼ੀਆਂ ਨੂੰ ਬਚਾਉਣ ਲਈ ਗੰਢ-ਤੁੱਪ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬੇਦੋਸ਼ੇ ਧਰਨਾਕਾਰੀਆਂ ਉੱਤੇ ਗੋਲੀਬਾਰੀ ਦੀਆਂ ਘਟਨਾਵਾਂ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰੀਆਂ ਪਰ ਕਾਂਗਰਸ ਨੇ ਬਰਗਾੜੀ ਬੇਅਦਬੀ ਤੇ ਹੋਰ ਸਬੰਧਤ ਘਟਨਾਵਾਂ ਦੀ ਪੜਤਾਲ ਨਾ ਕਰਵਾ ਕੇ ਦੋਸ਼ੀਆਂ ਨੂੰ ਬਚਾਉਣ ਲਈ ਸਰਗਰਮ ਭੂਮਿਕਾ ਨਿਭਾਈ। ਭਗਵੰਤ ਮਾਨ ਨੇ ਕਿਹਾ ਕਿ ਦੋਸ਼ੀਆਂ ਨੂੰ ਬਚਾਉਣ ਵਾਲਾ ਅਕਾਲੀ-ਕਾਂਗਰਸ ਗੱਠਜੋੜ ‘ਆਪ’ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਟੁੱਟਿਆ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਫੜਨ ਲਈ ਪੰਜਾਬ ਸਰਕਾਰ ਸ਼ਿੱਦਤ ਨਾਲ ਕੋਸ਼ਿਸ਼ਾਂ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਸ਼ਾਂਤ ਕਰਨ ਲਈ ਇਨ੍ਹਾਂ ਸਾਰੀਆਂ ਘਟਨਾਵਾਂ ਵਿੱਚ ਇਨਸਾਫ਼ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।