ਮੁੱਖ ਮੰਤਰੀ ਵੱਲੋਂ 20 ਥਾਈਂ ਸਸਤਾ ਰੇਤਾ ਦੇਣ ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ 20 ਥਾਈਂ ਸਸਤਾ ਰੇਤਾ ਦੇਣ ਦੀ ਸ਼ੁਰੂਆਤ

ਭਗਵੰਤ ਮਾਨ ਨੇ ਦੋਸ਼ ਲਾਇਆ ਪਹਿਲਾਂ ਰੇਤਾ ਔਖਾ ਅਤੇ ਨਸ਼ੇ ਸੌਖੇ ਮਿਲਦੇ ਸਨ
ਮੋਗਾ/ਫ਼ਤਿਹਗੜ੍ਹ ਪੰਜਤੂਰ-ਮੁੱਖ ਮੰਤਰੀ ਭਗਵੰਤ ਮਾਨ ਨੇ ਤੀਜੇ ਪੜਾਅ ਦੌਰਾਨ ਅੱਜ ਪੰਜ ਜ਼ਿਲ੍ਹਿਆਂ ਲੁਧਿਆਣਾ, ਫਿਰੋਜ਼ਪੁਰ, ਮੋਗਾ, ਹੁਸ਼ਿਆਰਪੁਰ ਅਤੇ ਐਸਬੀਐਸ ਨਗਰ ਵਿਚ 20 ਨਵੀਆਂ ਖੱਡਾਂ ਸਸਤੇ ਭਾਅ ਰੇਤ ਲਈ ਜਨਤਕ ਕੀਤੀਆਂ ਜਿਥੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤਾ ਮਿਲੇਗਾ। ਮੁੱਖ ਮੰਤਰੀ ਨੇ ਆਖਿਆ ਕਿ ਸੂਬੇ ’ਚ ਪਹਿਲਾਂ ਰੇਤ ਮਹਿੰਗੇ ਭਾਅ ’ਤੇ ਮੁਸ਼ਕਲ ਨਾਲ ਅਤੇ ਨਸ਼ੇ ਬਾਜ਼ਾਰ ’ਚ ਆਸਾਨੀ ਨਾਲ ਮਿਲ ਜਾਂਦੇ ਸਨ।

ਇਥੇ ਧਰਮਕੋਟ ਸਬ ਡਿਵੀਜ਼ਨ ਅਧੀਨ ਪਿੰਡ ਸੰਘੇੜਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਸੂਬੇ ਵਿਚੋਂ ਮਾਫ਼ੀਆ ਰਾਜ ਦਾ ਖ਼ਾਤਮਾ ਤੇ ਲੋਕਾਂ ਦਾ ਰਾਜ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਪਿਛਲੀਆਂ ਸਰਕਾਰਾਂ ਸਮੇਂ ਵਧੇ-ਫੁਲੇ ਰੇਤ ਮਾਫ਼ੀਆ ਨੂੰ ਜੜ੍ਹੋਂ ਉਖਾੜ ਦਿੱਤਾ ਹੈ। ਹੁਣ ਸੂਬੇ ਭਰ ਵਿੱਚ ਚੱਲ ਰਹੀਆਂ ਜਨਤਕ ਖੱਡਾਂ ਦੀ ਗਿਣਤੀ ਵਧ ਕੇ 55 ਹੋ ਗਈ ਹੈ ਅਤੇ ਜਲਦੀ 150 ਜਨਤਕ ਖੱਡਾਂ ਨੂੰ ਕਾਰਜਸ਼ੀਲ ਕੀਤਾ ਜਾ ਰਿਹਾ ਹੈ। ਇਨ੍ਹਾਂ ਖੱਡਾਂ ਵਿੱਚ ਕੇਵਲ ਹੱਥਾਂ ਨਾਲ ਹੀ ਰੇਤੇ ਦੀ ਖੁਦਾਈ ਕਰਨ ਦੀ ਆਗਿਆ ਹੋਵੇਗੀ। ਉਨ੍ਹਾਂ ਦੱਸਿਆ ਕਿ ਰੇਤ ਦੀ ਵਿਕਰੀ ਸੂਰਜ ਡੁੱਬਣ ਤੱਕ ਹੀ ਹੋਵੇਗੀ ਅਤੇ ਹਰੇਕ ਜਨਤਕ ਮਾਈਨਿੰਗ ਵਾਲੀ ਥਾਂ ’ਤੇ ਰੇਤ ਦੀ ਨਿਕਾਸੀ ਲਈ ਇੱਕ ਸਰਕਾਰੀ ਅਧਿਕਾਰੀ ਹਮੇਸ਼ਾ ਮੌਜੂਦ ਰਹੇਗਾ। ਉਨ੍ਹਾਂ ਕਿਹਾ ਕਿ ਮੋਬਾਈਲ ਐਪ ਰਾਹੀਂ ਸਭ ਤੋਂ ਨੇੜਲੀ ਖੱਡ ਬਾਰੇ ਜਾਣਕਾਰੀ ਮਿਲ ਜਾਵੇਗੀ। ਲੋਕਾਂ ਨੂੰ ਟਰੈਕਟਰ-ਟਰਾਲੀ ਨਾਲ ਲੇਬਰ ਲਿਜਾਣੀ ਹੋਵੇਗੀ ਅਤੇ ਲੇਬਰ ਨਾ ਹੋਣ ’ਤੇ ਖੱਡਾਂ ’ਤੇ ਵੀ ਲੇਬਰ ਮੁਹੱਈਆ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਖੱਡਾਂ ’ਚ ਟਿੱਪਰਾਂ ਅਤੇ ਜੇਸੀਬੀ ਨੂੰ ਲਿਜਾਣ ਦੀ ਆਗਿਆ ਨਹੀਂ ਹੋਵੇਗੀ। ਸਰਕਾਰ ਦਾ ਕੋਈ ਮੰਤਰੀ, ਵਿਧਾਇਕ, ਨੁਮਾਇੰਦਾ ਜਾਂ ਪਾਰਟੀ ਆਗੂ ਇਸ ਕੰਮ ’ਚ ਦਖ਼ਲ ਨਹੀਂ ਦੇਵੇਗਾ। ਉਨ੍ਹਾਂ ਪਿਛਲੀਆਂ ਸਰਕਾਰਾਂ ਉੱਤੇ ਰੇਤ ਮਾਫ਼ੀਆ ਦੀ ਪੁਸ਼ਤਪਨਾਹੀ ਦਾ ਦੋਸ਼ ਲਾਉਂਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੂੰ ਇਸ ਮੁੱਦੇ ’ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੀ ਵਿੱਤੀ ਹਾਲਤ ਮੁੜ ਲੀਹ ’ਤੇ ਲਿਆਂਦੀ ਜਾਵੇਗੀ। ਕਿਸੇ ਵੀ ਦਾਗੀ ਵਿਅਕਤੀ ਨੂੰ ਉਨ੍ਹਾਂ ਦੀ ਸਰਕਾਰ ਅਧੀਨ ਕਿਸੇ ਵੀ ਸਰੋਤ ਤੋਂ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।