ਮੇਰੇ ਖ਼ਿਲਾਫ਼ ਪੋਸਟਰ ਲਾਉਣ ਵਾਲਿਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ: ਕੇਜਰੀਵਾਲ

ਮੇਰੇ ਖ਼ਿਲਾਫ਼ ਪੋਸਟਰ ਲਾਉਣ ਵਾਲਿਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ: ਕੇਜਰੀਵਾਲ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਲਗਾਏ ਗਏ ਪੋਸਟਰਾਂ ਤੋਂ ਉਨ੍ਹਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੈ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾਵਾਂ ਨੇ ਕੌਮੀ ਰਾਜਧਾਨੀ ਵਿੱਚ ‘‘ਕੇਜਰੀਵਾਲ ਹਟਾਓ, ਦਿੱਲੀ ਬਚਾਓ’’ ਦੇ ਪੋਸਟਰ ਲਗਾਏ ਹਨ। ਦਿੱਲੀ ਵਿੱਚ ‘ਮੋਦੀ ਹਟਾਓ, ਦੇਸ਼ ਬਚਾਓ’ ਦੇ ਪੋਸਟਰ ਲਗਣ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਦਿੱਲੀ ਪੁਲੀਸ ਨੇ ਮੋਦੀ ਖ਼ਿਲਾਫ਼ ਪੋਸਟਰ ਲਗਾਉਣ ਦੇ ਮਾਮਲੇ ਵਿੱਚ 49 ਮਾਮਲੇ ਦਰਜ ਕੀਤੇ ਹਨ ਅਤੇ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕੇਜਰੀਵਾਲ ਨੇ ਟਵੀਟ ਕੀਤਾ, ‘‘ਦਿੱਲੀ ਵਿੱਚ ਇਨ੍ਹਾਂ ਲੋਕਾਂ ਨੇ ਮੇਰੇ ਖ਼ਿਲਾਫ਼ ਪੋਸਟਰ ਲਗਾਏ ਹਨ। ਮੈਨੂੰ ਇਸ ਤੋਂ ਕੋਈ ਪ੍ਰੇਸ਼ਾਨੀ ਨਹੀਂ ਹੈ। ਜਨਤੰਤਰ ਵਿੱਚ ਜਨਤਾ ਨੂੰ ਆਪਣੇ ਨੇਤਾ ਦੇ ਪੱਖ ਤੇ ਵਿਰੋਧ ਵਿੱਚ ਆਪਣੇ ਵਿਚਾਰ ਰੱਖਣ ਦਾ ਪੂਰਾ ਅਧਿਕਾਰ ਹੈ। ਮੇਰੇ ਖ਼ਿਲਾਫ਼ ਪੋਸਟਰ ਲਗਾਉਣ ਵਾਲਿਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ।’’