ਯਮੁਨਾ ਦੇ ਪਾਣੀ ਦਾ ਪੱਧਰ ਮੁੜ ਖ਼ਤਰੇ ਦੇ ਨਿਸ਼ਾਨ ’ਤੇ

ਯਮੁਨਾ ਦੇ ਪਾਣੀ ਦਾ ਪੱਧਰ ਮੁੜ ਖ਼ਤਰੇ ਦੇ ਨਿਸ਼ਾਨ ’ਤੇ

ਨਵੀਂ ਦਿੱਲੀ- ਕੌਮੀ ਰਾਜਧਾਨੀ ਵਿੱਚ ਯਮੁਨਾ ਨਹਿਰ ਦੇ ਪਾਣੀ ਦਾ ਪੱਧਰ ਅੱਜ ਮੁੜ ਖਤਰੇ ਦੇ ਨਿਸ਼ਾਨ ਤੋਂ ਉਪਰ ਵਹਿ ਰਿਹਾ ਹੈ। ਉਤਰਾਖੰਡ ਤੇ ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਮਗਰੋਂ ਹਥਨੀਕੁੰਡ ਬੈਰਾਜ ਤੋਂ ਪਾਣੀ ਛੱਡੇ ਜਾਣ ਕਾਰਨ ਯਮੁਨਾ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਪਾਣੀ ਦਾ ਪੱਧਰ ਵਧਣ ਕਾਰਨ ਕੌਮੀ ਰਾਜਧਾਨੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਦੇ ਮੁੜ ਵਸੇਬੇ ਦੇ ਕੰਮ ’ਤੇ ਅਸਰ ਪੈ ਸਕਦਾ ਹੈ। ਵਿੱਤ ਮੰਤਰੀ ਆਤਿਸ਼ੀ ਨੇ ਸ਼ਨਿੱਚਰਵਾਰ ਨੂੰ ਕਿਹਾ ਸੀ ਕਿ ਹਥਨੀਕੁੰਡ ਬੈਰਜਾ ਤੋਂ ਯਮੁਨਾ ਨਹਿਰ ਵਿੱਚ ਦੋ ਲੱਖ ਕਿਊਸਿਕ ਤੋਂ ਵੱਧ ਪਾਣੀ ਛੱਡਣ ਕਾਰਨ ਹੜ੍ਹ ਦੇ ਖ਼ਤਰੇ ਦੇ ਮੱਦੇਨਜ਼ਰ ਦਿੱਲੀ ਸਰਕਾਰ ਹਾਈ ਅਲਰਟ ’ਤੇ ਹੈ। ਕੇਂਦਰੀ ਜਲ ਕਮਿਸ਼ਨ (ਸੀਡਬਲਿਊਸੀ) ਦੇ ਅੰਕੜਿਆਂ ਮੁਤਾਬਕ, ਯਮੁਨਾ ਦੇ ਪਾਣੀ ਦਾ ਪੱਧਰ ਸ਼ਨਿਚਰਵਾਰ ਰਾਤ ਦਸ ਵਜੇ 205.02 ਮੀਟਰ ਤੋਂ ਵੱਧ ਕੇ ਅੱਜ ਸਵੇਰੇ ਨੌਂ ਵਜੇ 205.96 ਮੀਟਰ ਤੱਕ ਪਹੁੰਚ ਗਿਆ ਹੈ ਅਤੇ ਸ਼ਾਮ ਚਾਰ ਵਜੇ ਤੱਕ 206.7 ਮੀਟਰ ਤੱਕ ਪਹੁੰਚਣ ਦੀ ਸੰਭਾਵਨਾ ਹੈ।