ਰਾਜਪਾਲ ਵੱਲੋਂ ਹੁਣ ਪੀਏਯੂ ਦੇ ਉਪ ਕੁਲਪਤੀ ਨੂੰ ਹਟਾਉਣ ਦੇ ਹੁਕਮ

ਰਾਜਪਾਲ ਵੱਲੋਂ ਹੁਣ ਪੀਏਯੂ ਦੇ ਉਪ ਕੁਲਪਤੀ ਨੂੰ ਹਟਾਉਣ ਦੇ ਹੁਕਮ

ਚੰਡੀਗੜ੍-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਰੀਬ ਤਿੰਨ ਮਹੀਨੇ ਮਗਰੋਂ ਪੰਜਾਬ ਖੇਤੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੂੰ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਉੱਘੇ ਖੋਜਾਰਥੀ ਡਾ. ਗੋਸਲ ਦੀ ਨਿਯੁਕਤੀ 19 ਅਗਸਤ ਨੂੰ ਹੋਈ ਸੀ। ਇਨ੍ਹਾਂ ਹੁਕਮਾਂ ਨਾਲ ਮੁੱਖ ਮੰਤਰੀ ਅਤੇ ਰਾਜਪਾਲ ਦਰਮਿਆਨ ਚੱਲ ਰਹੀ ਠੰਢੀ ਜੰਗ ਹੋਰ ਤੇਜ਼ ਹੋ ਗਈ ਹੈ। ਇਸ ਤੋਂ ਪਹਿਲਾਂ ਰਾਜਪਾਲ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਜ਼ ਦੇ ਨਵੇਂ ਉਪ ਕੁਲਪਤੀ ਡਾ.ਗੁਰਪ੍ਰੀਤ ਸਿੰਘ ਵਾਂਦਰ ਦੀ ਫਾਈਲ ਵੀ ਵਾਪਸ ਮੋੜ ਚੁੱਕੇ ਹਨ। ਪੰਜਾਬ ਖੇਤੀ ’ਵਰਸਿਟੀ ਦੇ ਪ੍ਰਬੰਧਕੀ ਬੋਰਡ ਦੀ 19 ਅਗਸਤ ਨੂੰ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਸੀ, ਜਿਸ ਵਿਚ ਸਰਬਸੰਮਤੀ ਨਾਲ ਡਾ. ਸਤਬੀਰ ਸਿੰਘ ਗੋਸਲ ਨੂੰ ਉਪ ਕੁਲਪਤੀ ਲਾਉਣ ਦਾ ਫ਼ੈਸਲਾ ਹੋਇਆ ਸੀ। ਕਰੀਬ ਤਿੰਨ ਮਹੀਨੇ ਮਗਰੋਂ ਰਾਜਪਾਲ ਨੇ ਇਸ ਨਿਯੁਕਤੀ ਨੂੰ ਰੱਦ ਕਰ ਦਿੱਤਾ ਹੈ। ਰਾਜਪਾਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਹੈ ਕਿ ਪੰਜਾਬ ਖੇਤੀ ’ਵਰਸਿਟੀ ਦੇ ਉਪ ਕੁਲਪਤੀ ਦੀ ਨਿਯੁਕਤੀ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੇ ਨੇਮਾਂ ਦੀ ਉਲੰਘਣਾ ਕਰ ਕੇ ਅਤੇ ਉਨ੍ਹਾਂ ਦੀ ਪ੍ਰਵਾਨਗੀ ਤੋਂ ਬਿਨਾਂ ਕੀਤੀ ਗਈ ਹੈ।

ਰਾਜਪਾਲ ਨੇ ਇਸ ਨੂੰ ਗ਼ੈਰਕਾਨੂੰਨੀ ਕਦਮ ਦੱਸਿਆ ਹੈ ਜਿਸ ਬਾਰੇ ਕੋਈ ਵੀ ਦਲੀਲ ਸਵੀਕਾਰਯੋਗ ਨਹੀਂ ਹੈ। ਰਾਜਪਾਲ ਨੇ ਮੁੱਖ ਮੰਤਰੀ ਨੂੰ ਕਿਹਾ ਹੈ ਕਿ ਗ਼ੈਰਕਾਨੂੰਨੀ ਤੌਰ ’ਤੇ ਨਿਯੁਕਤ ਕੀਤੇ ਉਪ ਕੁਲਪਤੀ ਨੂੰ ਬਿਨਾਂ ਕਿਸੇ ਦੇਰੀ ਤੋਂ ਤੁਰੰਤ ਹਟਾ ਕੇ ਅਹੁਦੇ ਦਾ ਚਾਰਜ ਨਵੀਂ ਨਿਯੁਕਤੀ ਹੋਣ ਤੱਕ ਖੇਤੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਨੂੰ ਸੌਂਪਿਆ ਜਾਵੇ। ਰਾਜਪਾਲ ਨੇ ਕਿਹਾ ਕਿ ਉਨ੍ਹਾਂ ਦੀ ਸਲਾਹ ਨਾਲ ਨਵੇਂ ਉਪ ਕੁਲਪਤੀ ਦੀ ਨਿਯੁਕਤੀ ਦਾ ਅਮਲ ਸ਼ੁਰੂ ਕੀਤਾ ਜਾਵੇ। ਉਨ੍ਹਾਂ ਮਸਲੇ ਨੂੰ ਸੰਜੀਦਗੀ ਨਾਲ ਲੈਣ ਦੀ ਸਲਾਹ ਵੀ ਦਿੱਤੀ। ਰਾਜਪਾਲ ਦੀ ਚਿੱਠੀ ਨਾਲ ਹੁਣ ‘ਆਪ’ ਤੇ ਭਾਜਪਾ ਦਰਮਿਆਨ ਟਕਰਾਅ ਵਧਣ ਦੀ ਸੰਭਾਵਨਾ ਬਣ ਗਈ ਹੈ। ਰਾਜਪਾਲ ਨੇ ਪਹਿਲਾਂ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏ ਜਾਣ ’ਤੇ ਉਂਗਲ ਚੁੱਕੀ ਸੀ। ਰਾਜਪਾਲ ਨੇ ਰਾਸ਼ਟਰਪਤੀ ਦੇ ਚੰਡੀਗੜ੍ਹ ਦੌਰੇ ਸਮੇਂ ਮੁੱਖ ਮੰਤਰੀ ਦੀ ਗ਼ੈਰਹਾਜ਼ਰੀ ਨੂੰ ਲੈ ਕੇ ਵੀ ਜਨਤਕ ਤੌਰ ’ਤੇ ਆਲੋਚਨਾ ਕੀਤੀ ਸੀ। ਪੰਜਾਬ ਖੇਤੀ ’ਵਰਸਿਟੀ ਨੂੰ ਕਰੀਬ ਸਾਢੇ 13 ਮਹੀਨਿਆਂ ਮਗਰੋਂ ਰੈਗੂਲਰ ਵਾਈਸ ਚਾਂਸਲਰ ਮਿਲਿਆ ਹੈ। ਪੀਏਯੂ ਟੀਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਐਚ.ਐਚ.ਕਿੰਗਰਾ ਨੇ ਕਿਹਾ ਕਿ ਲੰਮੇ ਸਮੇਂ ਮਗਰੋਂ ’ਵਰਸਿਟੀ ਨੂੰ ਵੀਸੀ ਮਿਲਿਆ ਹੈ ਅਤੇ ਇਹ ਨਿਯੁਕਤੀ ਸਿਆਸਤ ਦੀ ਭੇਟ ਨਹੀਂ ਚੜ੍ਹਨੀ ਚਾਹੀਦੀ ਹੈ।