ਰਾਮ ਤੀਰਥ ’ਤੇ ਵਾਲਮੀਕਿ ਜੈਅੰਤੀ ਉਤਸ਼ਾਹ ਨਾਲ ਮਨਾਈ

ਪੰਜਾਬ ਸਰਕਾਰ ਨੇ ਰਾਜ ਪੱਧਰੀ ਸਮਾਗਮ ਕਰਵਾਇਆ; ਸੰਸਕ੍ਰਿਤ ਦੇ ਪਿਤਾਮਾ ਸਨ ਭਗਵਾਨ ਵਾਲਮੀਕਿ: ਮੀਤ ਹੇਅਰ
ਅੰਮ੍ਰਿਤਸਰ – ਭਗਵਾਨ ਵਾਲਮੀਕਿ ਦੀ ਜੈਅੰਤੀ ਅੱਜ ਇੱਥੇ ਇਤਿਹਾਸਕ ਰਾਮ ਤੀਰਥ ਵਿਖੇ ਸ਼ਰਧਾ ਨਾਲ ਮਨਾਈ ਗਈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਪਣੀ ਪੀੜ੍ਹੀ ਨੂੰ ਸਿੱਖਿਆ ਦੇ ਖੇਤਰ ਵਿੱਚ ਕਾਮਯਾਬ ਕਰਨਾ ਹੀ ਉਨ੍ਹਾਂ ਮਹਾਪੁਰਖਾਂ ਨੂੰ ਸੱਚੀ ਸ਼ਰਧਾਂਜਲੀ ਹੈ। ਸ੍ਰੀ ਮੀਤ ਹੇਅਰ ਨੇ ਕਿਹਾ ਕਿ ਭਗਵਾਨ ਵਾਲਮੀਕਿ ਸੰਸਕ੍ਰਿਤ ਭਾਸ਼ਾ ਦੇ ਪਿਤਾਮਾ ਸਨ ਅਤੇ ਦੁਨੀਆਂ ਦੇ ਪਹਿਲੇ ਕਵੀ ਜਾਂ ਆਦਿ ਕਵੀ ਸਨ, ਜਿਨ੍ਹਾਂ ਨੇ ਆਪਣੀ ਅਮਰ ਰਚਨਾ ਰਾਮਾਇਣ ਰਾਹੀਂ ਬਦੀ ’ਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੱਤਾ। ਇਸ ਮਹਾਨ ਮਹਾਕਾਵਿ ਨੇ ਲੋਕਾਂ ਨੂੰ ਸਦੀਆਂ ਤੱਕ ਜੀਵਨ ਜਾਚ ਸਿਖਾਈ ਹੈ ਅਤੇ ਮੌਜੂਦਾ ਪਦਾਰਥਵਾਦੀ ਸਮਾਜ ਵਿਚ ਨੈਤਿਕ ਜ਼ਿੰਦਗੀ ਜਿਊਣ ਅਤੇ ਕਦਰਾਂ ਕੀਮਤਾਂ ਦਾ ਇਕ ਚਾਨਣ ਮੁਨਾਰਾ ਹੈ। ਇਸ ਦੌਰਾਨ ਕਈ ਹੋਰ ਕੈਬਨਿਟ ਮੰਤਰੀਆਂ ਵੱਲੋਂ ਵੀ ਇਸ ਅਸਥਾਨ ’ਤੇ ਮੱਥਾ ਟੇਕਿਆ ਗਿਆ।

ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਮਾਮਲੇ ’ਚ ਸਖਤੀ ਨਾਲ ਕਾਰਵਾਈ ਕਰ ਰਹੀ ਹੈ। ਇਸ ਤੋਂ ਪਹਿਲਾਂ ਸਮਾਗਮ ਦੌਰਾਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਲੋਕਾਂ ਨੂੰ ਭਗਵਾਨ ਵਾਲਮੀਕਿ ਦੁਆਰਾ ਦਿਖਾਏ ਉੱਚ ਆਦਰਸ਼ਾਂ ’ਤੇ ਚੱਲਣ ਲਈ ਪ੍ਰੇਰਿਆ ਤਾਂ ਜੋ ਇੱਕ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਹੋ ਸਕੇ। ਇੰਦਰਬੀਰ ਸਿੰਘ ਨਿੱਝਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਨੂੰ ਸਿੱਖਿਅਤ ਕਰਨ ਲਈ ਅੱਗੇ ਆਉਣ ਅਤੇ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਲਈ ਤਿਆਰ ਹੈ। ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਬਿਹਤਰੀ ਲਈ ਯਤਨਸ਼ੀਲ ਹੈ। ਇਸ ਮੌਕੇ ਸੰਤ ਸਮਾਜ ਨੇ ਆਏ ਮਹਿਮਾਨਾਂ ਦਾ ਸਨਮਾਨ ਕੀਤਾ।

ਹਰਭਜਨ ਸਿੰਘ ਈਟੀਓ ਨੇ ਸਵਾਗਤੀ ਗੇਟ ਦਾ ਨੀਂਹ ਪੱਥਰ ਰੱਖਿਆ

ਰਾਜ ਪੱਧਰੀ ਸਮਾਗਮ ਮਗਰੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਗਵਾਲ ਮੰਡੀ ਚੌਕ ਉੱਤੇ ਭਗਵਾਨ ਵਾਲਮੀਕਿ ਦੇ ਆਸ਼ਰਮ ਨੂੰ ਜਾਂਦੀ ਸੜਕ ’ਤੇ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਵਾਗਤੀ ਗੇਟ ਦਾ ਨੀਂਹ ਪੱਥਰ ਰਖਿਆ। ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਗੇਟ ਦਾ ਨਿਰਮਾਣ ਜਲਦੀ ਹੀ ਪੂਰਾ ਕੀਤਾ ਜਾਵੇਗਾ।