ਲਾਲਪੁਰਾ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਛੇਤੀ ਕਰਵਾਉਣ ਦੀ ਵਕਾਲਤ

ਲਾਲਪੁਰਾ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਛੇਤੀ ਕਰਵਾਉਣ ਦੀ ਵਕਾਲਤ

ਅੰਮ੍ਰਿਤਸਰ- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦੀ ਵਕਾਲਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਚੋਣ ਕਮਿਸ਼ਨ ਨੂੰ ਅਮਲ ਵਿੱਚ ਲਿਆਂਦਾ ਗਿਆ ਹੈ ਅਤੇ ਹੁਣ ਚੋਣ ਕਰਾਉਣ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ। ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਸਬੰਧੀ ਕੇਂਦਰ ਸਰਕਾਰ ’ਤੇ ਲਾਏ ਜਾ ਰਹੇ ਦੋਸ਼ਾਂ ਨੂੰ ਰੱਦ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਵਿਚ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਹੀ ਇਸ ਦਾ ਹੱਲ ਹੈ। ਉਨ੍ਹਾਂ ਕਿਹਾ ਕਿ 1955 ਤੋਂ ਲੈ ਕੇ 1999 ਤੱਕ ਸ਼੍ਰੋਮਣੀ ਕਮੇਟੀ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਬਾਰੇ ਮਤੇ ਪਾਸ ਕਰ ਰਹੀ ਹੈ ਪਰ ਹੁਣ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਇਸ ਮੁੱਦੇ ਨੂੰ ਠੰਢੇ ਬਸਤੇ ਵਿੱਚ ਪਾ ਦਿੱਤਾ ਹੈ।

ਚੇਅਰਮੈਨ ਲਾਲਪੁਰਾ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਬਟਾਲਾ (ਖੇਤਰੀ ਪ੍ਰਤੀਨਿਧ): ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਅਧੀਨ ਚੱਲ ਰਹੀਆਂ ਸਕੀਮਾਂ ਬਾਰੇ ਸਥਾਨਕ ਅਧਿਕਾਰੀਆਂ ਨਾਲ ਬਟਾਲਾ ਕਲੱਬ ਵਿੱਚ ਮੀਟਿੰਗ ਕੀਤੀ। ਮੀਟਿੰਗ ਵਿੱਚ ਚੇਅਰਮੈਨ ਲਾਲਪੁਰ ਨੇ ਅਧਿਕਾਰੀਆਂ ਨੂੰ ਘੱਟ ਗਿਣਤੀ ਵਰਗ ਦੀ ਭਲਾਈ ਲਈ ਚੱਲ ਰਹੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਦੀ ਹਦਾਇਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਸਕੀਮਾਂ ਸਬੰਧੀ ਰੈਗੂਲਰ ਮੀਟਿੰਗ ਕਰਨ ਲਈ ਕਿਹਾ ਤਾਂ ਜੋ ਇਨ੍ਹਾਂ ਵੱਖ-ਵੱਖ ਸਕੀਮਾਂ ਨੂੰ ਹੋਰ ਵਧੇਰੇ ਕਾਰਗਰ ਤਰੀਕੇ ਨਾਲ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਮੀਟਿੰਗ ਦੌਰਾਨ ਚੇਅਰਮੈਨ ਲਾਲਪੁਰਾ ਵੱਲੋਂ ਸਿੱਖਿਆ, ਰੁਜ਼ਗਾਰ, ਹਾਊਸਿੰਗ, ਲਾਅ ਐਂਡ ਆਰਡਰ ਸਮੇਤ ਵੱਖ-ਵੱਖ ਸਕੀਮਾਂ ਦੀ ਸਮੀਖਿਆ ਕੀਤੀ ਗਈ। ਐੱਸਡੀਐੱਮ ਡਾ. ਸ਼ਾਇਰੀ ਭੰਡਾਰੀ ਨੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਦੱਸਿਆ ਕਿ ਲੋਕਾਂ ਨੂੰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਜ਼ਿਲ੍ਹੇ ਵਿੱਚ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ।