ਲੋਕ ਸਭਾ ਚੋਣਾਂ ਤੋਂ ਪਹਿਲਾਂ ਲਾਗੂ ਹੋਵੇਗਾ ਸੀਏਏ: ਸ਼ਾਹ

ਲੋਕ ਸਭਾ ਚੋਣਾਂ ਤੋਂ ਪਹਿਲਾਂ ਲਾਗੂ ਹੋਵੇਗਾ ਸੀਏਏ: ਸ਼ਾਹ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਇੱਥੇ ਕਿਹਾ ਕਿ ਨਾਗਰਿਕਤਾ ਸੋਧ ਐਕਟ (ਸੀਏਏ) ਲਾਗੂ ਕਰਨ ਦੇ ਨਿਯਮ ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਜਾਰੀ ਕੀਤੇ ਜਾਣਗੇ ਅਤੇ ਲਾਭਪਾਤਰੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਦੀ ਪ੍ਰਕਿਰਿਆ ਇਸ ਤੋਂ ਬਾਅਦ ਜਲਦੀ ਹੀ ਸ਼ੁਰੂ ਕੀਤੀ ਜਾਵੇਗੀ। ਮੋਦੀ ਸਰਕਾਰ ਸੀਏਏ ਤਹਿਤ ਬੰਗਲਾਦੇਸ਼, ਪਾਕਿਸਤਾਨ ਤੇ ਅਫਗਾਨਿਸਤਾਨ ਵਿਚ ਤਸ਼ੱਦਦ ਦੇ ਸ਼ਿਕਾਰ ਉਨ੍ਹਾਂ ਗ਼ੈਰ ਮੁਸਲਿਮ ਸ਼ਰਨਾਰਥੀਆਂ (ਹਿੰਦੂ, ਸਿੱਖ, ਜੈਨੀ, ਬੋਧੀ, ਪਾਰਸੀ ਤੇ ਈਸਾਈ) ਨੂੰ ਭਾਰਤੀ ਨਾਗਰਿਕਤਾ ਦੇਣਾ ਚਾਹੁੰਦੀ ਹੈ ਜੋ 31 ਦਸੰਬਰ 2014 ਤੱਕ ਭਾਰਤ ਆਏ ਸਨ। ਸ਼ਾਹ ਨੇ ਇਹ ਦਾਅਵਾ ਵੀ ਕੀਤਾ ਕਿ ਆਮ ਚੋਣਾਂ ’ਚ ਭਾਜਪਾ ਨੂੰ 370 ਤੇ ਉਸ ਦੀ ਅਗਵਾਈ ਹੇਠਲੇ ਐੱਨਡੀਏ ਨੂੰ 400 ਤੋਂ ਵੱਧ ਸੀਟਾਂ ਮਿਲਣਗੀਆਂ ਅਤੇ ਕੇਂਦਰ ’ਚ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਬਣੇਗੀ।

ਸ਼ਾਹ ਨੇ ਈਟੀ ਨਾਓ ਗਲੋਬਲ ਬਿਜ਼ਨਸ ਸੰਮੇਲਨ 2024 ਨੂੰ ਸੰਬੋਧਨ ਕਰਦਿਆਂ ਕਿਹਾ, ‘ਸੀਏਏ ਦੇਸ਼ ਦਾ ਕਾਨੂੰਨ ਹੈ ਅਤੇ ਇਸ ਦਾ ਨੋਟੀਫਿਕੇਸ਼ਨ ਜ਼ਰੂਰ ਜਾਰੀ ਹੋਵੇਗਾ। ਇਸ ਨੂੰ ਚੋਣਾਂ ਤੋਂ ਪਹਿਲਾਂ ਜਾਰੀ ਕੀਤਾ ਜਾਵੇਗਾ। ਇਸ ਬਾਰੇ ਕਿਸੇ ਨੂੰ ਭਰਮ ਨਹੀਂ ਹੋਣਾ ਚਾਹੀਦਾ।’ ਉਨ੍ਹਾਂ ਕਿਹਾ ਕਿ ਗੁਆਂਢੀ ਮੁਲਕਾਂ ਦੇ ਤਸ਼ੱਦਦ ਦੇ ਸ਼ਿਕਾਰ ਘੱਟ ਗਿਣਤੀਆਂ ਨੂੰ ਭਾਰਤੀ ਨਾਗਰਿਕਤਾ ਦੇਣਾ ਕਾਂਗਰਸ ਲੀਡਰਸ਼ਿਪ ਦਾ ਵੀ ਵਾਅਦਾ ਸੀ। ਸ਼ਾਹ ਨੇ ਕਿਹਾ, ‘ਜਦੋਂ ਵੰਡ ਹੋਈ ਤਾਂ ਹਿੰਦੂ, ਬੋਧੀ, ਈਸਾਈ, ਸਾਰੇ ਉੱਥੇ ਧਾਰਮਿਕ ਤਸ਼ੱਦਦ ਦਾ ਸਾਹਮਣਾ ਕਰਨ ਮਗਰੋਂ ਭਾਰਤ ਆਉਣਾ ਚਾਹੁੰਦੇ ਸਨ। ਉਨ੍ਹਾਂ (ਕਾਂਗਰਸ) ਇਨ੍ਹਾਂ ਲੋਕਾਂ ਨੂੰ ਨਾਗਰਿਕਤਾ ਦੇਣ ਦਾ ਵਾਅਦਾ ਕੀਤਾ ਸੀ ਅਤੇ ਕਿਹਾ ਸੀ ਕਿ ਤੁਹਾਡਾ ਸਾਰਿਆਂ ਦਾ ਸਵਾਗਤ ਹੈ। ਪਰ (ਕਾਂਗਰਸ) ਨੇਤਾ ਆਪਣੇ ਬਿਆਨ ਤੋਂ ਪਿੱਛੇ ਹਟ ਗਏ।’ ਗ੍ਰਹਿ ਮੰਤਰੀ ਨੇ ਕਿਹਾ ਕਿ ਉਹ ਇਹ ਸਪੱਸ਼ਟ ਕਰਨਾ ਚਾਹੁੰਦੇ ਹਨ ਕਿ ਸੀਏਏ ਕਿਸੇ ਦੀ ਨਾਗਰਿਕਤਾ ਖੋਹਣ ਦਾ ਕਾਨੂੰਨ ਨਹੀਂ ਹੈ। ਉਨ੍ਹਾਂ ਕਿਹਾ, ‘ਸਾਡੇ ਮੁਸਲਿਮ ਭਰਾਵਾਂ ਨੂੰ ਸੀਏਏ ਦੇ ਮੁੱਦੇ ’ਤੇ ਭੜਕਾਇਆ ਜਾ ਰਿਹਾ ਹੈ। ਸੀਏਏ ਰਾਹੀਂ ਕਿਸੇ ਦੀ ਨਾਗਰਿਕਤਾ ਨਹੀਂ ਖੋਹੀ ਜਾ ਸਕਦੀ ਕਿਉਂਕਿ ਇਸ ਕਾਨੂੰਨ ’ਚ ਅਜਿਹੀ ਕੋਈ ਮੱਦ ਨਹੀਂ ਹੈ। ਸੀਏਏ ਉਨ੍ਹਾਂ ਲੋਕਾਂ ਨੂੰ ਨਾਗਰਿਕਤਾ ਦੇਣ ਲਈ ਬਣਾਇਆ ਗਿਆ ਹੈ ਜੋ ਬੰਗਲਾਦੇਸ਼ ਤੇ ਪਾਕਿਸਤਾਨ ਤੋਂ ਧਾਰਮਿਕ ਤਸ਼ੱਦਦ ਦਾ ਸਾਹਮਣਾ ਕਰਕੇ ਆਏ ਹਨ। ਇਸ ਕਾਨੂੰਨ ਦਾ ਕਿਸੇ ਨੂੰ ਵਿਰੋਧ ਨਹੀਂ ਕਰਨਾ ਚਾਹੀਦਾ।’ ਜ਼ਿਕਰਯੋਗ ਹੈ ਕਿ 2019 ’ਚ ਸੰਸਦ ਵੱਲੋਂ ਸੀਏਏ ਪਾਸ ਕੀਤੇ ਜਾਣ ਤੇ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਮਗਰੋਂ ਦੇਸ਼ ਦੇ ਕੁਝ ਹਿੱਸਿਆਂ ਵਿੱਚ ਵੱਡੇ ਪੱਧਰ ’ਤੇ ਰੋਸ ਮੁਜ਼ਾਹਰੇ ਹੋਏ ਸਨ। ਇਸ ਸਬੰਧੀ ਅਧਿਕਾਰੀਆਂ ਨੇ ਕਿਹਾ ਕਿ ਨਿਯਮ ਤਿਆਰ ਹਨ ਤੇ ਆਨਲਾਈਨ ਪੋਰਟਲ ਵੀ ਤਿਆਰ ਹੈ ਕਿਉਂਕਿ ਸਾਰੀ ਪ੍ਰਕਿਰਿਆ ਆਨਲਾਈਨ ਹੋਵੇਗੀ। ਇਸੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ, ‘ਅਸੀਂ (ਸਾਬਕਾ ਰਾਜ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੇ ਸੰਵਿਧਾਨ) ਧਾਰਾ 370 ਰੱਦ ਕਰ ਦਿੱਤੀ ਹੈ। ਇਸ ਲਈ ਸਾਨੂੰ ਭਰੋਸਾ ਹੈ ਕਿ ਦੇਸ਼ ਦੀ ਜਨਤਾ ਭਾਜਪਾ ਨੂੰ 370 ਸੀਟਾਂ ਤੇ ਐੱਨਡੀਏ ਨੂੰ 400 ਤੋਂ ਵੱਧ ਸੀਟਾਂ ’ਤੇ ਜਿਤਾ ਕੇ ਆਪਣਾ ਆਸ਼ੀਰਵਾਦ ਦੇਵੇਗੀ।’ ਰਾਸ਼ਟਰੀ ਲੋਕ ਦਲ, ਸ਼੍ਰੋਮਣੀ ਅਕਾਲੀ ਦਲ ਤੇ ਕੁਝ ਹੋਰ ਪਾਰਟੀਆਂ ਦੇ ਐੱਨਡੀਏ ’ਚ ਸ਼ਾਮਲ ਹੋਣ ਦੀ ਸੰਭਾਵਨਾ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਭਾਜਪਾ ਪਰਿਵਾਰ ਨਿਯੋਜਨ ’ਚ ਵਿਸ਼ਵਾਸ ਰੱਖਦੀ ਹੈ ਪਰ ਇਸ ਨੂੰ ਸਿਆਸਤ ’ਚ ਨਹੀਂ ਅਪਣਾਉਂਦੀ। ਅਕਾਲੀ ਦਲ ਦੇ ਐੱਨਡੀਏ ’ਚ ਸ਼ਾਮਲ ਹੋਣ ਬਾਰੇ ਉਨ੍ਹਾਂ ਕਿਹਾ ਕਿ ਵਾਰਤਾ ਜਾਰੀ ਹੈ ਪਰ ਕੁਝ ਵੀ ਤੈਅ ਨਹੀਂ ਹੋਇਆ ਹੈ। ਚੋਣਾਂ ਐੱਨਡੀਏ ਤੇ ‘ਇੰਡੀਆ’ ਵਿਚਾਲੇ ਨਹੀਂ ਬਲਕਿ ਵਿਕਾਸ ਤੇ ਮਹਿਜ਼ ਨਾਅਰੇ ਦੇਣ ਵਾਲਿਆਂ ਵਿਚਾਲੇ ਹੋਣਗੀਆਂ।