ਲੋਹੜੀ ਮੌਕੇ ਨਵਜੰਮੀਆਂ ਬੱਚੀਆਂ ਤੇ ਮੱਲਾਂ ਮਾਰਨ ਵਾਲੀਆਂ ਧੀਆਂ ਦਾ ਸਨ

ਲੋਹੜੀ ਮੌਕੇ ਨਵਜੰਮੀਆਂ ਬੱਚੀਆਂ ਤੇ ਮੱਲਾਂ ਮਾਰਨ ਵਾਲੀਆਂ ਧੀਆਂ ਦਾ ਸਨ

ਕੈਬਨਿਟ ਮੰਤਰੀ ਬਲਜੀਤ ਕੌਰ ਵੱਲੋਂ ਮਾਪਿਆਂ ਨੂੰ ਧੀਆਂ ਦਾ ਪੁੱਤਾਂ ਵਾਂਗ ਮਾਣ ਸਨਮਾਨ ਕਰਨ ਦੀ ਅਪੀਲ
ਬਠਿੰਡਾ- ਇੱਥੇ ਅੱਜ ਰਾਜਿੰਦਰਾ ਕਾਲਜ ਵਿੱਚ ‘ਧੀਆਂ ਦੀ ਲੋਹੜੀ’ ਦਾ ਰਾਜ ਪੱਧਰੀ ਸਮਾਗਮ ਹੋਇਆ। ਇਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਉਨ੍ਹਾਂ 51 ਨਵ-ਜਨਮੀਆਂ ਬੱਚੀਆਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ’ਚ ਨਾਮ ਰੌਸ਼ਨ ਕਰਨ ਵਾਲੀਆਂ ਲੜਕੀਆਂ ਨੂੰ ਸਨਮਾਨਿਤ ਕੀਤਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਅਜੋਕੇ ਸਮੇਂ ਲੜਕੀਆਂ ਕਿਸੇ ਵੀ ਖੇਤਰ ’ਚ ਲੜਕਿਆਂ ਨਾਲੋਂ ਘੱਟ ਨਹੀਂ, ਇਸ ਲਈ ਮਾਪਿਆਂ ਦਾ ਫਰਜ਼ ਬਣਦਾ ਹੈ ਕਿ ਉਹ ਪੁੱਤਾਂ ਵਾਂਗ ਧੀਆਂ ਦਾ ਮਾਣ ਸਤਿਕਾਰ ਕਰਨ। ਉਨ੍ਹਾਂ ਲੋਹੜੀ ਦੇ ਪ੍ਰਸੰਗ ’ਚ ਦੁੱਲੇ ਭੱਟੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੁੱਲੇ ਭੱਟੀ ਵੱਲੋਂ ਵੀ ਔਰਤਾਂ ਦੀ ਰਾਖੀ ਨੂੰ ਵਿਸ਼ੇਸ਼ ਪਹਿਲ ਦਿੱਤੀ ਗਈ ਸੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਦਿੱਤੀ ਜਾਣ ਵਾਲੀ ਰਾਸ਼ੀ ਸਬੰਧੀ ਡਾਟਾ ਤਿਆਰ ਹੈ ਅਤੇ ਜਲਦੀ ਹੀ ਇਹ ਰਕਮ ਔਰਤਾਂ ਨੂੰ ਮਿਲਣ ਲੱਗੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਜਲਦੀ ਹੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਆਦਿ ਦੀਆਂ 6000 ਨਵੀਆਂ ਅਸਾਮੀਆਂ ਕੱਢੀਆਂ ਜਾ ਰਹੀਆਂ ਹਨ। ਬਠਿੰਡਾ (ਸ਼ਹਿਰੀ) ਹਲਕੇ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਸਰਕਾਰ ਵੱਲੋਂ ‘ਧੀਆਂ ਦੀ ਲੋਹੜੀ’ ਮਨਾਉਣ ਦੀ ਸ਼ਲਾਘਾ ਕਰਦਿਆਂ, ਸਮਾਜ ਨੂੰ ਧੀਆਂ ਨੂੰ ਪੁੱਤਾਂ ਵਾਂਗ ਸਤਿਕਾਰਨ ਦਾ ਸੱਦਾ ਦਿੱਤਾ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਮਾਧਵੀ ਕਟਾਰੀਆ ਨੇ ਵਿਭਾਗ ਵੱਲੋਂ ਮਹਿਲਾਵਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਲੜਕੀਆਂ ਵੱਲੋਂ ਗਿੱਧੇ ਤੋਂ ਇਲਾਵਾ ਗੱਤਕੇ ਦੇ ਜੌਹਰ ਵੀ ਵਿਖਾਏ ਗਏ। ਇਸ ਮੌਕੇ ਭੁੱਚੋ ਹਲਕੇ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ, ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੀਲ ਗਰਗ, ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ, ਪੰਜਾਬ ਜੰਗਲਾਤ ਵਿਭਾਗ ਦੇ ਚੇਅਰਮੈਨ ਰਾਕੇਸ਼ ਪੁਰੀ, ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ ਐਡਵੋਕੇਟ ਨਵਦੀਪ ਜੀਦਾ, ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ, ਡੀਸੀ ਸ਼ੌਕਤ ਅਹਿਮਦ ਪਰੇ, ਐੱਸਐੱਸਪੀ ਜੇ.ਇਲਨਚੇਲੀਅਨ ਹਾਜ਼ਰ ਸਨ।