ਵਾਤਾਵਰਨ ਦੀ ਸੰਭਾਲ: ਖੇਤੀ ਮੰਤਰੀ ਨੇ ਅਕਾਲ ਤਖ਼ਤ ਦੇ ਜਥੇਦਾਰ ਕੋਲੋਂ ਸਹਿਯੋਗ ਮੰਗਿਆ

ਅਕਾਲ ਤਖ਼ਤ ਸਕੱਤਰੇਤ ਵਿਖੇ ਜਥੇਦਾਰ ਨੂੰ ਮੰਗ ਸੌਂਪਿਆ
ਅੰਮ੍ਰਿਤਸਰ-ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ ਵਾਤਾਵਰਨ ਦੀ ਸਾਂਭ ਸੰਭਾਲ ਲਈ ਸਹਿਯੋਗ ਦੀ ਮੰਗ ਕੀਤੀ ਅਤੇ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿੱਚ ਇਸ ਬਾਰੇ ਜਥੇਦਾਰ ਨੂੰ ਮੰਗ ਪੱਤਰ ਸੌਂਪਿਆ। ਮੁਲਕਾਤ ਦੌਰਾਨ ਖੇਤੀ ਮੰਤਰੀ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਉਹ ਹਵਾ, ਪਾਣੀ ਅਤੇ ਧਰਤੀ ਨੂੰ ਬਚਾਉਣ ਲਈ ਸਹਿਯੋਗ ਦੇਣ, ਜਿਨ੍ਹਾਂ ਨੂੰ ਗੁਰਬਾਣੀ ਵਿੱਚ ਗੁਰੂ, ਪਿਤਾ ਅਤੇ ਮਾਤਾ ਵਜੋਂ ਸਤਿਕਾਰ ਦਿੱਤਾ ਗਿਆ ਹੈ।

ਸ੍ਰੀ ਧਾਲੀਵਾਲ ਨੇ ਕਿਹਾ ਕਿ ਵਾਤਵਰਨ, ਪਾਣੀ ਤੇ ਧਰਤੀ ਨੂੰ ਦੂਸ਼ਤ ਹੋਣ ਤੋਂ ਬਚਾਉਣ ਲਈ ਸਾਰੀਆਂ ਕਿਸਾਨ ਜਥੇਬੰਦੀਆਂ ਤੋਂ ਵੀ ਸਹਿਯੋਗ ਮੰਗਿਆ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਵਾਢੀ ਜਾਰੀ ਹੈ ਅਤੇ ਇਹ ਦਿਨ ਪਰਾਲੀ ਨੂੰ ਸਾਂਭਣ ਵਾਲੇ ਹਨ, ਜਿਸ ਲਈ ਸਰਕਾਰ ਨੇ ਤਕਨੀਕੀ ਸਹਾਇਤਾ ਦੇ ਨਾਲ ਨਾਲ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਵੀ ਮੁਹੱਇਆ ਕਰਵਾ ਦਿੱਤੀ ਹੈ ਪਰ ਹਾਲੇ ਵੀ ਪਰਾਲੀ ਸਾੜਨ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਉਨ੍ਹਾਂ ਨੇ ਕਿਹਾ ਸ੍ਰੀ ਅਕਾਲ ਤਖ਼ਤ ਸਾਡੇ ਲਈ ਸਿਰਮੌਰ ਹੈ ਅਤੇ ਸਾਰੀ ਸਿੱਖ ਕੌਮ ਇਥੋਂ ਜਾਰੀ ਹੋਏ ਹੁਕਮ ਨੂੰ ਖਿੜੇ ਮੱਥੇ ਸਵੀਕਾਰ ਕਰਦੀ ਹੈ। ਇਸ ਲਈ ਅੱਜ ਉਨ੍ਹਾਂ ਮੁੱਖ ਮੰਤਰੀ ਦੀ ਤਰਫੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਮਿਲਕੇ ਇਸ ਗੰਭੀਰ ਮੁੱਦੇ ਉਤੇ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

ਇਥੇ ਦੱਸਣਯੋਗ ਹੈ ਕਿ ਐਤਵਾਰ ਨੂੰ ਭਾਜਪਾ ਆਗੂ ਤੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਅੰਮ੍ਰਿਤਸਰ ਵਿੱਚ ਖੇਤਾਂ ਦੀ ਰਹਿੰਦ ਖੂੰਹਦ ਸਾੜੇ ਜਾਣ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਸਾਂਝੀ ਕਰਦਿਆਂ ‘ਆਪ’ ਸਰਕਾਰ ਨੂੰ ਇਸ ਮਾਮਲੇ ’ਤੇ ਆੜੇ ਹੱਥੀ ਲਿਆ ਸੀ।

ਇਸੇ ਦੌਰਾਨ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੱਸਿਆ ਕਿ ਹੁਣ ਤੱਕ ਸਾਡੀਆਂ ਟੀਮਾਂ ਉਪਗ੍ਰਹਿ ਰਾਹੀਂ ਅੱਗ ਲੱਗਣ ਦੀ ਸੂਚਨਾ ਮਿਲਣ ਵਾਲੇ 312 ਸਥਾਨਾਂ ਗਈਆਂ ਹਨ, ਜਿਨ੍ਹਾਂ ਵਿਚੋਂ 131 ਖੇਤਾਂ ਵਿੱਚ ਅੱਗ ਲੱਗਣ ਦੀ ਪੁਸ਼ਟੀ ਹੋਈ ਅਤੇ ਉਕਤ ਕਿਸਾਨਾਂ ਨੂੰ ਜੁਰਮਾਨਾ ਕੀਤਾ ਗਿਆ। ਉਨ੍ਹਾਂ ਕਿਸਾਨਾਂ ਨੂੰ ਚੌਕਸ ਕਰਦੇ ਕਿਹਾ ਕਿ ਜੋ ਵੀ ਪਰਾਲੀ ਸਾੜੇਗਾ, ਕਾਨੂੰਨੀ ਕਾਰਵਾਈ ਹੋਵੇਗੀ। ਡੀਸੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰ ਵੱਲੋਂ ਸਬਸਿਡੀ ਉੱਪਰ ਖੇਤੀ ਮਸ਼ੀਨਰੀ ਉਪਲੱਬਧ ਕਰਵਾਈ ਗਈ ਹੈ ਅਤੇ ਇਸ ਤੋਂ ਇਲਾਵਾ ਧਾਰਾ 144 ਤਹਿਤ ਇਹ ਵੀ ਹੁਕਮ ਜਾਰੀ ਕੀਤੇ ਗਏ ਹਨ।