ਵਾਸ਼ਿੰਗਟਨ: ਭਾਰਤੀ-ਅਮਰੀਕੀ ਭਾਈਚਾਰੇ ਨੇ ਮਨਾਇਆ ‘ਵੀਰ ਬਾਲ ਦਿਵਸ’

ਵਾਸ਼ਿੰਗਟਨ: ਭਾਰਤੀ-ਅਮਰੀਕੀ ਭਾਈਚਾਰੇ ਨੇ ਮਨਾਇਆ ‘ਵੀਰ ਬਾਲ ਦਿਵਸ’

ਵਾਸ਼ਿੰਗਟਨ- ਇਥੇ ਭਾਰਤੀ-ਅਮਰੀਕੀ ਭਾਈਚਾਰੇ ਨੇ ਪਹਿਲਾ ‘ਵੀਰ ਬਾਲ ਦਿਵਸ’ ਮਨਾਇਆ ਅਤੇ 10ਵੇਂ ਸਿੱਖ ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਗੁਰੂ ਗੋਬਿੰਦ ਸਿੰਘ ਦੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਂਦਾ ਹੈ। ਇਸ ਸਾਲ 9 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ।
ਭਾਰਤੀ ਦੂਤਘਰ ਵੱਲੋਂ ਸੋਮਵਾਰ ਨੂੰ ਇੱਥੇ ਆਪਣੇ ਕੰਪਲੈਕਸ ਵਿੱਚ ਸਮਾਗਮ ਦੌਰਾਨ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਬਾਰੇ ਡਿਜੀਟਲ ਪ੍ਰਦਰਸ਼ਨੀ ਵੀ ਲਗਾਈ ਗਈ। ਆਪਣੇ ਬਿਆਨ ਵਿੱਚ ਉਪ ਰਾਜਦੂਤ ਸ਼੍ਰੀਪ੍ਰਿਯਾ ਰੰਗਾਨਾਥਨ ਨੇ ਸਿੱਖ ਤਿਉਹਾਰਾਂ ਨੂੰ ਮਾਨਤਾ ਦੇਣ ਲਈ ਭਾਰਤ ਸਰਕਾਰ ਦੀਆਂ ਵੱਖ-ਵੱਖ ਪਹਿਲਕਦਮੀਆਂ ਦੀ ਜਾਣਕਾਰੀ ਦਿੱਤੀ।