ਵਿਜੀਲੈਂਸ ਜਾਂਚ: ਮਨਪ੍ਰੀਤ ਨੇ ਪੇਸ਼ਗੀ ਜ਼ਮਾਨਤ ਮੰਗੀ

ਵਿਜੀਲੈਂਸ ਜਾਂਚ: ਮਨਪ੍ਰੀਤ ਨੇ ਪੇਸ਼ਗੀ ਜ਼ਮਾਨਤ ਮੰਗੀ

ਬਠਿੰਡਾ- ਸਾਬਕਾ ਖ਼ਜ਼ਾਨਾ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਅਦਾਲਤ ਵਿਚ ਪਲਾਟਾਂ ਦੀ ਖਰੀਦੋ-ਫਰੋਖਤ ਦੇ ਮਾਮਲੇ ਵਿੱਚ ਅਗਾਊਂ ਜ਼ਮਾਨਤ ਅਰਜ਼ੀ ਦਾਖ਼ਲ ਕੀਤੀ ਹੈ। ਇਸ ਮਾਮਲੇ ਦੀ ਜਾਂਚ ਵਿਜੀਲੈਂਸ ਵੱਲੋਂ ਕੀਤੀ ਜਾ ਰਹੀ ਹੈ ਤੇ ਮਨਪ੍ਰੀਤ ਬਾਦਲ ਨੂੰ ਖ਼ਦਸ਼ਾ ਹੈ ਕਿ ਵਿਜੀਲੈਂਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ, ਜਿਸ ਕਰ ਕੇ ਉਨ੍ਹਾਂ ਅਦਾਲਤ ਦਾ ਰੁਖ਼ ਕੀਤਾ ਹੈ। ਇਸ ਮਾਮਲੇ ਵਿੱਚ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਰਾਮ ਕੁਮਾਰ ਗੋਇਲ ਦੀ ਅਦਾਲਤ ਨੇ ਵਿਜੀਲੈਂਸ ਨੂੰ ਨੋਟਿਸ ਜਾਰੀ ਕਰਦਿਆਂ 26 ਸਤੰਬਰ ਤੱਕ ਸਾਰਾ ਰਿਕਾਰਡ ਪੇਸ਼ ਕਰਨ ਦੀ ਹਦਾਇਤ ਕੀਤੀ ਹੈ।

ਉਨ੍ਹਾਂ ਸਾਬਕਾ ਸੀਨੀਅਰ ਐਡਵੋਕੇਟ ਜਨਰਲ ਸੁਖਦੀਪ ਸਿੰਘ ਭਿੰਡਰ ਅਤੇ ਵਕੀਲ ਦਿਲਰਾਜ ਸਿੰਘ ਭਿੰਡਰ ਰਾਹੀਂ ਜ਼ਿਲ੍ਹਾ ਸੈਸ਼ਨ ਜੱਜ ਕੋਲ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕਰਦਿਆਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜਨੀਤੀ ਅਤੇ ਸਿਆਸਤ ਤੋਂ ਪ੍ਰੇਰਿਤ ਹੋ ਕੇ ਉਨ੍ਹਾਂ ਨੂੰ ਫਸਾ ਸਕਦੇ ਹਨ। ਸ੍ਰੀ ਭਿੰਡਰ ਨੇ ਪਟੀਸ਼ਨ ਬਾਰੇ ਪੁਸ਼ਟੀ ਕਰਦਿਆਂ ਕਿਹਾ ਕਿ ਸ੍ਰੀ ਬਾਦਲ ਵਿਜੀਲੈਂਸ ਅੱਗੇ ਆਪਣਾ ਪੱਖ ਰੱਖ ਚੁੱਕੇ ਹਨ ਅਤੇ ਅਗਾਊਂ ਜ਼ਮਾਨਤ ਮੰਗਣਾ ਉਨ੍ਹਾਂ ਦਾ ਹੱਕ ਹੈ। ਇਸ ਪਟੀਸ਼ਨ ਵਿਚ ਉਨ੍ਹਾਂ ਪੰਜਾਬ ਦੇ ਇੱਕ ਸਰਕਾਰੀ ਕਾਲਜ ਵਿਚ ਮੁੱਖ ਮੰਤਰੀ ਵੱਲੋਂ ਦਿੱਤੇ ਭਾਸ਼ਣ ਦੀ ਵੀਡੀਓ ਵੀ ਅਟੈਚ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਜਾਂ ਤਾਂ ਉਸ ਨੂੰ ਅਗਾਊਂ ਜ਼ਮਾਨਤ ਦਿੱਤੀ ਜਾਵੇ ਜਾਂ ਫਿਰ ਉਸ ਨੂੰ ਗ੍ਰਿਫ਼ਤਾਰੀ ਤੋਂ ਪਹਿਲਾਂ ਨੋਟਿਸ ਰਾਹੀਂ ਸੂਚਿਤ ਕੀਤਾ ਜਾਵੇ। ਗੌਰਤਲਬ ਹੈ ਕਿ ਵਿਜੀਲੈਂਸ ਬਠਿੰਡਾ ਮਨਪ੍ਰੀਤ ਸਿੰਘ ਬਾਦਲ ਵੱਲੋਂ ਸ਼ਹਿਰ ਦੇ ਮਾਡਲ ਟਾਊਨ ਇਲਾਕੇ ਵਿੱਚ 1500 ਗਜ਼ ਦੇ ਦੋ ਖ਼ਰੀਦੇ ਗਏ ਪਲਾਟ ਨੂੰ ਲੈ ਕੇ ਜਾਂਚ ਕਰ ਰਹੀ ਹੈ।

ਮਨਪ੍ਰੀਤ ਬਾਦਲ ਨੇ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਿੱਚ ਦਾਇਰ ਕੀਤੀ ਇਸ ਪਟੀਸ਼ਨ ਵਿੱਚ ਦਾਅਵਾ ਕੀਤਾ ਹੈ ਕਿ ਸ਼ਿਕਾਇਤਕਰਤਾ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਇਹ ਸ਼ਿਕਾਇਤ ਲੋਕਪਾਲ ਪੰਜਾਬ ਨੂੰ ਕੀਤੀ ਸੀ ਜਿਸ ਨੂੰ ਖਾਰਜ ਕਰ ਦਿੱਤਾ ਗਿਆ ਸੀ। ਸੁਖਦੀਪ ਸਿੰਘ ਭਿੰਡਰ ਨੇ ਦੱਸਿਆ ਕਿ ਇਸ ਮਾਮਲੇ ਵਿਚ ਵਿਜੀਲੈਂਸ ਵਲੋਂ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ। ਇਸ ਕਰ ਕੇ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ ਤੇ ਅਦਾਲਤ ਵਲੋਂ ਇਹ ਜਾਣਕਾਰੀ ਮੰਗੀ ਗਈ ਹੈ ਕਿ ਕੀ ਇਸ ਮਾਮਲੇ ਵਿਚ ਐਫਆਈਆਰ ਦਰਜ ਕਰ ਲਈ ਗਈ ਹੈ ਕਿ ਨਹੀਂ। ਇਸ ਸਬੰਧੀ ਸਾਰਾ ਰਿਕਾਰਡ 26 ਤਕ ਅਦਾਲਤ ਵਿਚ ਪੇਸ਼ ਕਰਨ ਲਈ ਕਿਹਾ ਗਿਆ ਹੈ।