ਵਿਜੀਲੈਂਸ ਬਿਊਰੋ ਵੱਲੋਂ ਧਰਮਸੋਤ ਤੇ ਹੋਰਨਾਂ ਖ਼ਿਲਾਫ਼ ਚਲਾਨ ਪੇਸ਼

ਵਿਜੀਲੈਂਸ ਬਿਊਰੋ ਵੱਲੋਂ ਧਰਮਸੋਤ ਤੇ ਹੋਰਨਾਂ ਖ਼ਿਲਾਫ਼ ਚਲਾਨ ਪੇਸ਼

ਐਸਏਐਸ ਨਗਰ – ਕਾਂਗਰਸ ਵਜ਼ਾਰਤ ਸਮੇਂ ਜੰਗਲਾਤ ਵਿਭਾਗ ਵਿੱਚ ਫੈਲੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਅੱਜ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਸਮੇਤ ਹੋਰਨਾਂ ਖ਼ਿਲਾਫ਼ ਲਗਪਗ 900 ਪੰਨਿਆਂ ਦਾ ਚਲਾਨ ਪੇਸ਼ ਕੀਤਾ ਗਿਆ, ਜਿਸ ਮਗਰੋਂ ਅਦਾਲਤ ਨੇ ਇਸ ਨੂੰ ਰੈਗੂਲਰ ਸੁਣਵਾਈ ਲਈ ਸੈਸ਼ਨ ਕੋਰਟ ਵਿੱਚ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਫਿਲਹਾਲ ਇਸ ਮਾਮਲੇ ਵਿੱਚ ਵਿਜੀਲੈਂਸ ਨੇ ਧਰਮਸੋਤ ਦੇ ਮੀਡੀਆ ਸਲਾਹਕਾਰ ਕਮਲਪ੍ਰੀਤ ਸਿੰਘ ਖੰਨਾ ਅਤੇ ਜ਼ਿਲ੍ਹਾ ਜੰਗਲਾਤ ਅਫ਼ਸਰ (ਡੀਐੱਫ਼ਓ) ਗੁਰਅਮਨਪ੍ਰੀਤ ਸਿੰਘ ਬੈਂਸ ਖ਼ਿਲਾਫ਼ ਚਲਾਨ ਪੇਸ਼ ਕੀਤਾ ਹੈ, ਜਦਕਿ ਇਸ ਮਾਮਲੇ ਵਿੱਚ ਧਰਮਸੋਤ ਦੇ ਓਐੱਸਡੀ ਰਹੇ ਚਮਕੌਰ ਸਿੰਘ ਸਣੇ ਠੇਕੇਦਾਰ ਹਰਮੋਹਿੰਦਰ ਸਿੰਘ, ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਤੇ ਵਣ ਮੰਡਲ ਅਫ਼ਸਰ ਅਮਿਤ ਚੌਹਾਨ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿਰੁੱਧ ਬਾਅਦ ਵਿੱਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਤ ਸਿੰਘ ਗਿਲਜੀਆਂ ਤੇ ਉਸ ਦਾ ਪੀਏ ਕੁਲਵਿੰਦਰ ਸਿੰਘ ਸ਼ੇਰਗਿੱਲ ਹਾਲੇ ਤੱਕ ਵਿਜੀਲੈਂਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਕੋਰਟ ਵੱਲੋਂ ਗਿਲਜੀਆਂ ਦੀ ਗ੍ਰਿਫ਼ਤਾਰੀ ’ਤੇ ਆਰਜ਼ੀ ਰੋਕ ਲਗਾਈ ਹੋਈ ਹੈ ਤੇ ਇਸ ਕੇਸ ਦੀ ਅਗਲੀ ਸੁਣਵਾਈ ਭਲਕੇ 8 ਅਵਸਤ ਨੂੰ ਹੋਵੇਗੀ।

ਵਿਜੀਲੈਂਸ ਦੀ ਰਿਪੋਰਟ ਅਨੁਸਾਰ ਸਾਧੂ ਸਿੰਘ ਧਰਮਸੋਤ ਤੇ ਗਿਲਜੀਆਂ ’ਤੇ ਕਾਂਗਰਸ ਵਜ਼ਾਰਤ ਵੇਲੇ ਜੰਗਲਾਤ ਮੰਤਰੀ ਹੁੰਦਿਆਂ ਜੰਗਲਾਤ ਅਫ਼ਸਰਾਂ ਤੋਂ ਪੈਸੇ ਲੈ ਕੇ ਉਨ੍ਹਾਂ ਨੂੰ ਮਨਪਸੰਦ ਸਟੇਸ਼ਨਾਂ ’ਤੇ ਤਾਇਨਾਤ ਕਰਨ ਅਤੇ ਠੇਕੇਦਾਰਾਂ ਨੂੰ ਖੈਰ ਦੇ ਰੁੱਖਾਂ ਦੀ ਕਟਾਈ ਦਾ ਠੇਕਾ ਦੇਣ ਤੇ ਟ੍ਰੀ-ਗਾਰਡਾਂ ਦੀ ਖ਼ਰੀਦ ਵਿੱਚ ਵੱਡੇ ਪੱਧਰ ’ਤੇ ਘਪਲਾ ਕਰਨ ਦਾ ਦੋਸ਼ ਹੈ। ਜੰਗਲਾਤ ਘੁਟਾਲੇ ਵਿੱਚ ਵੱਖ-ਵੱਖ ਮੁਲਜ਼ਮਾਂ ਤੋਂ ਮਿਲੇ ਦਸਤਾਵੇਜ਼ੀ ਸਬੂਤਾਂ ਅਤੇ ਜ਼ੁਬਾਨੀ ਖ਼ੁਲਾਸਿਆਂ ਦੇ ਆਧਾਰ ’ਤੇ ਵਿਜੀਲੈਂਸ ਬਿਊਰੋ ਨੇ ਦੋਵੇਂ ਸਾਬਕਾ ਮੰਤਰੀਆਂ ਸਮੇਤ ਹੋਰਨਾਂ ਵਿਅਕਤੀਆਂ ਅਤੇ ਜੰਗਲਾਤ ਅਫ਼ਸਰਾਂ ਵਿਰੁੱਧ ਭ੍ਰਿਸ਼ਟਾਚਾਰ ਦਾ ਪਰਚਾ ਦਰਜ ਕੀਤਾ ਸੀ। ਜ਼ਿਕਰਯੋਗ ਹੈ ਕਿ ਗਰੀਬ ਵਰਗ ਦੇ ਬੱਚਿਆਂ ਨੂੰ ਮੁਫ਼ਤ ਉੱਚ ਸਿੱਖਿਆ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਕੇਂਦਰ ਤੇ ਪੰਜਾਬ ਸਰਕਾਰ ਦੀ ਹਿੱਸੇਦਾਰੀ ਵਾਲੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਬਹੁਕਰੋੜੀ ਘੁਟਾਲੇ ਸਬੰਧੀ ਵੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਗੰਭੀਰ ਦੋਸ਼ ਲੱਗੇ ਸੀ।