ਵਿੱਦਿਆ ਦੇ ਪ੍ਰਸਾਰ ਵਿੱਚ ਸ਼੍ਰੋਮਣੀ ਕਮੇਟੀ ਦੀ ਅਹਿਮ ਭੂਮਿਕਾ: ਧਾਮੀ

ਵਿੱਦਿਆ ਦੇ ਪ੍ਰਸਾਰ ਵਿੱਚ ਸ਼੍ਰੋਮਣੀ ਕਮੇਟੀ ਦੀ ਅਹਿਮ ਭੂਮਿਕਾ: ਧਾਮੀ

ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿੱਚ 300 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਇੱਥੇ ਚੱਲ ਰਹੇ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿੱਚ ਅੱਜ ਡਿਗਰੀ ਵੰਡ ਸਮਾਰੋਹ ਦੌਰਾਨ 300 ਤੋਂ ਵੱਧ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆ ਗਈਆਂ। ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ਦੌਰਾਨ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਜੀਵਨ ਦੇ ਅਗਲੇ ਪੜਾਵਾਂ ਦੌਰਾਨ ਸਮਾਜ ਦੀ ਬਿਹਤਰੀ ਲਈ ਯੋਗਦਾਨ ਪਾਉਣ ਲਈ ਪ੍ਰੇਰਿਆ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵਿੱਦਿਆ ਦੇ ਪ੍ਰਚਾਰ ਪ੍ਰਸਾਰ ਲਈ ਵੱਡੀ ਭੂਮਿਕਾ ਨਿਭਾਅ ਰਹੀ ਹੈ ਅਤੇ 100 ਤੋਂ ਵੱਧ ਵਿਦਿਅਕ ਅਦਾਰੇ ਚੱਲ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਣਾ ਦਿੱਤੀ ਕਿ ਉਹ ਇਥੋਂ ਵਿਦਿਆ ਪ੍ਰਾਪਤੀ ਮਗਰੋਂ ਕਾਲਜ ਦੀਆਂ ਪ੍ਰਾਪਤੀਆਂ ਅਤੇ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਕਾਰਜਾਂ ਬਾਰੇ ਪ੍ਰਚਾਰ ਜ਼ਰੂਰ ਕਰਨ। ਇਸ ਤੋਂ ਪਹਿਲਾਂ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਜੀ-ਆਇਆਂ ਕਿਹਾ ਅਤੇ ਕਾਲਜ ਵੱਲੋਂ ਚਲਾਏ ਜਾਂਦੇ ਕੋਰਸਾਂ ਸਮੇਤ ਹੋਰ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ, ਓਐਸਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ਼ਾਹਬਾਜ਼ ਸਿੰਘ, ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਤੇ ਡਾ. ਰੁਪਿੰਦਰ ਸਿੰਘ ਆਦਿ ਹਾਜ਼ਰ ਸਨ।