‘ਵੀਰ ਬਾਲ ਦਿਵਸ’ ਦਾ ਨਾਮ ਬਦਲਣ ਦੀ ਸ਼੍ਰੋਮਣੀ ਕਮੇਟੀ ਦੀ ਅਪੀਲ ਕੇਂਦਰ ਨੇ ਅਣਡਿੱਠ ਕੀਤੀ

‘ਵੀਰ ਬਾਲ ਦਿਵਸ’ ਦਾ ਨਾਮ ਬਦਲਣ ਦੀ ਸ਼੍ਰੋਮਣੀ ਕਮੇਟੀ ਦੀ ਅਪੀਲ ਕੇਂਦਰ ਨੇ ਅਣਡਿੱਠ ਕੀਤੀ

ਅੰਮ੍ਰਿਤਸਰ-ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵੀਰ ਬਾਲ ਦਿਵਸ ਦਾ ਨਾਂ ਬਦਲਣ ਦੀ ਸ਼੍ਰੋਮਣੀ ਕਮੇਟੀ ਦੀ ਅਪੀਲ ਨੂੰ ਫਿਲਹਾਲ ਕੇਂਦਰ ਸਰਕਾਰ ਨੇ ਅਣਡਿੱਠ ਕਰ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੀ ਸ਼ਹਾਦਤ ਸਬੰਧੀ ਦਿਵਸ ਨੂੰ ਅੱਜ ਵੀਰ ਬਾਲ ਦਿਵਸ ਦੇ ਰੂਪ ਵਿੱਚ ਹੀ ਮਨਾਇਆ ਗਿਆ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਦੇ ਨਾਮ ਨਾਲ ਮਣਾਉਣ ਦਾ ਵਿਰੋਧ ਕੀਤਾ ਸੀ। ਉਨ੍ਹਾਂ ਕੇਂਦਰ ਸਰਕਾਰ ਨੂੰ ਇਸ ਦਿਵਸ ਦਾ ਨਾਮ ਸਾਹਿਬਜ਼ਾਦੇ ਸ਼ਹਾਦਤ ਦਿਵਸ ਰੱਖਣ ਦੀ ਅਪੀਲ ਕੀਤੀ ਸੀ। ਇਸ ਦੌਰਾਨ ਅਮਰੀਕਾ ਦੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਦੋਸ਼ ਲਾਇਆ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਦੇ ਨਾਮ ਹੇਠਾਂ ਰਾਸ਼ਟਰਵਾਦ ਦੇ ਰੰਗ ਵਿੱਚ ਰੰਗਣ ਦੀ ਸਾਜ਼ਿਸ਼ ਹੈ। ਕਮੇਟੀ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਨੇ ਇਸ ਸਬੰਧੀ ਇੱਕ ਬਿਆਨ ਵਿੱਚ ਆਖਿਆ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਮੁੱਚੀ ਮਨੁੱਖਤਾ ਅਤੇ ਕੁੱਲ ਕਾਇਨਾਤ ਵਾਸਤੇ ਸੀ। ਇਸੇ ਲਈ ਉਨ੍ਹਾਂ ਨੂੰ ਬਾਬੇ ਕਹਿ ਕੇ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਵੀਰ ਬਾਲ ਦਿਵਸ ਦੇ ਨਾਂ ਹੇਠ ਛੁਟਿਆਉਣ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਕੇਂਦਰ ਸਰਕਾਰ ਦੀ ਇਸ ਕਾਰਵਾਈ ਨੂੰ ਸਿੱਖ ਕੌਮ ਦੇ ਮਾਮਲਿਆਂ ਵਿਚ ਸਿੱਧੀ ਦਖ਼ਲਅੰਦਾਜ਼ੀ ਅਤੇ ਸਿੱਖ ਇਤਿਹਾਸ ’ਤੇ ਹਮਲਾ ਕਰਾਰ ਦਿੱਤਾ ਹੈ। ਇਸ ਤੋਂ ਪਹਿਲਾਂ ਦਲ ਖਾਲਸਾ ਜਥੇਬੰਦੀ ਵੀ ਵੀਰ ਬਾਲ ਦਿਵਸ ਨਾਮ ’ਤੇ ਇਤਰਾਜ਼ ਦਰਜ ਕਰਵਾ ਚੁੱਕੀ ਹੈ।

ਸਿਰਫ਼ ਸਿਆਸੀ ਮੰਤਵ ਨਾਲ ਕੀਤਾ ਜਾ ਰਿਹੈ ਵਿਰੋਧ: ਸਿਰਸਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਦਿਵਸ ਦੇ ਨਾਮ ਸਬੰਧੀ ਕੀਤੇ ਜਾ ਰਹੇ ਇਤਰਾਜ਼ ਨੂੰ ਬੇਬੁਨਿਆਦ ਅਤੇ ਬੇਲੋੜਾ ਕਰਾਰ ਦਿੰਦਿਆਂ ਕਿਹਾ ਕਿ ਸਿਰਫ਼ ਸਿਆਸੀ ਮੰਤਵ ਨਾਲ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਇੱਕ ਦਿਵਸ ਦਾ ਨਾਮ ਹੈ ਜੋ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਛੁਟਿਆਉਣ ਦਾ ਕੋਈ ਯਤਨ ਨਹੀਂ ਕੀਤਾ ਗਿਆ ਹੈ। ਉਹ ਕੌਮ ਲਈ ਬਾਬੇ ਹਨ ਅਤੇ ਉਨ੍ਹਾਂ ਦਾ ਦਰਜਾ ਬਾਬੇ ਵਾਲਾ ਹੀ ਰਹੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਬਹੁਤ ਵੱਡਾ ਸਨਮਾਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿਚ ਇਹ ਪਹਿਲਾ ਮੌਕਾ ਹੈ ਜਦੋਂ ਇੰਡੀਆ ਗੇਟ ’ਤੇ ਗਣਤੰਤਰ ਦਿਵਸ ਤੋਂ ਇਲਾਵਾ ਕੋਈ ਮਾਰਚ ਪਾਸਟ ਕੀਤਾ ਗਿਆ ਹੈ ਅਤੇ ਪ੍ਰਧਾਨ ਮੰਤਰੀ ਨੇ ਉਸ ਨੂੰ ਸਲਾਮੀ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਵਿਰੋਧ ਅਤੇ ਇਤਰਾਜ਼ ਸਿਰਫ਼ ਇਸ ਲਈ ਹੈ ਕਿਉਂਕਿ ਹੁਣ ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲ ਗੱਠਜੋੜ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਾਬਕਾ ਜਥੇਦਾਰ ਵੀ ਵੀਰ ਬਾਲ ਦਿਵਸ ਨਾਮ ਦੀ ਸ਼ਲਾਘਾ ਕਰ ਚੁੱਕੇ ਹਨ।