‘ਵੀਰ ਬਾਲ ਦਿਵਸ’ ਮਨਾਉਣ ਲਈ ਵਿਆਪਕ ਪ੍ਰੋਗਰਾਮ ਉਲੀਕੇ: ਸਿਰਸਾ

‘ਵੀਰ ਬਾਲ ਦਿਵਸ’ ਮਨਾਉਣ ਲਈ ਵਿਆਪਕ ਪ੍ਰੋਗਰਾਮ ਉਲੀਕੇ: ਸਿਰਸਾ

ਨਵੀਂ ਦਿੱਲੀ- ਦੇਸ਼ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਨੇ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ’ਤੇ 26 ਦਸੰਬਰ ਨੂੰ ਪਹਿਲੀ ਵਾਰ ਮਨਾਏ ਜਾ ਰਹੇ ‘ਵੀਰ ਬਾਲ ਦਿਵਸ’ ਨੂੰ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਮਨਾਉਣ ਲਈ ਵਿਆਪਕ ਪ੍ਰੋਗਰਾਮ ਉਲੀਕੇ ਹਨ। ਸਿਰਸਾ ਨੇ ਦੱਸਿਆ ਕਿ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਕੌਮੀ ਦਿਹਾੜਾ ਐਲਾਨ ਕੇ ਇੰਨੀ ਵੱਡੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇਸ਼ ਭਰ ਵਿੱਚ ਇਸ ਦਿਹਾੜੇ ਦਾ ਪ੍ਰਚਾਰ ਕਰਨ ਵਾਸਤੇ ਕੌਮੀ ਤੇ ਸੂਬਾਈ ਅਖਬਾਰਾਂ ਵਿੱਚ ਹਰ ਭਾਸ਼ਾ ਵਿੱਚ ਜਾਣਕਾਰੀ ਦਿੱਤੀ ਦੇਣ ਲਈ ਇਸ਼ਤਿਹਾਰ ਜਾਰੀ ਕਰੇਗੀ। ਉਨ੍ਹਾਂ ਦੱਸਿਆ ਕਿ ਮੁੱਖ ਸਮਾਗਮ 26 ਦਸੰਬਰ ਨੂੰ ਕੌਮੀ ਰਾਜਧਾਨੀ ਵਿੱਚ ਮੇਜਰ ਧਿਆਨ ਚੰਦ ਸਟੇਡੀਅਮ ਵਿਚ ਹੋਵੇਗਾ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਹੋਰ ਕੇਂਦਰੀ ਮੰਤਰੀ ਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ। ਉਨ੍ਹਾਂ ਦੱਸਿਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਇਹਨਾਂ ਪ੍ਰੋਗਰਾਮਾਂ ਨੂੰ ਅੰਤਿਮ ਰੂਪ ਦੇਣ ਲਈ ਮੀਟਿੰਗਾਂ ਦੀ ਆਪ ਪ੍ਰਧਾਨਗੀ ਕਰਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਦੇਸ਼ ਭਰ ਵਿਚ 15 ਲੱਖ ਸਕੂਲਾਂ ਵਿਚ ਸਵੇਰ ਦੀ ਸਭਾ ਵਿਚ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਇਤਿਹਾਸ ਦੀ ਜਾਣਕਾਰੀ ਦਿੱਤੀ ਜਾਵੇਗੀ। ਇਸਦੇ ਨਾਲ ਹੀ ਬੱਚਿਆਂ ਦੇ ਲੇਖ ਮੁਕਾਬਲੇ ਤੇ ਕੁਇਜ਼ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਸਭਾਵਾਂ ਸੱਦੀਆਂ ਗਈਆਂ ਹਨ ਜਿਨ੍ਹਾਂ ਵਿੱਚ 15 ਲੱਖ ਸਕੂਲਾਂ ਦੇ 97 ਲੱਖ ਟੀਚਰ ਅਤੇ 26 ਕਰੋੜ 44 ਲੱਖ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਇਸੇ ਤਰੀਕੇ ਦੇਸ਼ ਭਰ ਦੇ 42 ਹਜ਼ਾਰ 343 ਕਾਲਜਾਂ ਵਿੱਚ ਇਸਦੀ ਡਿਜ਼ੀਟਲ ਪ੍ਰਦਰਸ਼ਨੀ ਲਗਾਈ ਜਾਵੇਗੀ, ਜਿਸ ਰਾਹੀਂ ਨੌਜਵਾਨ ਬੱਚਿਆਂ ਨੂੰ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੇਸ਼ ਭਰ ਵਿੱਚ 7083 ਰੇਲਵੇ ਸਟੇਸ਼ਨਾਂ ’ਤੇ ਸਾਹਿਬਜ਼ਾਦਿਆਂ ਦੇ ਇਤਿਹਾਸ ਬਾਰੇ ਡਿਜੀਟਲ ਅਤੇ ਫਿਜ਼ੀਕਲ ਪ੍ਰਦਰਸ਼ਨੀ ਲਗਾਈ ਜਾਵੇਗੀ। ਇਸ ਦੇ ਨਾਲ ਹੀ 137 ਹਵਾਈ ਅੱਡਿਆਂ ’ਤੇ ਡਿਜੀਟਲ ਤੇ ਫਿਜ਼ੀਕਲ ਪ੍ਰਦਰਸ਼ਨੀ ਲਗਾਈ ਜਾਵੇਗੀ। ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ 26 ਜਨਵਰੀ ਨੂੰ ਜਿਹੜਾ ਬਹਾਦਰੀ ਦਾ ਐਵਾਰਡ ਦਿੱਤਾ ਜਾਂਦਾ ਹੈ, ਉਸ ਦਾ ਐਲਾਨ 26 ਦਸੰਬਰ ਨੂੰ ਕੀਤਾ ਜਾਵੇਗਾ ਤੇ 8 ਹਜ਼ਾਰ ਮਹਿਲਾ ਤੇ ਬਾਲ ਵਿਕਾਸ ਕੇਂਦਰਾਂ ’ਤੇ ਪ੍ਰਦਰਸ਼ਨੀ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਵੱਲੋਂ 67600 ਸੀਐੱਨਜੀ ਤੇ ਪੈਟਰੋਲ ਪੰਪ ਸਟੇਸ਼ਨਾਂ ’ਤੇ ਡਿਜੀਟਲ ਅਤੇ ਫਿਜ਼ੀਕਲ ਪ੍ਰਦਰਸ਼ਨੀ ਲਗਾਈ ਜਾਵੇਗੀ, ਜਿਸ ਰਾਹੀਂ ਰਾਹਗੀਰਾਂ ਨੂੰ ਇਸ ਲਾਸਾਨੀ ਸ਼ਹਾਦਤ ਅਤੇ ਸ਼ਾਨਾਮੱਤੇ ਇਤਿਹਾਸ ਦੀ ਜਾਣਕਾਰੀ ਦਿੱਤੀ ਜਾਵੇਗੀ। ਆਗੂਆਂ ਨੇ ਦੱਸਿਆ ਕਿ ਵਿਦੇਸ਼ਾਂ ਵਿੱਚ 122 ਅੰਬੈਸੀਆਂ ਤੇ 110 ਕੌਂਸਲੇਟ ਦੇ ਅੰਦਰ ਪੰਜ ਦਿਨਾਂ ਵਾਸਤੇ ਇਕ ਪ੍ਰਦਰਸ਼ਨੀ ਲਗਾਈ ਜਾਵੇਗੀ।