ਸ਼ੋ੍ਰਮਣੀ ਕਮੇਟੀ ਵਲੋਂ ਸੱਦੀ ਪੰਥਕ ਇਕੱਤਰਤਾ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਂਝਾ ਸੰਘਰਸ਼ ਵਿੱਢਣ ਦਾ ਫੈਸਲਾ

ਸ਼ੋ੍ਰਮਣੀ ਕਮੇਟੀ ਵਲੋਂ ਸੱਦੀ ਪੰਥਕ ਇਕੱਤਰਤਾ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਂਝਾ ਸੰਘਰਸ਼ ਵਿੱਢਣ ਦਾ ਫੈਸਲਾ

ਅੰਮਿ੍ਰਤਸਰ – ਸ਼੍ਰੋਮਣੀ ਅਕਾਲੀ ਦਲ ਵੱਲੋਂ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਇਕ ਪੰਥਕ ਇਕੱਠ ਸੱਦਿਆ ਗਿਆ ਸੀ ਜਿਸ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਇਸ ਮੀਟਿੰਗ ਚ ਮੌਜੂਦ ਰਹੇ। ਦਰਅਸਲ ਸਜਾਵਾਂ ਪੂਰੀਆਂ ਹੋਣ ਦੇ ਬਾਵਜੂਦ ਲੰਬੇ ਅਰਸੇ ਤੋਂ ਦੇਸ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ, ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ ਦੀ ਰੂਪ-ਰੇਖਾ ਤਿਆਰ ਕਰਨ ਲਈ ਅੱਜ ਇਹ ਇਕੱਠ ਕੀਤਾ ਗਿਆ ਸੀ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 1984 ਤੋਂ ਬਾਅਦ ਜਦੋਂ ਸ੍ਰੀ ਹਰਿਮੰਦਰ ਸਾਹਿਬ ਉੱਤੇ ਹਮਲਾ ਕੀਤਾ ਗਿਆ। ਦਿੱਲੀ ਵਿੱਚ ਸਿੱਖ ਕਤਲੇਆਮ ਕੀਤਾ ਗਿਆ। ਉਸ ਦਰਦ ਨੂੰ ਮਹਿਸੂਸ ਕਰਦੇ ਹੋਏ ਅਨੇਕਾਂ ਸਿੰਘ ਇਨਸਾਫ਼ ਲਈ ਸਰਗਰਮ ਹੋਏ ਉਨ੍ਹਾਂ ਨੂੰ ਝੂਠੇ ਕੇਸਾਂ ਵਿੱਚ ਨਾਜਾਇਜ ਫਸਾਇਆ ਗਿਆ। ਉਨ੍ਹਾਂ ਵਿਚ 22 ਸਿੱਖ ਕੈਦੀ ਜਿਨ੍ਹਾਂ ਵਿਚ 9 ਅਜਿਹੇ ਹਨ ਜੋ 30 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਹਨ। ਉਨ੍ਹਾਂ ਨੇ ਕਿਹਾ ਐਸਜੀਪੀਸੀ ਸਮੇਂ-ਸਮੇਂ ਉਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨਸ਼ੀਲ ਰਹੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਹਮੇਸ਼ਾਂ ਹੀ ਸਿੱਖ ਜਥੇਬੰਦੀਆਂ ਦੇ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੀ ਆਵਾਜ਼ ਚੁੱਕੀ ਜਾਂਦੀ ਰਹੀ ਹੈ। ਜਦੋਂ ਰਾਜੋਆਣਾ ਦੀ ਫਾਂਸੀ ਦੀ ਗੱਲ ਹੋਈ ਸੀ ਉਸ ਵੇਲੇ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਫਾਂਸੀ ਨੂੰ ਰੱਦ ਕਰਵਾਉਣ ਵਾਸਤੇ ਹਰ ਇਕ ਵਰਗ ਨੂੰ ਮਿਲਿਆ ਗਿਆ ਸੀ। ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿਚ ਬੰਦ ਹੋਏ 27-27 ਸਾਲ ਹੋ ਚੁੱਕੇ ਹਨ ਪਰ ਹਾਲੇ ਤੱਕ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਜੋ ਕਿ ਬਹੁਤ ਮੰਦਭਾਗੀ ਗੱਲ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜਿੰਨੀ ਦੇਰ ਤੱਕ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰਵਾ ਦਿੱਤਾ ਜਾਂਦਾ ਓਨੀ ਦੇਰ ਤੱਕ ਉਹ ਟਿਕ ਕੇ ਨਹੀਂ ਬੈਠਣਗੇ ਤੇ ਚੈਨ ਦੀ ਨੀਂਦ ਨਹੀਂ ਸੌਣਗੇ।
ਉਨ੍ਹਾਂ ਨੇ ਕਿਹਾ ਸਾਰਿਆਂ ਨੂੰ ਇਕਜੁੱਟ ਹੋਣ ਦੀ ਜਰੂਰਤ ਹੈ। ਸਿੰਘਾਂ ਨੇ ਆਪਣੀਆਂ ਭਾਵਨਾਵਾਂ ਅਤੇ ਹਾਲਾਤ ਨੂੰ ਦੇਖਦੇ ਹੋਏ ਕਦਮ ਚੁੱਕੇ ਤੇ ਸਜਾ ਪੂਰੀ ਕਰ ਚੁੱਕੇ ਹਨ ਪਰ ਅਜੇ ਤੱਕ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਮੌਕੇ 7 ਕੈਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਫੈਸਲਾ ਸੁਣਾਇਆ ਗਿਆ ਸੀ ਪਰ ਕੋਈ ਅਮਲੀਜਾਮਾ ਨਹੀਂ ਪਹਿਨਾਇਆ ਗਿਆ। ਉਨ੍ਹਾਂ ਨੇ ਕਿਹਾ ਕਿ 3 ਮਤੇ ਪੇਸ਼ ਕੀਤੇ ਗਏ ਹਨ। ਬੰਦੀ ਸਿੰਘਾਂ ਦੀ ਰਿਹਾਈ ਲਈ ਵਫਦਾਂ ਦੇ ਰੂਪ ਵਿਚ ਵੱਖ-ਵੱਖ ਗਵਰਨਰਾਂ ਨੂੰ ਤੇ ਰਾਸ਼ਟਰਪਤੀ ਨੂੰ ਮਿਲਿਆ ਜਾਵੇਗਾ। ਇਸ ਤੋਂ ਇਲਾਵਾ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਉਠਾਈ ਜਾਵੇਗੀ। ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਜੋ ਮੀਟਿੰਗ ਇਕ ਝੰਡੇ ਥੱਲੇ ਹੋਈ ਹੈ ਉਸ ਤਰ੍ਹਾਂ ਦਾ ਮਾਹੌਲ ਉਨ੍ਹਾਂ ਨੇ ਅੱਜ ਤੱਕ ਕਦੀ ਨਹੀਂ ਵੇਖਿਆ ਅਤੇ ਉਹ ਸਾਰੇ ਸਿੱਖ ਜਥੇਬੰਦੀਆਂ ਦਾ ਧੰਨਵਾਦ ਕਰਦੇ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਇਸ ਤਰ੍ਹਾਂ ਲੱਗ ਰਿਹਾ ਸੀ ਕਿ ਜਿਵੇਂ ਸਾਰੇ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਇੱਕ ਹੀ ਹੋਣ।