ਸ਼੍ਰੋਮਣੀ ਕਮੇਟੀ ਬਣਾਏਗੀ ਕੌਮਾਂਤਰੀ ਸਿੱਖ ਸਲਾਹਕਾਰ ਬੋਰਡ

ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਲਿਆ ਫ਼ੈਸਲਾ; ਸੰਸਥਾ ਦੇ ਕਰਮਚਾਰੀਆਂ ਨੂੰ ਮਿਲੇਗਾ ਚਾਰ ਫ਼ੀਸਦ ਮਹਿੰਗਾਈ ਭੱਤਾ
ਅੰਮ੍ਰਿਤਸਰ- ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸਿੱਖ ਸੰਸਥਾ ਦਾ ਪਸਾਰਾ ਕੌਮਾਂਤਰੀ ਪੱਧਰ ’ਤੇ ਕਰਨ ਨੂੰ ਸਹਿਮਤੀ ਦਿੱਤੀ ਗਈ ਹੈ। ਇਸ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ‘ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ’ ਦਾ ਗਠਨ ਕੀਤਾ ਜਾਵੇਗਾ। ਇਸੇ ਦੌਰਾਨ ਵੱਖ-ਵੱਖ ਦੇਸ਼ਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਉਪ ਦਫ਼ਤਰ ਖੋਲ੍ਹਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਸਾਕਾ ਪੰਜਾ ਸਾਹਿਬ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਭਾਰਤ ਅਤੇ ਪਾਕਿਸਤਾਨ ਵਿੱਚ 26 ਤੋਂ 30 ਅਕਤੂਬਰ ਤਕ ਮਨਾਉਣ ਅਤੇ ਸੰਸਥਾ ਦੇ ਕਰਮਚਾਰੀਆਂ ਨੂੰ 4 ਫੀਸਦ ਮਹਿੰਗਾਈ ਭੱਤਾ ਦੇਣ ਦਾ ਵੀ ਫ਼ੈਸਲਾ ਲਿਆ ਗਿਆ ਹੈ। ਇਹ ਫ਼ੈਸਲੇ ਅੱਜ ਇਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਹਨ।

ਸ੍ਰੀ ਧਾਮੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਿਸ਼ਵ ਵਿਆਪੀ ਸਿੱਖ ਮਸਲਿਆਂ ਦੀ ਬੇਹਤਰ ਪੈਰਵਾਈ ਲਈ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਸਥਾਪਤ ਕਰੇਗੀ। ਇਸ ਦੇ ਨਾਲ ਹੀ ਵਿਦੇਸ਼ਾਂ ਵਿੱਚ ਗੁਰਦੁਆਰੇ ਸਥਾਪਤ ਕਰਕੇ ਸੰਸਥਾ ਦੇ ਉੱਪ ਦਫ਼ਤਰ ਖੋਲ੍ਹੇ ਜਾਣਗੇ। ਇਸ ਸਬੰਧੀ ਅਮਰੀਕਾ ਸਥਿਤ ਯੂਬਾ ਸਿਟੀ ’ਚ ਪਹਿਲਾਂ ਹੀ ਕਾਰਵਾਈ ਆਰੰਭੀ ਹੋਈ ਹੈ। ਉਨ੍ਹਾਂ ਦੱਸਿਆ ਕਿ ਕੌਮੀ ਰਾਜਧਾਨੀ ਦਿੱਲੀ ਵਿੱਚ ਵੀ ਸ਼੍ਰੋਮਣੀ ਕਮੇਟੀ ਗੁਰਦੁਆਰਾ ਬਣਾ ਕੇ ਉਪ ਦਫ਼ਤਰ ਖੋਲ੍ਹੇਗੀ।

ਸ੍ਰੀ ਧਾਮੀ ਨੇ ਦੱਸਿਆ ਕਿ ਬੀਤੇ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਸੀ। ਇਸ ’ਤੇ ਸ਼੍ਰੋਮਣੀ ਕਮੇਟੀ ਦੇ ਇਤਰਾਜ਼ ਮਗਰੋਂ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਕੀਤੀ ਗਈ ਸਬ-ਕਮੇਟੀ ਨੇ ਇਸ ਦਿਹਾੜੇ ਦਾ ਨਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਸੁਝਾਇਆ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਭਾਰਤ ਸਰਕਾਰ ਨੂੰ ਪੱਤਰ ਵੀ ਭੇਜੇਗੀ।

ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 4 ਫੀਸਦ ਮਹਿੰਗਾਈ ਭੱਤਾ ਦੇਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਬੀਤੇ ਕੱਲ੍ਹ ਕੱਥੂਨੰਗਲ ਵਿੱਚ ਵਾਪਰੀ ਘਟਨਾ ਨੂੰ ਮੰਦਭਾਗਾ ਦੱਸਦਿਆਂ ਸ੍ਰੀ ਧਾਮੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਸਾਕਾ ਪੰਜਾ ਸਾਹਿਬ ਦੇ ਸਮਾਗਮਾਂ ਸਬੰਧੀ ਮਤੇ ਪਾਸ

ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਸਾਕਾ ਪੰਜਾ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਵੱਖ-ਵੱਖ ਸਮਾਗਮਾਂ ਨੂੰ ਪ੍ਰਵਾਨਗੀ ਦਿੱਤੀ ਗਈ। ਸ਼ਤਾਬਦੀ ਦਾ ਮੁੱਖ ਸਮਾਗਮ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿੱਚ 30 ਅਕਤੂਬਰ ਨੂੰ ਕੀਤਾ ਜਾਵੇਗਾ, ਜਦਕਿ ਅੰਮ੍ਰਿਤਸਰ ਵਿੱਚ 26 ਤੇ 27 ਅਕਤੂਬਰ ਨੂੰ ਸਮਾਗਮ ਕੀਤੇ ਜਾਣਗੇ। ਸ੍ਰੀ ਧਾਮੀ ਨੇ ਦੱਸਿਆ ਕਿ ਪਾਕਿਸਤਾਨ ਵਿੱਚ ਜਾ ਕੇ ਸ਼੍ਰੋਮਣੀ ਕਮੇਟੀ ਵਫ਼ਦ ਨੇ ਪਾਕਿਸਤਾਨ ਗੁਰਦੁਆਰਾ ਕਮੇਟੀ ਤੇ ਔਕਾਫ ਬੋਰਡ ਨਾਲ ਸਲਾਹ ਮਸ਼ਵਰਾ ਕਰਕੇ ਸਮਾਗਮਾਂ ਦੀ ਰੂਪ ਰੇਖਾ ਤੈਅ ਕਰ ਲਈ ਹੈ। ਇਸ ਸਬੰਧੀ ਲਗਪਗ 200 ਮੈਂਬਰਾਂ ਦਾ ਜਥਾ ਪਾਕਿਸਤਾਨ ਜਾਵੇਗਾ।