ਸਨਅਤਕਾਰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਦੇ ਭਾਈਵਾਲ ਬਣਨ: ਮਾਨ

ਸਨਅਤਕਾਰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਦੇ ਭਾਈਵਾਲ ਬਣਨ: ਮਾਨ

ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਉਣ ਦੀ ਵਚਨਬੱਧਤਾ ਦੁਹਰਾਈ
ਐੱਸਏਐੱਸ ਨਗਰ (ਮੁਹਾਲੀ) -ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨ ਕਰੋੜ ਪੰਜਾਬੀਆਂ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਲਈ ਉੱਘੇ ਕਾਰੋਬਾਰੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਉਭਰੇਗਾ। ਮੁੱਖ ਮੰਤਰੀ ਅੱਜ ਇੱਥੇ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਉਦਘਾਟਨੀ ਸੈਸ਼ਨ ਦੌਰਾਨ ਕਾਰੋਬਾਰੀਆਂ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਆਪਣੇ ਦਰਮਿਆਨ ਕਾਰੋਬਾਰੀ ਖੇਤਰ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਦੇਖ ਕੇ ਬੇਹੱਦ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚ ਨਿਵੇਸ਼ ਲਈ ਸਭ ਤੋਂ ਅਨੁਕੂਲ ਸਥਾਨ ਹੈ ਅਤੇ ਕਾਰੋਬਾਰੀਆਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਉਣ ਲਈ ‘ਆਪ’ ਸਰਕਾਰ ਅਤੇ ਉਦਯੋਗਪਤੀਆਂ ਦਰਮਿਆਨ ਮਜ਼ਬੂਤ ਸਾਂਝ ਦੀ ਉਮੀਦ ਜ਼ਾਹਰ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਨਿਵੇਸ਼ਕਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦੀ ਸਹੂਲਤ ਦੇਣ ਲਈ ਸਰਕਾਰ ਛੇਤੀ ਹੀ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀਐੱਲਯੂ) ਅਤੇ ਐੱਨਓਸੀ ਨੂੰ ਖ਼ਤਮ ਕਰ ਦੇਵੇਗੀ, ਜੋ ਉਦਯੋਗਾਂ ਲਈ ਪ੍ਰੇਸ਼ਾਨੀ ਦਾ ਸਬੱਬ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜੋਂ ਜ਼ਿੰਮੇਵਾਰੀ ਸੰਭਾਲਣ ਦੇ ਸਿਰਫ਼ ਇੱਕ ਸਾਲ ਦੇ ਅੰਦਰ ਹੀ ਉਨ੍ਹਾਂ ਦਾ ਸਭ ਤੋਂ ਪਹਿਲਾ ਕੰਮ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕੱਢਣਾ ਹੈ। ਮੁੱਖ ਮੰਤਰੀ ਨੇ ਉੱਦਮੀਆਂ ਨਾਲ ਭਾਵੁਕ ਸਾਂਝ ਪਾਉਂਦਿਆਂ ਕਿਹਾ ਕਿ ਉਹ ਮੌਕਿਆਂ ਦਾ ਭੰਡਾਰ ਹਨ, ਜਿਨ੍ਹਾਂ ਦਾ ਪੰਜਾਬ ਅਤੇ ਭਾਰਤ ਦੇ ਨੌਜਵਾਨ ਲਾਭ ਉਠਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਕਾਰੋਬਾਰੀ ਸਮਝੌਤਿਆਂ ਬਾਰੇ ਨਹੀਂ ਹੈ, ਸਗੋਂ ਗਿਆਨ ਦੀ ਵੰਡ, ਵਿਚਾਰ-ਵਟਾਂਦਰੇ ਅਤੇ ਇੱਕ-ਦੂਜੇ ਤੋਂ ਸਿੱਖਣ ਬਾਰੇ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਨੇ ਪੜਾਅਵਾਰ ਆਰਥਿਕ ਵਿਕਾਸ ਨੂੰ ਤੇਜ਼ ਕਰ ਕੇ ਦੇਸ਼ ਦੇ ਭਵਿੱਖ ਨੂੰ ਉੱਜਵਲ ਬਣਾਉਣ ਦਾ ਰਾਹ ਚੁਣਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਜ਼ਿੰਦਗੀ ਵਿੱਚ ਕੁਝ ਵੱਡਾ ਕਰਨਾ ਚਾਹੁੰਦੀ ਹੈ। ਇਸ ਲਈ ਸਰਕਾਰ ਨੂੰ ਯਕੀਨ ਹੈ ਕਿ ਪ੍ਰਮਾਤਮਾ ਨੇ ਉਨ੍ਹਾਂ ਨੂੰ ਲੋਕਾਂ ਦੇ ਜੀਵਨ ਵਿੱਚ ਗੁਣਾਤਮਕ ਤਬਦੀਲੀਆਂ ਲਿਆਉਣ ਲਈ ਪੰਜਾਬ ਦੀ ਅਗਵਾਈ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਾਰੋਬਾਰਾਂ ਅਤੇ ਨਿਵੇਸ਼ਕਾਂ ਦੀ ਸਹਾਇਤਾ ਲਈ ਨੀਤੀਆਂ ਬਣਾਉਣ ਤੋਂ ਇਲਾਵਾ ਕਈ ਪਹਿਲਕਦਮੀਆਂ ਕੀਤੀਆਂ ਹਨ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਅੱਜ ਪੇਸ਼ ਕੀਤੀ ਗਈ ਨਵੀਂ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ-2022 ਲੋੜੀਂਦੇ ਆਰਥਿਕ ਵਿਕਾਸ ਨੂੰ ਗਤੀ ਦੇਵੇਗੀ ਤੇ ਇਸ ਦਾ ਉਦੇਸ਼ ਅਗਲੇ ਪੰਜ ਸਾਲਾਂ ਵਿੱਚ ਵੱਡੇ ਨਿਵੇਸ਼ ਨੂੰ ਆਕਰਸ਼ਿਤ ਕਰਨਾ ਅਤੇ ਵੱਧ ਤੋਂ ਵੱਧ ਰੁਜ਼ਗਾਰ ਪੈਦਾ ਕਰਨਾ ਹੈ।

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਸੂਬਾ ਸਰਕਾਰ ਵੱਲੋਂ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗ ਨੂੰ ਹੋਰ ਪ੍ਰਫੁੱਲਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਸਕੱਤਰ ਵੀ.ਕੇ. ਜੰਜੂਆ ਨੇ ਸਾਰਿਆਂ ਨੂੰ ਜੀ ਆਇਆਂ ਆਖਿਆ। ਇਨਵੈਸਟਮੈਂਟ ਪ੍ਰਮੋਸ਼ਨ ਦੇ ਸੀਈਓ ਕੇ.ਕੇ. ਯਾਦਵ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਈ ਕੈਬਨਿਟ ਮੰਤਰੀ, ਵਿਧਾਇਕ ਅਤੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਹਾਈਟੈੱਕ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐੱਸਬੀ) ਵਿੱਚ ਹਾਈਟੈੱਕ ਐਗਜ਼ੀਬਿਸ਼ਨ (ਪ੍ਰਦਰਸ਼ਨੀ) ਦਾ ਉਦਘਾਟਨ ਵੀ ਕੀਤਾ। ਪ੍ਰਦਰਸ਼ਨੀ ਵਿੱਚ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਨੇ ਆਪਣੇ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਨੇ ਹਰੇਕ ਸਟਾਲ ’ਤੇ ਜਾ ਕੇ ਵੱਖ-ਵੱਖ ਕੰਪਨੀਆਂ ਦੇ ਉਤਪਾਦਾਂ ਬਾਰੇ ਮੁੱਢਲੀ ਜਾਣਕਾਰੀ ਲਈ। ਉਨ੍ਹਾਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਹਰ ਉੱਦਮ ਲਈ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਪ੍ਰਦਰਸ਼ਨੀ ’ਚ ਸ਼ਾਮਲ ਐੱਚਐੱਮਈਐਲ ਬਠਿੰਡਾ, ਆਈਟੀਸੀ, ਪਲਕਸ਼ਾ ਯੂਨੀਵਰਸਿਟੀ, ਈਐੱਸਆਰ ਲੋਜਿਸਟਿਕਸ ਪ੍ਰਾਈਵੇਟ ਲਿਮਟਿਡ, ਹਿੰਦੁਸਤਾਨ ਯੂਨੀਲਿਵਰ ਲਿਮਟਿਡ, ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ, ਟਾਇਨੋਰ ਆਰਥੋਟਿਕਸ ਪ੍ਰਾਈਵੇਟ ਲਿਮਟਿਡ, ਸਾਵੀ ਐਕਸਪੋਰਟਸ ਆਦਿ ਕੰਪਨੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਈ ਕੈਬਨਿਟ ਮੰੰਤਰੀ, ਵਿਧਾਇਕ ਅਤੇ ਉੱਚ ਅਧਿਕਾਰੀ ਹਾਜ਼ਰ ਸਨ।