ਸਨਅਤੀ ਵਿਕਾਸ ’ਚ ਪੰਜਾਬ ਛੇਤੀ ਹੀ ਚੀਨ ਨੂੰ ਪਛਾੜ ਦੇਵੇਗਾ: ਕੇਜਰੀਵਾਲ

ਸਨਅਤੀ ਵਿਕਾਸ ’ਚ ਪੰਜਾਬ ਛੇਤੀ ਹੀ ਚੀਨ ਨੂੰ ਪਛਾੜ ਦੇਵੇਗਾ: ਕੇਜਰੀਵਾਲ

ਸੂਬੇ ਦੀ ਭਲਾਈ ਲਈ ਉਠਾਏ ਬੇਮਿਸਾਲ ਕਦਮਾਂ ਲਈ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ
ਜਲੰਧਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਦਯੋਗਿਕ ਖੇਤਰ ਵਿੱਚ ਪੰਜਾਬ ਕੋਲ ਚੀਨ ਨੂੰ ਪਛਾੜਨ ਦੀ ਵੱਡਾ ਸਮਰੱਥਾ ਹੈ। ਇੱਥੇ ਅੱਜ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹੁੰਦੇ ਹਨ ਅਤੇ ਇਨ੍ਹਾਂ ਕੋਲ ਅਗਵਾਈ ਕਰਨ ਦੀ ਸਮਰੱਥਾ ਹੁੰਦੀ ਹੈ ਜਿਸ ਦਾ ਸਬੂਤ ਇਨ੍ਹਾਂ ਨੇ ਆਲਮੀ ਪੱਧਰ ’ਤੇ ਵੱਡੀਆਂ ਮੱਲਾਂ ਮਾਰ ਕੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਸਖ਼ਤ ਮਿਹਨਤ ਅਤੇ ਘਾਲਣਾ ਦਾ ਕੋਈ ਸਾਨੀ ਨਹੀਂ ਹੈ ਜਿਸ ਕਰ ਕੇ ਇਨ੍ਹਾਂ ਨੇ ਹਰੇਕ ਖੇਤਰ ਵਿੱਚ ਬੁਲੰਦੀਆਂ ਨੂੰ ਛੂਹਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਇਹ ਸਮਰੱਥਾ ਉਦਯੋਗਿਕ ਖੇਤਰ ਵਿੱਚ ਪੰਜਾਬ ਨੂੰ ਚੀਨ ਤੋਂ ਅੱਗੇ ਲਿਜਾ ਸਕਦੀ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲੀਆਂ ਸਰਕਾਰਾਂ ਸੂਬੇ ਵਿੱਚ ਸਨਅਤਕਾਰਾਂ ਨੂੰ ਦਬਾਉਂਦੀਆਂ ਸਨ ਪਰ ਮੌਜੂਦਾ ਸਰਕਾਰ ਉਦਯੋਗ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਿਲਣੀ ਰਾਹੀਂ ਉਦਯੋਗਪਤੀਆਂ ਨੂੰ ਦਰਪੇਸ਼ ਸਾਰੇ ਮਸਲੇ ਸੁਝਲਾਉਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਸਨਅਤਾਕਾਰਾਂ ਨੂੰ ਨਵੇਂ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਵਧ-ਚੜ੍ਹ ਕੇ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਜਲਦੀ ਹੀ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ ਕਿਉਂਕਿ ਭਗਵੰਤ ਸਿੰਘ ਮਾਨ ਪੰਜਾਬੀਆਂ ਦੀ ਭਲਾਈ ਲਈ 24 ਘੰਟੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸੂਬੇ ਦੇ ਕੋਨੇ-ਕੋਨੇ ਵਿੱਚ ਜਾ ਰਹੇ ਹਨ। ਇਹ ਪੰਜਾਬੀਆਂ ਦੀ ਖੁਸ਼ਕਿਸਮਤੀ ਹੈ ਕਿ ਉਨ੍ਹਾਂ ਨੂੰ ਭਗਵੰਤ ਸਿੰਘ ਮਾਨ ਵਰਗਾ ਮੁੱਖ ਮੰਤਰੀ ਮਿਲਿਆ ਹੈ ਜੋ ਉਨ੍ਹਾਂ ਦੀ ਮਿਸ਼ਨਰੀ ਭਾਵਨਾ ਨਾਲ ਸੇਵਾ ਕਰ ਰਿਹਾ ਹੈ।

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਉਨ੍ਹਾਂ ਨੇ ਚੋਣਾਂ ਦੌਰਾਨ ਉਦਯੋਗਪਤੀਆਂ ਨੂੰ ਗਾਰੰਟੀਆਂ ਦਿੱਤੀਆਂ ਸਨ। ਹੁਣ ਇਹ ਜਾਣ ਕਿ ਖੁਸ਼ੀ ਹੋਈ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਉਦਯੋਗਪਤੀਆਂ ਤੋਂ ਕਈ ਸੁਝਾਅ ਮਿਲੇ ਸਨ, ਜਿਸ ਮਗਰੋਂ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ, ‘‘ਇਹ ਗੱਲਬਾਤ ਵੋਟਾਂ ਲੈਣ ਲਈ ਨਹੀਂ, ਸਗੋਂ ਇਹ ਭਰੋਸਾ ਦਿਵਾਉਣ ਲਈ ਹੈ ਕਿ ਅਸੀਂ ਉਦਯੋਗ ਦੇ ਨਾਲ ਹਾਂ।’’ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਵਿਕਾਸ ਯੋਜਨਾਬੱਧ ਤਰੀਕੇ ਨਾਲ ਹੋ ਰਿਹਾ ਹੈ। ਸੂਬੇ ਲਈ ਪਹਿਲਾਂ ਹੀ 50,000 ਕਰੋੜ ਰੁਪਏ ਦਾ ਨਿਵੇਸ਼ ਪੱਕਾ ਕਰ ਲਿਆ ਗਿਆ ਹੈ ਜਿਸ ਨਾਲ 2.86 ਲੱਖ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ। ਕੇਜਰੀਵਾਲ ਨੇ ਕਿਹਾ ਕਿ ਇਸ ਮਿਲਣੀ ਦਾ ਉਦੇਸ਼ ਸੂਬੇ ਦੀ ਸਥਾਨਕ ਸਨਅਤ ਦਾ ਦਸ ਗੁਣਾ ਵਿਸਥਾਰ ਕਰਨਾ ਹੈ। ਉਦਯੋਗਪਤੀਆਂ ਦੀ ਦੂਰਅੰਦੇਸ਼ੀ ਤੇ ਬਹੁਮੁੱਲੇ ਵਿਚਾਰਾਂ ਅਤੇ ਸਰਕਾਰ ਦੇ ਸਹਿਯੋਗ ਨਾਲ ਸੂਬੇ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਵਿੱਚ ਸਹਾਇਤਾ ਮਿਲੇਗੀ।