ਸਰਕਾਰ ਵੱਲੋਂ ਪੰਜਾਬੀ ’ਵਰਸਿਟੀ ਨੂੰ ਲੋੜੀਂਦੀ ਗਰਾਂਟ ਦੇਣ ਦਾ ਭਰੋਸਾ

ਸਰਕਾਰ ਵੱਲੋਂ ਪੰਜਾਬੀ ’ਵਰਸਿਟੀ ਨੂੰ ਲੋੜੀਂਦੀ ਗਰਾਂਟ ਦੇਣ ਦਾ ਭਰੋਸਾ

ਪਟਿਆਲਾ- ਪੰਜਾਬੀ ਯੂਨੀਵਰਸਿਟੀ ਦੀ ਗਰਾਂਟ ਘਟਾਉਣ ਮਗਰੋਂ ਪੈਦਾ ਹੋਏ ਰੇੜਕੇ ਤੋਂ ਬਾਅਦ ਪੰਜਾਬ ਸਰਕਾਰ ਨੇ ਯੂਨੀਵਰਸਿਟੀ ਦੀ ਮੰਗ ਅਨੁਸਾਰ 360 ਕਰੋੜ ਰੁਪਏ ਗਰਾਂਟ ਦੇਣ ਦਾ ਫ਼ੈਸਲਾ ਲਿਆ ਹੈ। ਯੂਨੀਵਰਸਿਟੀ ਦੇ ਬੁਲਾਰੇ ਮੁਤਾਬਕ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਸਮੇਤ ਹੋਰ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ ਦੌਰਾਨ ਇਹ ਸਹਿਮਤੀ ਬਣੀ ਹੈ। ਬੁਲਾਰੇ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਚੀਮਾ, ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ, ਵਿੱਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਅਤੇ ਪ੍ਰਿੰਸੀਪਲ ਸਕੱਤਰ (ਉਚੇਰੀ ਸਿੱਖਿਆ) ਨਾਲ ਵਾਈਸ ਚਾਂਸਲਰ ਪ੍ਰੋ. ਅਰਵਿੰਦ ਅਤੇ ਯੂਨੀਵਰਸਿਟੀ ਦੇ ਹੋਰ ਅਧਿਕਾਰੀਆਂ ਦੀ ਇੱਕ ਮੀਟਿੰਗ ਹੋਈ, ਜਿਸ ਵਿੱਚ ਸਰਕਾਰ ਨੇ ਸਪੱਸ਼ਟ ਕੀਤਾ ਕਿ ਯੂਨੀਵਰਸਿਟੀ ਨੂੰ ਸਾਲਾਨਾ 360 ਕਰੋੜ ਰੁਪਏ ਗਰਾਂਟ ਦਿੱਤੀ ਜਾਵੇਗੀ। ਸਰਕਾਰ ਦੇ ਕਹਿਣ ’ਤੇ ਯੂਨੀਵਰਸਿਟੀ ਵੱਲੋਂ ਅੱਜ 14 ਮਾਰਚ ਨੂੰ ਪਹਿਲੀ ਤਿਮਾਹੀ ਲਈ ਬਣਦੀ ਰਕਮ ਦਾ ਬਿੱਲ ਵੀ ਭੇਜ ਦਿੱਤਾ ਗਿਆ ਹੈ। ਪ੍ਰੋ. ਅਰਵਿੰਦ ਨੇ ਇਸ ’ਤੇ ਤਸੱਲੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਹੈ।