ਸਰਬਜੀਤ ਝਿੰਜਰ ਨੇ ਤਖ਼ਤ ਦਮਦਮਾ ਸਾਹਿਬ ਮੱਥਾ ਟੇਕਿਆ

ਸਰਬਜੀਤ ਝਿੰਜਰ ਨੇ ਤਖ਼ਤ ਦਮਦਮਾ ਸਾਹਿਬ ਮੱਥਾ ਟੇਕਿਆ

ਧਾਰਮਿਕ ਮਾਮਲਿਆਂ ਵਿੱਚ ਸਰਕਾਰ ਦਾ ਦਖ਼ਲ ਬਰਦਾਸ਼ਤ ਨਹੀਂ ਕਰਾਂਗੇ: ਯੂਥ ਪ੍ਰਧਾਨ
ਤਲਵੰਡੀ ਸਾਬੋ- ਸ਼੍ਰੋਮਣੀ ਅਕਾਲੀ ਦਲ ਵੱਲੋਂ ਅਕਾਲੀ ਦਲ ਯੂਥ ਵਿੰਗ ਦੇ ਨਵੇਂ ਬਣਾਏ ਗਏ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅੱਜ ਆਪਣੇ ਯੂਥ ਸਾਥੀਆਂ ਸਮੇਤ ਤਖ਼ਤ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਆਪਣੀ ਨਿਯੁਕਤੀ ਦੀ ਖੁਸ਼ੀ ਵਿੱਚ ਵਾਹਿਗੁਰੂ ਅੱਗੇ ਸ਼ੁਕਰਾਨਾ ਕੀਤਾ। ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਬਾਅਦ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਰਣਜੀਤ ਸਿੰਘ ਨੇ ਸਰਬਜੀਤ ਸਿੰਘ ਨੂੰ ਸਿਰੋਪਾ ਅਤੇ ਤਖ਼ਤ ਸਾਹਿਬ ਦੀ ਤਸਵੀਰ ਭੇਟ ਕੀਤੀ। ਇਸ ਉਪਰੰਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਤੱਕ ਦੀਆਂ ਜਿਹੜੀਆਂ ਵੀ ਹਕੂਮਤਾਂ ਨੇ ਸਿੱਖ ਮਾਣ ਮਰਯਾਦਾ ਭੰਗ ਕਰਨ ਜਾਂ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਹੈ ਉਨ੍ਹਾਂ ਦਾ ਇਤਿਹਾਸ ਕਾਲੇ ਅੱਖਰਾਂ ਵਿੱਚ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੀ ਇਸੇ ਰਾਹ ਚੱਲ ਪਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸ਼੍ਰੋਮਣੀ ਕਮੇਟੀ ਦੇ ਰਾਇ ਮਸ਼ਵਰੇ ਤੋਂ ਬਿਨਾ ਹੀ ਗੁਰਦੁਆਰਾ ਐਕਟ ਦੇ ਵਿੱਚ ਸੋਧ ਬਿੱਲ ਦੇ ਨਾਮ ’ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦੀ ਸ਼ੁਰੂਆਤ ਕਰ ਰਹੀ ਹੈ, ਜੋ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕੌਮੀ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਨੂੰ ਲੈ ਕੇ ਜੇਕਰ ਸ਼੍ਰੋਮਣੀ ਕਮੇਟੀ ਸਰਕਾਰ ਖ਼ਿਲਾਫ਼ ਕੋਈ ਵੀ ਸੰਘਰਸ਼ ਵਿੱਢਦੀ ਹੈ ਤਾਂ ਅਕਾਲੀ ਦਲ ਸ਼੍ਰੋਮਣੀ ਕਮੇਟੀ ਦੇ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਵੇਗਾ। ਉਨ੍ਹਾਂ ਕਿਹਾ ਕਿ ਯੂਥ ਵਿੰਗ ਦਾ ਜਥੇਬੰਦਕ ਢਾਂਚਾ ਦੋ ਕੁ ਮਹੀਨਿਆਂ ਅੰਦਰ ਮੁਕੰਮਲ ਕਰ ਲਿਆ ਜਾਵੇਗਾ।