ਸਰਹੱਦੀ ਸੁਰੱਖਿਆ ਦੇ ਮੁੱਦੇ ’ਤੇ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ

ਸਰਹੱਦੀ ਸੁਰੱਖਿਆ ਦੇ ਮੁੱਦੇ ’ਤੇ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ

ਅਮਿਤ ਸ਼ਾਹ ਨੇ ਅਜਨਾਲਾ ਘਟਨਾ ਤੇ ਗੈਂਗਸਟਰਾਂ ਦੀ ਸਥਿਤੀ ਬਾਰੇ ਜਾਣਕਾਰੀ ਲਈ
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਅਮਨ ਕਾਨੂੰਨ ਵਿਵਸਥਾ ਤੇ ਸਰਹੱਦੀ ਸੁਰੱਖਿਆ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅੱਜ ਦਿੱਲੀ ’ਚ ਮੁਲਾਕਾਤ ਕੀਤੀ। ਅਜਨਾਲਾ ਘਟਨਾ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਮਿਤ ਸ਼ਾਹ ਨਾਲ ਇਹ ਪਹਿਲੀ ਮੁਲਾਕਾਤ ਹੈ। ਉਹ ਪਿਛਲੀ ਵਾਰ 9 ਦਸੰਬਰ 2022 ਨੂੰ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲੇ ਸਨ। ਚੇਤੇ ਰਹੇ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਲੰਘੇ ਕੱਲ੍ਹ ਅਮਿਤ ਸ਼ਾਹ ਨਾਲ ਮੀਟਿੰਗ ਕੀਤੀ ਸੀ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਮੀਟਿੰਗ ਕਰਕੇ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਕੇਂਦਰ ਤੋਂ ਸਹਿਯੋਗ ਦੀ ਮੰਗ ਕੀਤੀ। ਸ੍ਰੀ ਮਾਨ ਨੇ ਕਿਹਾ ਕਿ ਸਰਹੱਦ ਪਾਰ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਦੀ ਚੁਣੌਤੀ ਨੂੰ ਪੰਜਾਬ ਤੇ ਕੇਂਦਰ ਸਰਕਾਰ ਸਾਂਝੇ ਯਤਨਾਂ ਨਾਲ ਮੂੰਹ-ਤੋੜਵਾਂ ਜੁਆਬ ਦੇ ਸਕਦੇ ਹਨ। ਇਹ ਮੀਟਿੰਗ ਕਰੀਬ 40 ਮਿੰਟ ਚੱਲੀ ਜੋ ਕਿ ਪਾਕਿਸਤਾਨ ਤੋਂ ਡਰੋਨ ਰਾਹੀਂ ਆਉਂਦੇ ਨਸ਼ੇ ਅਤੇ ਹਥਿਆਰਾਂ ਦੇ ਮੁੱਦੇ ’ਤੇ ਕੇਂਦਰਿਤ ਰਹੀ।

ਚੇਤੇ ਰਹੇ ਕਿ ਅਮਨ-ਕਾਨੂੰਨ ਮਾਮਲੇ ’ਤੇ ਵਿਰੋਧੀ ਧਿਰਾਂ ਖ਼ਾਸ ਕਰ ਕੇ ਭਾਜਪਾ ਦੀ ਪੰਜਾਬ ਇਕਾਈ ਵੱਲੋਂ ਸੂਬੇ ਵਿਚ ਰਾਸ਼ਟਰਪਤੀ ਰਾਜ ਲਗਾਏ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਂਦੇ ਸਮੇਂ ’ਚ ਪੰਜਾਬ ਵਿਚ ਭਾਜਪਾ ਵੱਲੋਂ ਸ਼ੁਰੂ ਕੀਤੀ ਜਾ ਰਹੀ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਸ਼ਾਮਲ ਹੋਣ ਲਈ ਆਉਣਗੇ। ਭਗਵੰਤ ਮਾਨ ਨੇ ਨਸ਼ਿਆਂ ਅਤੇ ਹਥਿਆਰਾਂ ਨੂੰ ਸਪਲਾਈ ਰੋਕਣ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਤੋਂ ਫੰਡਾਂ ਦੀ ਮੰਗ ਕੀਤੀ। ਸੂਤਰਾਂ ਅਨੁਸਾਰ ਅਮਿਤ ਸ਼ਾਹ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਜਨਾਲਾ ਘਟਨਾ ਅਤੇ ਗੈਂਗਸਟਰਾਂ ਦੀ ਸਥਿਤੀ ਬਾਰੇ ਜਾਣਕਾਰੀ ਲਈ। ਮੁੱਖ ਮੰਤਰੀ ਨੇ ਫੜੇ ਗਏ ਗੈਂਗਸਟਰਾਂ ਬਾਰੇ ਦੱਸਿਆ ਅਤੇ ਭਰੋਸਾ ਦਿਵਾਇਆ ਕਿ ਸੂਬੇ ਵਿਚ ਅਮਨ-ਕਾਨੂੰਨ ਬਰਕਰਾਰ ਰੱਖਣ ਲਈ ਸਰਕਾਰ ਪਾਬੰਦ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲੀਸ ਦੇ ਆਧੁਨਿਕੀਕਰਨ ਵਾਸਤੇ ਕੇਂਦਰ ਖੁੱਲ੍ਹੇ ਦਿਲ ਨਾਲ ਫ਼ੰਡ ਦੇਵੇ। ਮੀਟਿੰਗ ਦੌਰਾਨ ਮੁੱਖ ਮੰਤਰੀ ਨਾਲ ਡੀਜੀਪੀ ਗੌਰਵ ਯਾਦਵ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਵੀ ਮੌਜੂਦ ਸਨ।

ਪੇਂਡੂ ਵਿਕਾਸ ਫ਼ੰਡ ਜਾਰੀ ਕਰਨ ਦੀ ਅਪੀਲ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਰੋਕੇ ਗਏ ਦਿਹਾਤੀ ਵਿਕਾਸ ਫ਼ੰਡ ਦਾ ਮੁੱਦਾ ਵੀ ਚੁੱਕਿਆ ਕਿਉਂਕਿ ਫ਼ੰਡ ਰੁਕਣ ਕਰਕੇ ਪੰਜਾਬ ਮੰਡੀ ਬੋਰਡ ਕਈ ਬੈਂਕਾਂ ਦਾ ਡਿਫਾਲਟਰ ਹੋ ਗਿਆ ਹੈ। ਮੁੱਖ ਮੰਤਰੀ ਨੇ ਬਕਾਇਆ ਪਏ ਕਰੀਬ 3200 ਕਰੋੜ ਦੇ ਦਿਹਾਤੀ ਵਿਕਾਸ ਫ਼ੰਡ ਰਿਲੀਜ਼ ਕਰਨ ਲਈ ਕਿਹਾ। ਇਸੇ ਦੌਰਾਨ ਕੰਡਿਆਲੀ ਤਾਰ ਤੋਂ ਪਾਰ ਜਾਣ ਵਾਲੇ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਮੁੱਦਾ ਵੀ ਉਠਾਇਆ ਅਤੇ ਚੰਡੀਗੜ੍ਹ ’ਚ ਪੰਜਾਬ ਕਾਡਰ ਦੇ ਅਧਿਕਾਰੀ ਨੂੰ ਐੱਸਐੱਸਪੀ ਵਜੋਂ ਨਿਯੁਕਤ ਕਰਨ ਦੀ ਅਪੀਲ ਵੀ ਕੀਤੀ।

ਜੀ-20 ਸੰਮੇਲਨ: ਅੰਮ੍ਰਿਤਸਰ ’ਚ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀ

ਅੰਮ੍ਰਿਤਸਰ ’ਚ ਹੋ ਰਹੇ ਜੀ-20 ਸੰਮੇਲਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਮੀਟਿੰਗ ਦੌਰਾਨ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਦੀ ਮੰਗ ਉਠਾਈ ਕਿਉਂਕਿ ਅੰਮ੍ਰਿਤਸਰ ਸ਼ਹਿਰ ਪਾਕਿਸਤਾਨ ਦੇ ਨਾਲ ਲੱਗਦਾ ਹੈ। ਕੇਂਦਰ ਸਰਕਾਰ ਨੇ ਇਸ ਮੰਗ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਸੁਰੱਖਿਆ ਬਲਾਂ ਦੀ ਕੰਪਨੀਆਂ ਤਾਇਨਾਤ ਕਰਨ ਦਾ ਫ਼ੈਸਲਾ ਕੀਤਾ ਹੈ। ਜੀ-20 ਸੰਮੇਲਨ ਦੀਆਂ ਤਿਆਰੀਆਂ ਬਾਰੇ ਵੀ ਕੇਂਦਰੀ ਗ੍ਰਹਿ ਮੰਤਰੀ ਨੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ।