ਸ਼ਰਾਬ ਨੀਤੀ: ‘ਆਪ’ ਵੱਲੋਂ ਭਾਜਪਾ ਦੇ ਦਫ਼ਤਰ ਬਾਹਰ ਮੁਜ਼ਾਹਰਾ

ਸ਼ਰਾਬ ਨੀਤੀ: ‘ਆਪ’ ਵੱਲੋਂ ਭਾਜਪਾ ਦੇ ਦਫ਼ਤਰ ਬਾਹਰ ਮੁਜ਼ਾਹਰਾ

ਨਵੀਂ ਦਿੱਲੀ – ਦਿੱਲੀ ਆਬਕਾਰੀ ਨੀਤੀ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ‘ਆਪ’ ਦੇ ਸੀਨੀਅਰ ਆਗੂ ਸੰਜੈ ਸਿੰਘ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਅੱਜ ਭਾਜਪਾ ਦੇ ਮੁੱਖ ਦਫ਼ਤਰ ਨੇੜੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਡੀਡੀਯੂ ਮਾਰਗ ’ਤੇ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵੱਲ ਵਧਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਤੇ ਨੀਮ ਫੌਜੀ ਬਲਾਂ ਨੇ ਉਨ੍ਹਾਂ ਨੂੰ ਰੋਕ ਦਿੱਤਾ।

ਇਹ ਵਿਰੋਧ ਪ੍ਰਦਰਸ਼ਨ ਉਸ ਸਮੇਂ ਹੋਇਆ, ਜਦੋਂ ਦਿੱਲੀ ਹਾਈ ਕੋਰਟ ਨੇ ਸੰਜੈ ਸਿੰਘ ਦੀ ਗ੍ਰਿਫਤਾਰੀ ਵਿਰੁੱਧ ਪਾਈ ਪਟੀਸ਼ਨ ਨੂੰ ਸੂਚੀਬੱਧ ਕਰਨ ਲਈ ਸਹਿਮਤੀ ਦਿੱਤੀ। ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ ਸੰਜੀਵ ਨਰੂਲਾ ਦੀ ਬੈਂਚ ਦੇ ਸਾਹਮਣੇ ਰਾਜ ਸਭਾ ਮੈਂਬਰ ਦੇ ਵਕੀਲ ਵੱਲੋਂ ਇਸ ਮਾਮਲੇ ਦੀ ਤੁਰੰਤ ਸੁਣਵਾਈ ਲਈ ਜ਼ਿਕਰ ਕੀਤਾ ਗਿਆ ਸੀ।

ਸੰਜੈ ਸਿੰਘ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਨੂੰ ਗ੍ਰਿਫਤਾਰੀ ਦਾ ਕੋਈ ਢੁੱਕਵਾਂ ਕਾਰਨ ਨਹੀਂ ਦੱਸਿਆ ਗਿਆ। ਹੇਠਲੀ ਅਦਾਲਤ ਨੇ 10 ਅਕਤੂਬਰ ਨੂੰ ਸੰਜੈ ਸਿੰਘ ਨੂੰ ਤਿੰਨ ਦਿਨਾਂ ਦੀ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ। ਸੀਬੀਆਈ ਅਤੇ ਈਡੀ ਦੇ ਅਨੁਸਾਰ ਦਿੱਲੀ ਆਬਕਾਰੀ ਨੀਤੀ 2021-22 ਵਿੱਚ ਸੋਧ ਕਰਦੇ ਸਮੇਂ ਬੇਨਿਯਮੀਆਂ ਕੀਤੀਆਂ ਗਈਆਂ ਸਨ। ਦਿੱਲੀ ਸਰਕਾਰ ਨੇ 17 ਨਵੰਬਰ, 2021 ਨੂੰ ਆਬਕਾਰੀ ਨੀਤੀ ਲਾਗੂ ਕੀਤੀ ਸੀ ਪਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚਕਾਰ ਸਤੰਬਰ 2022 ਦੇ ਅੰਤ ਵਿੱਚ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ।