ਸ਼ਹੀਦ ਸੁੱਖਪ੍ਰੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਸ਼ਹੀਦ ਸੁੱਖਪ੍ਰੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਅਜਨਾਲਾ- ਜੰਮੂ ਕਸ਼ਮੀਰ ਦੇ ਸਾਂਬਾ ਵਿੱਚ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਸ਼ਹੀਦ ਹੋਏ ਭਾਰਤੀ ਫੌਜ ਦੀ 24 ਸਿੱਖ ਰੈਜੀਮੈਂਟ ਦੇ ਸਿਪਾਹੀ ਸੁੱਖਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਜੱਦੀ ਪਿੰਡ ਨੰਗਲ (ਅਜਨਾਲਾ) ਵਿੱਚ ਲਿਆਂਦੀ ਗਈ।

ਇੱਥੇ ਪੂਰੇ ਸਰਕਾਰੀ ਸਨਮਾਨਾਂ ਨਾਲ ਸ਼ਹੀਦ ਜਵਾਨ ਦਾ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਪਹੁੰਚੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ਼ਹੀਦ ਦੀ ਦੇਹ ’ਤੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਸ਼ਹੀਦ ਦੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਲੋੜੀਂਦੀ ਕਾਗਜ਼ੀ ਕਾਰਵਾਈ ਪੂਰੀ ਕਰ ਲੈਣ ਮਗਰੋਂ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਬਣਦੀ ਹਰ ਸਹੂਲਤ ਤੇ ਮਦਦ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਪਿਤਾ ਅਤੇ ਦਾਦਾ ਜੀ ਵੀ ਫੌਜ ਵਿੱਚੋਂ ਸੇਵਾਮੁਕਤ ਹੋਏ ਹਨ ਅਤੇ ਦੇਸ਼ ਭਗਤੀ ਦੀ ਭਾਵਨਾ ਰੱਖਣ ਵਾਲੇ ਇਸ ਪਰਿਵਾਰ ਨਾਲ ਪੰਜਾਬ ਸਰਕਾਰ ਪੂਰੀ ਤਰ੍ਹਾਂ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਬਣਦੀ ਮਦਦ ਮਿਲਣ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਐੱਸਡੀਐੱਮ ਅਜਨਾਲਾ ਅਰਵਿੰਦਰਪਾਲ ਸਿੰਘ ਸਮੇਤ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ। ਜ਼ਿਕਰਯੋਗ ਹੈ ਕਿ ਸ਼ਹੀਦ ਸੁੱਖਪ੍ਰੀਤ ਸਿੰਘ ਸੇਵਾਮੁਕਤ ਫੌਜੀ ਪਿਤਾ ਦਾ ਇਕਲੌਤਾ ਪੁੱਤਰ ਸੀ। ਉਹ ਵਿਆਹਿਆ ਹੋਇਆ ਸੀ ਤੇ ਉਸ ਦਾ ਇੱਕ ਨਿੱਕਾ ਪੁੱਤਰ ਵੀ ਹੈ।