ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਇੱਕ-ਇੱਕ ਕਰੋੜ ਦੀ ਮਦਦ ਦਾ ਐਲਾਨ

ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਇੱਕ-ਇੱਕ ਕਰੋੜ ਦੀ ਮਦਦ ਦਾ ਐਲਾਨ

ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਪੰਜਾਬ ਦੇ ਚਾਰ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਸ਼ਹੀਦਾਂ ਦੀ ਕੁਰਬਾਨੀ ਨੂੰ ਪ੍ਰਣਾਮ ਕਰਦਿਆਂ ਉਨ੍ਹਾਂ ਪੁਣਛ ਜ਼ਿਲ੍ਹੇ ਵਿਚ ਦਹਿਸ਼ਤਗਰਦੀ ਹਮਲੇ ਵਿਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ। ਸ਼ਹੀਦ ਹੋਏ ਸੈਨਿਕਾਂ ਦੀ ਪਛਾਣ ਹਵਲਦਾਰ ਮਨਦੀਪ ਸਿੰਘ ਵਾਸੀ ਚਣਕੋਹੀਆਂ ਕਾਕਨ ਜ਼ਿਲ੍ਹਾ ਲੁਧਿਆਣਾ, ਲਾਂਸ ਨਾਇਕ ਕੁਲਵੰਤ ਸਿੰਘ ਵਾਸੀ ਪਿੰਡ ਚੜਿੱਕ ਜ਼ਿਲ੍ਹਾ ਮੋਗਾ, ਸਿਪਾਹੀ ਹਰਕ੍ਰਿਸ਼ਨ ਸਿੰਘ ਵਾਸੀ ਪਿੰਡ ਤਲਵੰਡੀ ਭਰਥ ਜ਼ਿਲ੍ਹਾ ਗੁਰਦਾਸਪੁਰ ਅਤੇ ਸਿਪਾਹੀ ਸੇਵਕ ਸਿੰਘ ਵਾਸੀ ਪਿੰਡ ਬਾਘਾ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਵੱਲੋਂ ਸਰਹੱਦਾਂ ਉੱਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਈ ਜਾ ਰਹੀ ਹੈ। ਇਸੇ ਦੌਰਾਨ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਵੀ ਜਵਾਨਾਂ ਦੀ ਸ਼ਹਾਦਤ ’ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਰਾਜਪਾਲ ਨੇ ਕਿਹਾ,‘‘ਮੈਨੂੰ ਪੰਜ ਜਵਾਨਾਂ ਦੀ ਸ਼ਹਾਦਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਹੈ, ਜਿਸ ਵਿੱਚ ਪੰਜਾਬ ਦੇ ਚਾਰ ਅਤੇ ਉੜੀਸਾ ਦਾ ਇਕ ਜਵਾਨ ਸ਼ਾਮਲ ਹੈ। ਦੇਸ਼ ਦੀ ਸੁਰੱਖਿਆ ਲਈ ਉਨ੍ਹਾਂ ਦੀ ਕੁਰਬਾਨੀ ਬੇਕਾਰ ਨਹੀਂ ਜਾਵੇਗੀ। ਪੂਰਾ ਦੇਸ਼ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖੇਗਾ ਅਤੇ ਸਤਿਕਾਰ ਕਰੇਗਾ।’’ ਸ੍ਰੀ ਪੁਰੋਹਿਤ ਨੇ ਕਿਹਾ ਕਿ ਪਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ੇ।