ਸ਼ਾਂਤੀ ਬਣਾਈ ਰੱਖਣ ਲਈ ਪੁਲੀਸ ਵੱਲੋਂ ਮਾਲਵਾ ਖੇਤਰ ’ਚ ਫਲੈਗ ਮਾਰਚ

ਸ਼ਾਂਤੀ ਬਣਾਈ ਰੱਖਣ ਲਈ ਪੁਲੀਸ ਵੱਲੋਂ ਮਾਲਵਾ ਖੇਤਰ ’ਚ ਫਲੈਗ ਮਾਰਚ

ਮਾਨਸਾ- ਪੰਜਾਬ ਪੁਲੀਸ ਵੱਲੋਂ ਤਿੰਨ ਦਿਨਾਂ ਤੋਂ ਸੂਬੇ ਭਰ ਵਿੱਚ ‘ਵਾਰਸ ਪੰਜਾਬ ਦੇ’ ਜਥੇਬੰਦੀ ਦੇ ਕਾਰਕੁਨਾਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਮਗਰੋਂ ਮਾਲਵਾ ਖੇਤਰ ਦੇ ਵੱਖ-ਵੱਖ ਹਿੱਸਿਆਂ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਚੌਕਸੀ ਵਧਾਉਂਦਿਆਂ ਫਲੈਗ ਮਾਰਚ ਕੱਢੇ ਜਾ ਰਹੇ ਹਨ, ਜਿਸ ਤਹਿਤ ਮਾਨਸਾ ਜ਼ਿਲ੍ਹੇ ਵਿੱਚ ਅਜਿਹੇ ਫਲੈਗ ਮਾਰਚ ਕੱਢੇ ਗਏ। ਮਾਨਸਾ ਦੇ ਐੱਸਐੱਸਪੀ ਡਾ. ਨਾਨਕ ਸਿੰਘ ਨੇ ਲੋਕਾਂ ਨੂੰ ਅਫ਼ਵਾਹਾਂ ’ਤੇ ਵਿਸ਼ਵਾਸ ਨਾ ਕਰਦਿਆਂ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਕਾਨੂੰਨ ਦੀ ਪਾਲਣਾ ਯਕੀਨੀ ਬਣਾਈ ਰੱਖਣ ਲਈ ਅਜਿਹੇ ਫਲੈਗ ਮਾਰਚ ਕੱਢੇ ਜਾ ਰਹੇ ਹਨ। ਇਸ ਫਲੈਗ ਮਾਰਚ ਦੌਰਾਨ ਵੱਡੀ ਗਿਣਤੀ ਵਿੱਚ ਫੋਰਸ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਦੱਸਿਆ ਕਿ ਮਾਨਸਾ ਪੁਲੀਸ ਨੇ 35 ਅਜਿਹੇ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ, ਜੋ ਸੜਕ ਜਾਮ ਅਤੇ ਗੜਬੜੀ ਪੈਦਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਸ਼ਹਿਰ ਦਾ ਮਾਹੌਲ ਖਰਾਬ ਕਰਦਾ ਹੈ ਤਾਂ ਉਸ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ।