ਸ਼ਾਂਤੀ ਭੰਗ ਕਰਨ ਵਾਲਿਆਂ ਦਾ ਯੁੱਗ ਇਤਿਹਾਸ ’ਚ ਦਫ਼ਨ: ਸਿਨਹਾ

ਸ਼ਾਂਤੀ ਭੰਗ ਕਰਨ ਵਾਲਿਆਂ ਦਾ ਯੁੱਗ ਇਤਿਹਾਸ ’ਚ ਦਫ਼ਨ: ਸਿਨਹਾ

ਸ੍ਰੀਨਗਰ- ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਕਿਹਾ ਕਿ ਪਾਕਿਸਤਾਨ ਦੇ ਇਸ਼ਾਰੇ ’ਤੇ ਵਾਦੀ ਵਿੱਚ ਆਮ ਜਨ-ਜੀਵਨ ਠੱਪ ਕਰਨ ਵਾਲੀਆਂ ਵੱਖਵਾਦੀ ਤੇ ਅਤਿਵਾਦੀ ਜਥੇਬੰਦੀਆਂ ਦਾ ਯੁੱਗ ਹੁਣ ਇਤਿਹਾਸ ਦੇ ਪੰਨਿਆਂ ਵਿੱਚ ਦਫ਼ਨ ਹੋ ਗਿਆ ਹੈ ਅਤੇ ਧਾਰਾ 370 ਮਨਸੂਖ਼ ਕੀਤੇ ਜਾਣ ਦੇ ਚਾਰ ਸਾਲਾਂ ਮਗਰੋਂ ਵਿਕਾਸ ਤੇ ਸ਼ਾਂਤੀ ਹੀ ਇੱਥੋਂ ਦਾ ਮੂਲ ਮੰਤਰ ਹੈ। ਇਸ ਦੌਰਾਨ ਉਨ੍ਹਾਂ ਬੜਗਾਮ ਰੇਲਵੇ ਸਟੇਸ਼ਨ ’ਤੇ ਇੱਕ ਸਮਾਗਮ ਨੂੰ ਵੀ ਸੰਬੋਧਨ ਕੀਤਾ।

ਉਨ੍ਹਾਂ ਕਿਹਾ ਕਿ ਲੋਕ ਹੁਣ ਆਪਣੀ ਧਾਰਮਿਕ ਯਾਤਰਾ ਕੱਢਣ ਲਈ ਆਜ਼ਾਦ ਹਨ ਬਸ਼ਰਤੇ ਕਿ ਇਹ ਦੇਸ਼ ਦੀ ਏਕਤਾ ਤੇ ਅਖੰਡਤਾ ਦੇ ਖ਼ਿਲਾਫ਼ ਨਹੀਂ ਹੋਣੀ ਚਾਹੀਦੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨੋਜ ਸਿਨਹਾ ਨੇ ਕਿਹਾ ਕਿ ਹੱਦਬੰਦੀ ਅਤੇ ਚੋਣ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਕੇਂਦਰੀ ਸ਼ਾਸਿਤ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਫ਼ੈਸਲਾ ਲੈਣਾ ਹੁਣ ਪੂਰੀ ਤਰ੍ਹਾਂ ਚੋਣ ਕਮਿਸ਼ਨ ’ਤੇ ਨਿਰਭਰ ਹੈ। ਉਨ੍ਹਾਂ ਕਿਹਾ, ‘‘ਭਾਰਤੀ ਚੋਣ ਕਮਿਸ਼ਨ ਜੋ ਵੀ ਫ਼ੈਸਲਾ ਲਵੇਗਾ, ਜੰਮੂ ਕਸ਼ਮੀਰ ਪ੍ਰਸ਼ਾਸਨ ਉਸ ਨੂੰ ਇੰਨ-ਬਿੰਨ ਲਾਗੂ ਕਰੇਗਾ।’’ ਉਨ੍ਹਾਂ ਕਿਹਾ ਕਿ ਵੱਖ ਵੱਖ ਸਥਾਨਕ ਸੰਸਥਾਵਾਂ ਦੇ ਚੁਣੇ ਹੋਏ 32ਹਜ਼ਾਰ ਤੋਂ ਵੱਧ ਨੁਮਾਇੰਦੇ ਕੇਂਦਰੀ ਸ਼ਾਸਿਤ ਪ੍ਰਦੇਸ਼ ਵਿੱਚ ਫੈਸਲਾ ਲੈਣ ਦੀ ਪ੍ਰਕਿਰਿਆ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਸਦ ਨੂੰ ਭਰੋਸਾ ਦਿੱਤਾ ਸੀ ਕਿ ਹੱਦਬੰਦੀ ਦੀ ਪ੍ਰਕਿਰਿਆ ਮਗਰੋਂ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣਗੀਆਂ ਅਤੇ ਇਸ ਤੋਂ ਬਾਅਦ ਸਹੀ ਸਮਾਂ ਆਉਣ ’ਤੇ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਵੀ ਦਿੱਤਾ ਜਾਵੇਗਾ। ਜੰਮੂ ਕਸ਼ਮੀਰ ਦਾ ਵਿਸ਼ੇਸ਼ ਰਾਜ ਦਾ ਦਰਜਾ ਬਹਾਲ ਕਰਨ ਅਤੇ ਚੋਣਾਂ ਕਰਵਾਉਣ ਲਈ ਜ਼ੋਰ ਪਾ ਰਹੀਆਂ ਵਿਰੋਧੀ ਧਿਰਾਂ ’ਤੇੇ ਨਿਸ਼ਾਨਾ ਸੇਧਦਿਆਂ ਮਨੋਜ ਸਿਨਹਾ ਨੇ ਕਿਹਾ ਕਿ ਜੋ ਲੋਕ ਸੰਵਿਧਾਨਕ ਅਹੁਦਿਆਂ ਅਤੇ ਸੰਸਦ ਮੈਂਬਰ ਹੋਣ ਦੇ ਬਾਵਜੂਦ ਸੰਵਿਧਾਨਕ ਪ੍ਰਕਿਰਿਆ ਨੂੰ ਨਹੀਂ ਸਮਝਦੇ ਤਾਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਕੋਈ ਇਲਾਜ ਨਹੀਂ ਹੈ।