ਸ਼੍ਰੋਮਣੀ ਅਕਾਲੀ ਦਲ (ਅ) ‘ਫਤਿਹ’ ਦੇ ਆਗੂ ਦਰਬਾਰ ਸਾਹਿਬ ਨਤਮਸਤਕ

ਸ਼੍ਰੋਮਣੀ ਅਕਾਲੀ ਦਲ (ਅ) ‘ਫਤਿਹ’ ਦੇ ਆਗੂ ਦਰਬਾਰ ਸਾਹਿਬ ਨਤਮਸਤਕ

ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਵੱਖ ਹੋ ਕੇ ਆਪਣੀ ਵੱਖਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ‘ਫਤਿਹ’ ਬਣਾਉਣ ਵਾਲੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਤੇ ਉਸ ਦੇ ਸਮਰਥਕਾਂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ਼ੁਕਰਾਨਾ ਕੀਤਾ ਹੈ। ਇਸ ਮੌਕੇ ਜਥੇਬੰਦੀ ਦੀ 25 ਮੈਂਬਰੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਗਿਆ ਹੈ।

ਗੁਰੂ ਘਰ ਵਿੱਚ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਨਵੀਂ ਬਣੀ ਪਾਰਟੀ ਦੇ ਪ੍ਰਧਾਨ ਜਸਕਰਨ ਸਿੰਘ ਨੇ ਦੱਸਿਆ ਕਿ ਅੱਜ ਪਾਰਟੀ ਦੀ ਰਾਜਸੀ ਮਾਮਲਿਆਂ ਦੀ ਕਮੇਟੀ ਬਣਾਈ ਗਈ ਹੈ। ਇਸ ਵਿੱਚ 25 ਮੈਂਬਰ ਸ਼ਾਮਲ ਕੀਤੇ ਗਏ ਹਨ, ਜੋ ਆਪਸ ਵਿੱਚ ਵਿਚਾਰ ਕਰ ਕੇ ਪਾਰਟੀ ਨੂੰ ਅੱਗੇ ਚਲਾਉਣ ਲਈ ਨੀਤੀਆਂ ਬਣਾਉਣਗੇ। ਉਨ੍ਹਾਂ 2027 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਆਗਾਮੀ ਲੋਕ ਸਭਾ ਚੋਣਾਂ, ਸ਼੍ਰੋਮਣੀ ਕਮੇਟੀ ਦੀਆਂ ਚੋਣਾਂ, ਜ਼ਿਲ੍ਹਾ ਪਰਿਸ਼ਦ, ਬਲਾਕ ਸਮਿਤੀ ਅਤੇ ਨਗਰ ਨਿਗਮ ਦੀਆਂ ਚੋਣਾਂ ਵੀ ਲੜੇਗੀ। ਉਨ੍ਹਾਂ ਕਿਹਾ ਕਿ ਨਵੀਂ ਪਾਰਟੀ ਸੰਤ ਭਿੰਡਰਾਂਵਾਲਿਆਂ ਵੱਲੋਂ ਪਾਏ ਪੂਰਨਿਆਂ ’ਤੇ ਚੱਲੇਗੀ ਜਿਸ ਦਾ ਮੰਤਵ ਖਾਲਸਾ ਰਾਜ ਦੀ ਸਥਾਪਨਾ ਹੈ।

ਮਾਨ ਅਕਾਲੀ ਦਲ ਨਾਲੋਂ ਵੱਖ ਹੋਣ ਬਾਰੇ ਉਨ੍ਹਾਂ ਕਿਹਾ ਕਿ ਪਾਰਟੀ ’ਚ ਹੋ ਰਹੇ ਗ਼ੈਰ-ਸਨਮਾਨਜਨਕ ਵਤੀਰੇ ਦੇ ਕਾਰਨ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸੂਚਨਾ ਕੇਂਦਰ ’ਤੇ ਸਨਮਾਨ ਵੀ ਕੀਤਾ ਗਿਆ।