ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ

ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਫਰਵਰੀ 2023 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤਾ। ਸ਼੍ਰੋਮਣੀ ਕਮੇਟੀ ਵਲੋਂ ਐਲਾਨੇ ਗਏ ਨਤੀਜੇ ਅਨੁਸਾਰ 1552 ਵਿਦਿਆਰਥੀਆਂ ਨੂੰ 32 ਲੱਖ 25 ਹਜ਼ਾਰ ਰੁਪਏ ਵਜੀਫਾ ਰਾਸ਼ੀ ਵਜੋਂ ਦਿੱਤੇ ਜਾਣਗੇ। ਇਸ ਤੋਂ ਇਲਾਵਾ ਸਨਮਾਨ ਚਿੰਨ੍ਹ ਤੇ ਪ੍ਰਮਾਣ ਪੱਤਰ ਦਿਤਾ ਜਾਵੇਗਾ। ਅੱਜ ਨਤੀਜਾ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਸਾਲ ਫ਼ਰਵਰੀ 2023 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਚਾਰ ਦਰਜਿਆਂ ਹੇਠ 40774 ਵਿਦਿਆਰਥੀਆਂ ਨੇ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ 1552 ਵਿਦਿਆਰਥੀ ਨੇ ਵਜ਼ੀਫਾ ਹਾਸਲ ਕੀਤਾ ਹੈ। ਇਸ ਪ੍ਰੀਖਿਆ ਦੇ ਹਰ ਦਰਜੇ ਵਿੱਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਵੀ ਵਿਸ਼ੇਸ਼ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਵਿਦਿਆਰਥੀ ਨੂੰ ਇਸ ਧਾਰਮਿਕ ਪ੍ਰੀਖਿਆ ਦਾ ਹਿੱਸਾ ਬਣਾਉਣ, ਤਾਂ ਜੋ ਵੱਧ ਤੋਂ ਵੱਧ ਬੱਚੇ ਅਤੇ ਨੌਜੁਆਨ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਜਾਣੂ ਹੋ ਸਕਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਅੰਤ੍ਰਿੰਗ ਕਮੇਟੀ ਮੈਂਬਰ ਗੁਰਨਾਮ ਸਿੰਘ ਜੱਸਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਭਲਾਈਪੁਰ, ਅਮਰੀਕ ਸਿੰਘ ਵਿਛੋਆ, ਬਲਵਿੰਦਰ ਸਿੰਘ ਵੇਈਂਪੂਈਂ, ਹਰਪਾਲ ਸਿੰਘ ਜੱਲਾ, ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਬਲਵਿੰਦਰ ਸਿੰਘ ਕਾਹਲਵਾਂ ਆਦਿ ਹਾਜ਼ਰ ਸਨ।

ਪੁਸਤਕ ‘ਕੌਮੀ ਪ੍ਰਵਾਨੇ’ ਰਿਲੀਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸੁਲਤਾਨਵਿੰਡ ਨਾਲ ਸਬੰਧਤ ਸ਼ਹੀਦਾਂ ਬਾਰੇ ਲਿਖੀ ਗਈ ਪੁਸਤਕ ‘ਕੌਮੀ ਪ੍ਰਵਾਨੇ’ ਰਿਲੀਜ਼ ਕੀਤੀ ਗਈ ਹੈ। ਇਹ ਪੁਸਤਕ ਦਲੇਰ ਸਿੰਘ ਨੇ ਲਿਖੀ ਹੈ, ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਅਤੇ ਉਨ੍ਹਾਂ ਦੇ ਭਰਾ ਮਿਲਾਪ ਸਿੰਘ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਪਿੰਡ ਸੁਲਤਾਨਵਿੰਡ ਦੇ ਇੱਕੋ ਪਰਿਵਾਰ ਨਾਲ ਸਬੰਧਤ ਕਈ ਸਿੰਘ ਸ਼ਹੀਦ ਹੋਏ ਹਨ, ਜਿਨ੍ਹਾਂ ਦੇ ਜੀਵਨ ਤੋਂ ਅਗਲੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਉਣ ਲਈ ਇਤਿਹਾਸਕਾਰ ਦਲੇਰ ਸਿੰਘ ਖਿਆਲਾ ਨੇ ‘ਕੌਮੀ ਪ੍ਰਵਾਨੇ’ ਪੁਸਤਕ ਲਿਖ ਕੇ ਸ਼ਲਾਘਾਯੋਗ ਉਪਰਾਲਾ ਕੀਤਾ ਹੈ।