ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲੜਾਂਗੀ: ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲੜਾਂਗੀ: ਬੀਬੀ ਜਗੀਰ ਕੌਰ

ਅਕਾਲੀ ਦਲ ਵੱਲੋਂ ਭਾਜਪਾ ਨਾਲ ਮੁੜ ਗੱਠਜੋੜ ਬਾਰੇ ਗੱਲਬਾਤ ਹੋਣ ਦਾ ਕੀਤਾ ਦਾਅਵਾ

ਚੰਡੀਗੜ੍ਹ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਚੋਣ ਲੜਨ ਦੇ ਆਪਣੇ ਸਟੈਂਡ ’ਤੇ ਕਾਇਮ ਹਨ। ਉਨ੍ਹਾਂ ਅੱਜ ਡਾ. ਦਲਜੀਤ ਸਿੰਘ ਚੀਮਾ ਅਤੇ ਸੁਰਜੀਤ ਸਿੰਘ ਰੱਖੜਾ ਨਾਲ ਪਿਛਲੇ ਦਿਨੀ ਹੋਈ ਬੰਦ ਕਮਰਾ ਮੀਟਿੰਗ ਵਿੱਚਲੀ ਗੱਲਬਾਤ ਦਾ ਖੁਲਾਸਾ ਕਰਕੇ ਅਕਾਲੀ ਦਲ ਨੂੰ ਕਸੂਤੀ ਸਥਿਤੀ ਵਿੱਚ ਫਸਾ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਦਾਅਵਾ ਕੀਤਾ ਹੈ ਕਿ ਸੀਨੀਅਰ ਅਕਾਲੀ ਆਗੂ ਡਾ. ਚੀਮਾ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਪਾਰਟੀ ਦੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨਾਲ ਗਠਜੋੜ ਦੀ ਗੱਲਬਾਤ ਚੱਲ ਰਹੀ ਹੈ। ਗੱਠਜੋੜ ਬਿਨਾਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਦੋਵਾਂ ਪਾਰਟੀਆਂ ਦਾ ਪੰਜਾਬ ਵਿੱਚ ਜਿੱਤਣਾ ਮੁਸ਼ਕਿਲ ਹੈ। ਇਸ ਲਈ ਦੋਵਾਂ ਪਾਰਟੀਆਂ ਨੂੰ ਗੱਠਜੋੜ ਕਰਨਾ ਪਏਗਾ। ਉਧਰ ਲੰਘੇ ਦਿਨੀਂ ਡਾ. ਦਲਜੀਤ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ’ਚ ਭਾਜਪਾ ’ਤੇ ਸਿੱਖ ਕੌਮ ਦੇ ਧਾਰਮਿਕ ਮਸਲਿਆਂ ਵਿੱਚ ਸਿੱਧੇ ਤੌਰ ’ਤੇ ਦਖਲ ਦੇਣ ਅਤੇ ਸਿੱਖਾਂ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦਾ ਯਤਨ ਕਰਨ ਦੇ ਦੋਸ਼ ਲਗਾਏ ਸਨ। ਇਸ ਦੇ ਨਾਲ ਹੀ ਅਕਾਲੀ ਆਗੂਆਂ ਨੇ ਦੋਸ਼ ਲਾਇਆ ਸੀ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੁਖੀ ਇਕਬਾਲ ਸਿੰਘ ਲਾਲਪੁਰਾ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਫੋਨ ਕਰਕੇ ਬੀਬੀ ਜਗੀਰ ਕੌਰ ਦੀ ਹਮਾਇਤ ਕਰਨ ਲਈ ਕਿਹਾ ਸੀ। ਅਕਾਲੀ ਆਗੂਆਂ ਨੇ ਕੇਂਦਰ ਸਰਕਾਰ ਤੋਂ ਇਕਬਾਲ ਸਿੰਘ ਲਾਲਪੁਰਾ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਮੀਟਿੰਗ ਵਿੱਚ ਹੋਈ ਗੱਲਬਾਤ ਦਾ ਖੁਲਾਸਾ ਕਰਕੇ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਨੂੰ ਕਸੂਤੀ ਸਥਿਤੀ ’ਚ ਫਸਾ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪੁਰਾਣੇ ਵਰਕਰ ਹਨ ਅਤੇ ਉਨ੍ਹਾਂ ਪਾਰਟੀ ਵੱਲੋਂ ਦਿੱਤੇ ਗਏ ਨੋਟਿਸ ਦਾ ਮੀਡੀਆ ਰਾਹੀਂ ਜਵਾਬ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਸਟੈਂਡ ’ਤੇ ਕਾਇਮ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਨੇ 33 ਸਾਲ ਪੰਜਾਬ ਵਿੱਚ ਰਾਜਨੀਤੀ ਕੀਤੀ ਹੈ, ਜੇਕਰ ਕੱਲ੍ਹ ਨੂੰ ਮੁੜ ਦੋਵੇਂ ਪਾਰਟੀਆਂ ਗੱਠਜੋੜ ਕਰਦੀਆਂ ਹਨ ਤਾਂ ਇਸ ਵਿੱਚ ਕੋਈ ਮਾੜੀ ਗੱਲ ਨਹੀਂ ਹੈ। ਉਹ ਪਾਰਟੀ ਦੇ ਫ਼ੈਸਲੇ ਨਾਲ ਹਨ। ਦੱਸਣਯੋਗ ਹੈ ਕਿ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਲਿਫ਼ਾਫ਼ਾ ਕਲਚਰ ਦਾ ਵਿਰੋਧ ਕਰਦਿਆਂ ਅਕਾਲੀ ਦਲ ਤੋਂ ਬਾਗੀ ਹੋ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਮਗਰੋਂ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਆਪਣੇ ਫੈਸਲੇ ’ਤੇ ਕਾਇਮ ਹਨ। ਗੌਰਤਲਬ ਹੈ ਕਿ ਸ਼੍ਰੋਮਣੀ ਕਮੇਟੀ ਚੋਣਾਂ ’ਚ ਲੰਬੇ ਸਮੇਂ ਬਾਅਦ ਬਾਦਲਾਂ ਨੂੰ ਸਿੱਧੀ ਚੁਣੌਤੀ ਮਿਲੀ ਹੈ। ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਵਿੱਚ ਕਿਸੇ ਨੇ ਅਜਿਹੀ ਹਿੰਮਤ ਨਹੀਂ ਦਿਖਾਈ।

ਮਨਜਿੰਦਰ ਸਿਰਸਾ ਵੱਲੋਂ ਮਦਦ ਦੀ ਪੇਸ਼ਕਸ਼

ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਮਦਦ ਦੀ ਪੇਸ਼ਕਸ਼ ਕੀਤੀ ਸੀ। ਪਰ ਸ਼੍ਰੋਮਣੀ ਕਮੇਟੀ ਵਿੱਚ ਭਾਜਪਾ ਦੀ ਕੋਈ ਵੋਟ ਨਾ ਹੋਣ ਕਰਕੇ ਉਨ੍ਹਾਂ ਕਿਸੇ ਕਿਸਮ ਦੀ ਮਦਦ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹਨ ਅਤੇ ਭਾਜਪਾ ਵਿੱਚ ਜਾਣ ਦਾ ਉਨ੍ਹਾਂ ਦਾ ਕੋਈ ਇਰਾਦਾ ਨਹੀਂ ਹੈ।