ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨਾਂ ’ਤੇ ਲਾਠੀਚਾਰਜ ਦੀ ਨਿਖੇਧੀ

ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨਾਂ ’ਤੇ ਲਾਠੀਚਾਰਜ ਦੀ ਨਿਖੇਧੀ

ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਲੌਂਗੋਵਾਲ ਵਿੱਚ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ। ਇਸ ਝੜਪ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਦੇ ਪਰਿਵਾਰ ਨਾਲ ਵੀ ਉਨ੍ਹਾਂ ਨੇ ਸੰਵੇਦਨਾ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ’ਚ ਆਏ ਹੜ੍ਹਾਂ ਕਾਰਨ ਬਣੇ ਹਾਲਾਤਾਂ ਮਗਰੋਂ ਕਿਸਾਨ ਜਥੇਬੰਦੀਆਂ ਲਗਾਤਾਰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀਆਂ ਹਨ, ਜਿਸ ਦੀ ਸ਼੍ਰੋਮਣੀ ਕਮੇਟੀ ਹਮਾਇਤ ਕਰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਰਕਾਰ ਵੱਲੋਂ ਕਿਸਾਨਾਂ ’ਤੇ ਕੀਤੇ ਜਾ ਰਹੇ ਤਸ਼ੱਦਦ ਦੀ ਪੁਰਜ਼ੋਰ ਨਿਧੇਧੀ ਕਰਦੀ ਹੈ। ਉਨ੍ਹਾਂ ਕਿਹਾ ਕਿ ਲੌਂਗੋਵਾਲ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਵਿਰੁੱਧ ਸੰਗੀਨ ਧਾਰਾਵਾਂ ਤਹਿਤ ਪਰਚੇ ਦਰਜ ਕਰਨਾ ਅਤਿ ਨਿੰਦਣਯੋਗ ਕਾਰਵਾਈ ਹੈ, ਜਿਸ ਨੂੰ ਸਰਕਾਰ ਤੁਰੰਤ ਵਾਪਸ ਲਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਸੰਸਥਾ ਲੋੜ ਪੈਣ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ।