ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਲਈ ਜਥਾ ਪਾਕਿਸਤਾਨ ਪੁੱਜਿਆ

ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਲਈ ਜਥਾ ਪਾਕਿਸਤਾਨ ਪੁੱਜਿਆ

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਔਕਾਫ਼ ਬੋਰਡ ਵੱਲੋਂ ਨਿੱਘਾ ਸਵਾਗਤ

ਅਟਾਰੀ – ਸਾਕਾ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਬੰਧੀ ਪਾਕਿਸਤਾਨ ਵਿੱਚ 30 ਅਕਤੂਬਰ ਨੂੰ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 93 ਮੈਂਬਰੀ ਜਥਾ ਅੱਜ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਪੁੱਜਿਆ। ਵਾਹਗਾ ਸਰਹੱਦ (ਪਾਕਿਸਤਾਨ) ਪਹੁੰਚਣ ’ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਔਕਾਫ਼ ਬੋਰਡ ਦੇ ਅਧਿਕਾਰੀਆਂ ਵੱਲੋਂ ਫੁੱਲਾਂ ਦੀ ਵਰਖਾ ਕਰ ਕੇ ਜਥੇ ਦਾ ਨਿੱਘਾ ਸਵਾਗਤ ਕੀਤਾ ਗਿਆ। ਪਾਕਿਸਤਾਨ ਗਏ ਜਥੇ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਤੇ ਹੋਰ ਸ਼ਾਮਲ ਸਨ। ਅਟਾਰੀ ਸਰਹੱਦ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਲੌਂਗੋਵਾਲ ਨੇ ਦੱਸਿਆ ਕਿ ਉਹ ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਸਬੰਧੀ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਵਿੱਚ ਹੋ ਰਹੇ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਪਾਕਿਸਤਾਨ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ 29 ਅਤੇ 30 ਅਕਤੂਬਰ ਨੂੰ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਹਿਲੀ ਨਵੰਬਰ ਨੂੰ ਜਥਾ ਭਾਰਤ ਪਰਤੇਗਾ।

ਪਾਕਿਸਤਾਨ ਤੋਂ 50 ਮੈਂਬਰੀ ਹਿੰਦੂ ਜਥਾ ਭਾਰਤ ਪੁੱਜਿਆ
ਅਟਾਰੀ : ਭਾਰਤ ਸਥਿਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਅੱਜ ਪਾਕਿਸਤਾਨ ਤੋਂ 50 ਮੈਂਬਰੀ ਹਿੰਦੂ ਸ਼ਰਧਾਲੂਆਂ ਦਾ ਜਥਾ ਵਾਹਗਾ-ਅਟਾਰੀ ਸਰਹੱਦ ਰਸਤੇ ਭਾਰਤ ਪੁੱਜਿਆ। ਜਥੇ ਦੀ ਅਗਵਾਈ ਕਰ ਰਹੇ ਦੀਨਾ ਜੀ ਨੇ ਦੱਸਿਆ ਕਿ ਜਥਾ ਹਰਿਦੁਆਰ ਸਥਿਤ ਹਿੰਦੂ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਲਈ 25 ਦਿਨਾਂ ਦੇ ਵੀਜ਼ੇ ’ਤੇ ਭਾਰਤ ਆਇਆ ਹੈ। ਉਨ੍ਹਾਂ ਦੱਸਿਆ ਕਿ ਜਥਾ ਅੰਮ੍ਰਿਤਸਰ ਤੋਂ ਰੇਲ ਗੱਡੀ ਰਾਹੀਂ ਹਰਿਦੁਆਰ ਰਵਾਨਾ ਹੋਵੇਗਾ।