ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ

ਸ਼੍ਰੋਮਣੀ ਕਮੇਟੀ ਨੂੰ ਤੋੜਨ ਦਾ ਯਤਨ ਕਰਨ ਵਾਲੀਆਂ ਤਾਕਤਾਂ ਕਦੇ ਕਾਮਯਾਬ ਨਹੀਂ ਹੋਣਗੀਆਂ: ਗਿਆਨੀ ਰਘਬੀਰ ਸਿੰਘ
ਸ੍ਰੀ ਆਨੰਦਪੁਰ ਸਾਹਿਬ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਧਾਰਮਿਕ ਸਮਾਗਮ ਤਖ਼ਤ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ ਵਿੱਚ ਕਰਵਾਇਆ ਗਿਆ। ਇਸ ਸਮਾਗਮ ਵਿੱਚ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸਾਬਕਾ ਸੰਸਦ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਸਣੇ ਵੱਡੀ ਗਿਣਤੀ ਵਿੱਚ ਸੰਤਾਂ ਮਹਾਪੁਰਸ਼ਾਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੰਜਾ ਸਾਹਿਬ ਵਿੱਚ ਸੌ ਸਾਲ ਪਹਿਲਾਂ ਸ਼ਹੀਦ ਹੋਏ ਦੋ ਸਿੰਘ ਭਾਈ ਕਰਮ ਸਿੰਘ ਤੇ ਭਾਈ ਪ੍ਰਤਾਪ ਸਿੰਘ ਵਿੱਚੋਂ ਭਾਈ ਕਰਮ ਸਿੰਘ ਸ੍ਰੀ ਆਨੰਦਪੁਰ ਸਾਹਿਬ ਦੇ ਵਾਸੀ ਸਨ, ਜਿਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸਮਾਗਮ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬ ਤੋਂ ਬਾਹਰਲੇ ਸੂਬਿਆਂ ਅੰਦਰ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸੰਭਾਲ ਕਰਨ ਲਈ ਸ਼੍ਰੋਮਣੀ ਕਮੇਟੀ ਹਮੇਸ਼ਾ ਮੋਹਰੀ ਰਹੀ ਹੈ, ਪਰ ਕੁਝ ਸਿੱਖ ਵਿਰੋਧੀ ਤਾਕਤਾਂ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਤੇ ਤੁਲੀਆਂ ਹਨ, ਜੋ ਕਦੇ ਸਫ਼ਲ ਨਹੀਂ ਹੋ ਸਕਣਗੀਆਂ। ਸਮਾਗਮ ਦੌਰਾਨ ਮੈਡੀਕਲ ਅਤੇ ਖੂਨਦਾਨ ਕੈਂਪ ਵੀ ਲਗਾਇਆ। ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਵੱਖ ਹੋ ਕੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣਾ ਸਿੱਖਾਂ ਨੂੰ ਅਕਾਲ ਤਖ਼ਤ ਸਾਹਿਬ ਤੋਂ ਤੋੜਨ ਦੀ ਗੰਭੀਰ ਚਾਲ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।

ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਵੇ: ਡਾ. ਚੀਮਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਨਾਲ ਗੁਜਰਾਤ ਵਿੱਚ ਘੁੰਮ ਰਹੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਾਪਸ ਆ ਕੇ ਸੂਬੇ ਦੇ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ। ਬੰਦੀ ਸਿੰਘਾ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨਾ ਕੇਂਦਰ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ, ਪਰ ਇਸ ਮਾਮਲੇ ਵਿੱਚ ਵੀ ਕੇਂਦਰ ਵੱਲੋਂ ਸਿੱਖਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ।