ਸਾਬਕਾ ਫ਼ੌਜੀਆਂ ਵੱਲੋਂ ਮੰਗਾਂ ਦੇ ਹੱਕ ਵਿੱਚ ਰੋਸ ਮੁਜ਼ਾਹਰਾ

ਸਾਬਕਾ ਫ਼ੌਜੀਆਂ ਵੱਲੋਂ ਮੰਗਾਂ ਦੇ ਹੱਕ ਵਿੱਚ ਰੋਸ ਮੁਜ਼ਾਹਰਾ

ਕੇਂਦਰ ਸਰਕਾਰ ਨੂੰ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰਨ ਦੀ ਚਿਤਾਵਨੀ ਦਿੱਤੀ
ਨਵੀਂ ਦਿੱਲੀ- ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਸਮੇਤ ਹੋਰ ਰਾਜਾਂ ਦੇ ਸਾਬਕਾ ਫ਼ੌਜੀਆਂ ਨੇ ‘ਸਾਬਕਾ ਸੈਨਿਕ ਸੰਗਠਨ ਕਮੇਟੀ’ ਦੀ ਅਗਵਾਈ ਹੇਠ ਅੱਜ ਦਿੱਲੀ ਦੇ ਜੰਤਰ-ਮੰਤਰ ਉੱਤੇ ‘ਇੱਕ ਰੈਂਕ ਇੱਕ ਪੈਨਸ਼ਨ’ ਖ਼ਿਲਾਫ਼ ਅਤੇ ਹੋਰ ਮੰਗਾਂ ਦੀ ਪੂਰਤੀ ਲਈ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਵਾਨਾਂ ਨਾਲ ਸਬੰਧਤ ਮੰਗਾਂ ਨਾ ਮੰਨੀਆਂ ਗਈਆਂ ਤਾਂ ਦਿੱਲੀ ਵਿੱਚ ਬੇਮਿਆਦੀ ਧਰਨਾ ਸ਼ੁਰੂ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 14 ਨਵੰਬਰ 2022 ਨੂੰ ਦਿੱਲੀ ਵਿੱਚ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ ਵਿੱਚ 24 ਯੂਨੀਅਨਾਂ ਸ਼ਾਮਲ ਹੋਈਆਂ ਸਨ। ਸੋਮਵਾਰ ਨੂੰ ਪ੍ਰਦਰਸ਼ਨ ਦੌਰਾਨ ਸਾਬਕਾ ਫ਼ੌਜੀਆਂ ਨੇ ਰਾਸ਼ਟਰਪਤੀ ਦੇ ਨਾਂ ਦਿੱਤੇ ਯਾਦ ਪੱਤਰ ਵਿੱਚ ਕਿਹਾ 24 ਦਸੰਬਰ 2022 ਨੂੰ ਕੇਂਦਰ ਸਰਕਾਰ ਨੇ ‘ਵਨ ਰੈਂਕ ਵਨ ਪੈਨਸ਼ਨ’ ਦਾ ਐਲਾਨ ਕੀਤਾ ਸੀ ਅਤੇ ਕਿਹਾ ਗਿਆ ਸੀ ਕਿ 1 ਜੁਲਾਈ 2014 ਤੋਂ ਪਹਿਲਾਂ ਤੋਂ ਪਹਿਲਾਂ ਸੇਵਾਮੁਕਤ ਹੋਣ ਵਾਲੇ ਫ਼ੌਜੀਆਂ ਨੂੰ ਹੀ ਇੱਕ ਰੈਂਕ ਇੱਕ ਪੈਨਸ਼ਨ ਦਾ ਲਾਭ ਦਿੱਤਾ ਜਾਵੇਗਾ ਤੇ ਇਸ ਮਗਰੋਂ ਪ੍ਰੀਮਿਚਊਰ ਸੇਵਾਮੁਕਤ ਹੋਣ ਵਾਲੇ ਜਵਾਨਾਂ ਨੂੰ ਇੱਕ ਰੈਂਕ ਇੱਕ ਪੈਨਸ਼ਨ ਦਾ ਲਾਭ ਨਹੀਂ ਮਿਲੇਗਾ। ਸਾਬਕਾ ਫ਼ੌਜੀਆਂ ਨੇ ਭਾਰਤੀ ਫ਼ੌਜਾਂ ਦੇ ਸੁਪਰੀਮ ਕਮਾਂਡਰ ਰਾਸ਼ਟਰਪਤੀ ਨੂੰ ਦੱਸਿਆ ਕਿ ਸਮੇਂ ਤੋਂ ਪਹਿਲਾਂ ਨੌਕਰੀ ਤੋਂ ਤਿਆਗ ਪੱਤਰ ਦੇਣ ਵਾਲੇ ਜਵਾਨ ਸੇਵਾਮੁਕਤ ਨਹੀਂ ਹੁੰਦੇ ਕਿਉਂਕਿ ਉਨ੍ਹਾਂ ਦਾ ਫ਼ੌਜ ਨਾਲ ਕਰਾਰ 17 ਸਾਲ ਦਾ ਹੁੰਦਾ ਹੈ ਜਦੋਂ ਕਿ ਅਫਸਰਾਂ ਦਾ ਕਰਾਰ 58 ਸਾਲ ਦੀ ਉਮਰ ਤੱਕ ਹੁੰਦਾ ਹੈ। ਜੇਕਰ ਉਹ ਸਮੇਂ ਤੋਂ ਪਹਿਲਾਂ ਨੌਕਰੀ ਤੋਂ ਬਾਹਰ ਹੁੰਦੇ ਹਨ ਤਾਂ ਉਸ ਨੂੰ ਪ੍ਰੀਮਿਚਊਰ ਸੇਵਾਮੁਕਤੀ ਕਿਹਾ ਜਾਂਦਾ ਹੈ। ਪ੍ਰਦਰਸ਼ਨਕਾਰੀਆਂ ਮੁਤਾਬਕ ਇਸ ਤਰ੍ਹਾਂ ਜਵਾਨਾਂ ਨਾਲ ਪ੍ਰੀਮਿਚਊਰ ਸੇਵਾਮੁਕਤੀ ਦੇ ਨਾਂ ਹੇਠ ਧੋਖਾ ਕੀਤਾ ਗਿਆ ਹੈ ਤੇ ਉਨ੍ਹਾਂ ਨੂੰ ਇੱਕ ਰੈਂਕ ਇੱਕ ਪੈਨਸ਼ਨ ਦੇ ਲਾਭ ਤੋਂ ਵਾਂਝਾ ਰੱਖਿਆ ਗਿਆ ਹੈ। ‘ਸਾਬਕਾ ਸੈਨਿਕ ਸੰਗਠਨ ਕਮੇਟੀ’ ਦੇ ਅਹੁਦੇਦਾਰਾਂ ਵੱਲੋਂ ਕਿਹਾ ਗਿਆ ਕਿ ਸਾਰੇ ਜਵਾਨਾਂ ਨੂੰ ਓਆੲਓਪੀ ਦਾ ਲਾਭ ਦਿੱਤਾ ਜਾਵੇ ਅਤੇ ਇਸ ਵਿੱਚ ਕਿਸੇ ਤਰ੍ਹਾਂ ਦਾ ਕੋਈ ਫਰਕ ਨਾ ਰੱਖਿਆ ਜਾਵੇ।