ਸਾਹਨੀ ਨੇ ਰਾਜ ਸਭਾ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਉਠਾਇਆ

ਸਾਹਨੀ ਨੇ ਰਾਜ ਸਭਾ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਉਠਾਇਆ

ਨਵੀਂ ਦਿੱਲੀ- ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਰਾਜ ਸਭਾ ਵਿੱਚ ਬੰਦੀ ਸਿੰਘਾਂ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ। ਦੱਸਣਾ ਬਣਦਾ ਹੈ ਕਿ ਬੰਦੀ ਸਿੰਘਾਂ ਦੀ ਸਜ਼ਾ ਮੁਕੰਮਲ ਹੋਣ ਤੋਂ ਬਾਅਦ ਵੀ ਰਿਹਾਈ ਨਹੀਂ ਹੋ ਰਹੀ ਹੈ।

ਸ੍ਰੀ ਸਾਹਨੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤ ਸਾਰੇ ਬੰਦੀ ਸਿੰਘ ਗੰਭੀਰ ਸਰੀਰਕ ਤੇ ਮਾਨਸਿਕ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਨ੍ਹਾਂ ਨੂੰ ਪੰਜਾਬ ਵਿੱਚ ਖਾੜਕੂਵਾਦ ਨਾਲ ਸਬੰਧਤ ਘਟਨਾਵਾਂ ਦੇ ਦੋਸ਼ ਹੇਠ ਸਜ਼ਾ ਸੁਣਾਈ ਗਈ ਸੀ। ਉਨ੍ਹਾਂ ਕਿਹਾ ਕਿ ਬਿਲਕੀਸ ਬਾਨੋ ਕੇਸ ਦੇ ਦੋਸ਼ੀਆਂ ਨੂੰ 15 ਸਾਲ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਰਿਹਾਅ ਕੀਤਾ ਗਿਆ, ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਵੀ 30 ਸਾਲ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਪਰ ਬੰਦੀ ਸਿੰਘਾਂ ਨਾਲ ਅਜਿਹਾ ਨਹੀਂ ਕੀਤਾ ਜਾ ਰਿਹਾ।

ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਮੰਗ ਕੀਤੀ ਕਿ ਇਸ ਸਬੰਧੀ ਇਕਸਾਰ ਕੌਮੀ ਨੀਤੀ ਹੋਣੀ ਚਾਹੀਦੀ ਹੈ ਅਤੇ ਕਿਸੇ ਵੀ ਕੈਦੀ ਨਾਲ ਵਿਤਕਰਾ ਨਹੀਂ ਕਰਨਾ ਚਾਹੀਦਾ। ਇਨ੍ਹਾਂ ਬੰਦੀ ਸਿੰਘਾਂ ਨੂੰ ਪਿਛਲੇ 30 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਸਲਾਖਾਂ ਪਿੱਛੇ ਰੱਖਿਆ ਹੋਇਆ ਹੈ। ਸ੍ਰੀ ਸਾਹਨੀ ਨੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਬੰਦੀ ਸਿੰਘਾਂ ਦੇ ਇਨ੍ਹਾਂ ਸਾਰੇ ਮਾਮਲਿਆਂ ਦੀ ਸਮੀਖਿਆ ਕਰਨ ਤੇ ਉਨ੍ਹਾਂ ਨੂੰ ਰਿਹਾਅ ਕਰਨ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕਰਨ।