ਸਿਆਸੀ ਧਿਰਾਂ ਦੇ ਕੌਮੀ ਪ੍ਰਧਾਨ ਦਰਿਆਈ ਪਾਣੀਆਂ ਬਾਰੇ ਆਪਣਾ ਪੱਖ ਸਪੱਸ਼ਟ ਕਰਨ: ਸੁਖਬੀਰ

ਸਿਆਸੀ ਧਿਰਾਂ ਦੇ ਕੌਮੀ ਪ੍ਰਧਾਨ ਦਰਿਆਈ ਪਾਣੀਆਂ ਬਾਰੇ ਆਪਣਾ ਪੱਖ ਸਪੱਸ਼ਟ ਕਰਨ: ਸੁਖਬੀਰ

ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਦੋਸ਼ ਲਾਇਆ ਹੈ ਕਿ ਉਹ ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ’ਤੇ ਹਰਿਆਣਾ ਤੇ ਕੇਂਦਰ ਸਰਕਾਰਾਂ ਨਾਲ ਐੱਸਵਾਈਐੱਲ ਦੇ ਮੁੱਦੇ ’ਤੇ ਮੀਟਿੰਗਾਂ ਕਰ ਰਹੇ ਹਨ ਤਾਂ ਜੋ ‘ਆਪ’ ਕਨਵੀਨਰ ਪੰਜਾਬ ਦਾ ਦਰਿਆਈ ਪਾਣੀ ਹਰਿਆਣਾ ਤੇ ਦਿੱਲੀ ਨੂੰ ਦੇਣ ਦਾ ਆਪਣਾ ਏਜੰਡਾ ਪੂਰਾ ਕਰ ਸਕਣ।

ਸ੍ਰੀ ਬਾਦਲ ਇਥੇ ਹਰਿ ਕੀ ਪਾਉੜੀ ਵਿਖੇ ਪਰਿਵਾਰ ਵੱਲੋਂ ਰਖਵਾਏ ਅਖੰਡ ਪਾਠ ਦੇ ਭੋਗ ਪੈਣ ਮੌਕੇ ਸ਼ਾਮਲ ਹੋਣ ਲਈ ਆਏ ਸਨ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਇਸ ਗੱਲ ’ਤੇ ਦ੍ਰਿੜ੍ਹ ਹੈ ਕਿ ਪੰਜਾਬ ਦਾ ਪਾਣੀ ਹੋਰ ਰਾਜਾਂ ਨੂੰ ਨਹੀਂ ਦਿੱਤਾ ਜਾਵੇਗਾ ਤਾਂ ਫਿਰ ਇਨ੍ਹਾਂ ਮੀਟਿੰਗਾਂ ਵਿੱਚ ਸ਼ਾਮਲ ਹੋਣ ਦੀ ਕੋਈ ਲੋੜ ਹੀ ਨਹੀਂ ਹੈ। ਪਰ ਮੁੱਖ ਮੰਤਰੀ ਦਾ ਮੀਟਿੰਗ ਵਿੱਚ ਸ਼ਾਮਲ ਹੋਣਾ ਇਹ ਖਦਸ਼ਾ ਖੜ੍ਹਾ ਕਰਦਾ ਹੈ ਕਿ ਪੰਜਾਬ ਦੇ ਹਿੱਤਾਂ ਨੂੰ ਵੇਚਿਆ ਜਾ ਸਕਦਾ ਹੈ।

ਸ੍ਰੀ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਉਨ੍ਹਾਂ ਹਮੇਸ਼ਾ ਇਹੀ ਦਲੀਲ ਦਿੱਤੀ ਹੈ ਕਿ ਰਿਪੇਰੀਅਨ ਸਿਧਾਂਤ ਦੇ ਆਧਾਰ ’ਤੇ ਪਾਰਟੀ ਕਦੇ ਵੀ ਪੰਜਾਬ ਦੇ ਦਰਿਆਵਾਂ ਦਾ ਪਾਣੀ ਹੋਰਨਾਂ ਰਾਜਾਂ ਵਿੱਚ ਨਹੀਂ ਜਾਣ ਦੇਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੀ ਇਸ ਮਾਮਲੇ ’ਤੇ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਉਕਤ ਕੌਮੀ ਪਾਰਟੀਆਂ ਦੀਆਂ ਪੰਜਾਬ ਇਕਾਈਆਂ ਦੇ ਇੰਚਾਰਜਾਂ ਵੱਲੋਂ ਦਿੱਤੇ ਬਿਆਨਾਂ ਦਾ ਕੋਈ ਅਰਥ ਨਹੀਂ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਕੋਈ ਸਨਅਤੀ ਨੀਤੀ ਨਾ ਹੋਣ ਕਾਰਨ ਸੂਬੇ ਦੀ ਸਾਈਕਲ ਤੇ ਹੋਰ ਸਨਅਤ ਉੱਤਰ ਪ੍ਰਦੇਸ਼ ਜਾ ਰਹੀ ਹੈ। ਇਸੇ ਤਰ੍ਹਾਂ ਹੌਜਰੀ ਉਦਯੋਗ ਦੀ ਜੰਮੂ ਕਸ਼ਮੀਰ ਸਰਕਾਰ ਨਾਲ ਗੱਲਬਾਤ ਚਲ ਰਹੀ ਹੈ।