ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ ਜਲਦੀ ਕਰਵਾਉਣ ਦੀ ਮੰਗ

ਅੰਮ੍ਰਿਤਸਰ-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਅੱਜ ਇੱਥੇ ਜਮਹੂਰੀਅਤ ਬਹਾਲੀ ਦਿਵਸ ਮਨਾਉਂਦਿਆਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਈਆਂ ਜਾਣ। ਇਸ ਮੌਕੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਅਤੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਵੀ ਕੀਤੀ ਗਈ। ਮਾਨ ਦਲ ਵੱਲੋਂ ਇਹ ਸਮਾਗਮ ਇੱਥੇ ਸ੍ਰੀ ਦਰਬਾਰ ਸਾਹਿਬ ਨੇੜੇ ਵਿਰਾਸਤੀ ਮਾਰਗ ਵਿਚ ਸਥਾਪਤ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੇੜੇ ਕੀਤਾ ਗਿਆ। ਇਸ ਵਿੱਚ ਵਾਰਸ ਪੰਜਾਬ ਦੇ ਜਥੇਬੰਦੀ ਸਮੇਤ ਹੋਰ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਰੈਲੀ ਨੂੰ ਪਾਰਟੀ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ , ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਕੁਝ ਮਤੇ ਵੀ ਪਾਸ ਕੀਤੇ ਗਏ। ਇਸ ਮੌਕੇ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਾ ਕਰਵਾਉਣ ਦਾ ਦੋਸ਼ ਕੇਂਦਰ ਸਰਕਾਰ ’ਤੇ ਲਾਉਂਦਿਆਂ ਕਿਹਾ ਕਿ ਜੇ ਚੋਣਾਂ ਕਰਵਾ ਕੇ ਜਮਹੂਰੀਅਤ ਬਹਾਲ ਕਰਨ ਦੀ ਮੰਗ ਪੂਰੀ ਨਾ ਹੋਈ ਤਾਂ ਉਨ੍ਹਾਂ ਦੀ ਪਾਰਟੀ ਵੱਲੋਂ ਰੋਜ਼ ਸ਼ਹੀਦੀ ਜਥੇ ਭੇਜੇ ਜਾਣਗੇ। ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕਰਦਿਆਂ ਉਨ੍ਹਾਂ ਵਿਅੰਗ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰ ਕਾਲੇ ਕੱਪੜੇ ਪਾ ਕੇ ਰਿਹਾਈ ਦੀ ਮੰਗ ਸਬੰਧੀ ਡਰਾਮਾ ਕਰ ਰਹੇ ਹਨ। ਉਨ੍ਹਾਂ ਮੋਦੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਸ ਨੇ ਸਿੱਖਾਂ ਵੱਲੋਂ ਜਿੱਤਿਆ ਹੋਇਆ ਲੱਦਾਖ ਦਾ ਇੱਕ ਵੱਡਾ ਹਿੱਸਾ ਚੀਨ ਨੂੰ ਦੇ ਦਿੱਤਾ ਹੈ। ਉਨ੍ਹਾਂ ਅਗਨੀਵੀਰ ਯੋਜਨਾ ਦੀ ਵੀ ਆਲੋਚਨਾ ਕੀਤੀ।