ਸਿੱਖਾਂ ਖ਼ਿਲਾਫ਼ ਨਫ਼ਰਤੀ ਪ੍ਰਚਾਰ ਰੋਕਣ ਲਈ ਆਈਟੀ ਸੈੱਲ ਬਣਾਉਣ ਦੀ ਮੰਗ

ਸਿੱਖਾਂ ਖ਼ਿਲਾਫ਼ ਨਫ਼ਰਤੀ ਪ੍ਰਚਾਰ ਰੋਕਣ ਲਈ ਆਈਟੀ ਸੈੱਲ ਬਣਾਉਣ ਦੀ ਮੰਗ

ਜਲੰਧਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਦਾਇਤਾਂ ਜਾਰੀ ਕਰਨ ਕਿ ਸਿੱਖਾਂ ਵਿਰੁੱਧ ਦੇਸ਼ ਵਿੱਚ ਹੋ ਰਹੇ ਨਫਰਤੀ ਪ੍ਰਚਾਰ ਨੂੰ ਠੱਲ੍ਹ ਪਾਉਣ ਲਈ ਆਈਟੀ ਸੈੱਲ ਸਥਾਪਤ ਕੀਤਾ ਜਾਵੇ। ਉਨ੍ਹਾਂ ਆਪਣੀ ਇਸ ਪੱਤਰ ਨੂੰ ਸੋਸ਼ਲ ਮੀਡੀਆ ’ਤੇ ਵੀ ਸਾਂਝਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਲਈ ਹੋਈ ਚੋਣ ਸਮੇਂ ਵੀ ਉਨ੍ਹਾਂ ਨੇ ਇਸ ਗੰਭੀਰ ਮੁੱਦੇ ਨੂੰ ਪੰਥਕ ਏਜੰਡੇ ਵਿੱਚ ਉਠਾਇਆ ਸੀ ਤੇ ਇਸ ਨੂੰ ਅਮਲ ਵਿੱਚ ਲਿਆਉਣ ਲਈ ਜਥੇਦਾਰ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਬੀਬੀ ਜਗੀਰ ਕੌਰ ਨੇ ਸਿੱਖ ਭਾਈਚਾਰੇ ਵਿਰੁੱਧ ਨਫ਼ਰਤੀ ਪ੍ਰਚਾਰ ਨੂੰ ਖਤਰਨਾਕ ਰੁਝਾਨ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰਚਾਰ ਨੂੰ ਰੋਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੋਸ਼ਲ ਮੀਡੀਆ ’ਤੇ ਆਪਣਾ ਮੰਚ ਕਾਇਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਫਰਤੀ ਪ੍ਰਚਾਰ ਦੀ ਸ਼ੁਰੂਆਤ ਕਾਂਗਰਸ ਵੇਲੇ ਤੋਂ ਹੋਈ ਸੀ, ਜੋ ਹੁਣ ਤੱਕ ਜਾਰੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਆਪਣੇ ਹਰ ਮੰਚ ਤੋਂ ਇਸ ਮੁੱਦੇ ਨੂੰ ਚੁੱਕਦੇ ਰਹਿਣਗੇ।