ਸਿੱਖਾਂ ਵਿਰੁੱਧ ਪ੍ਰਚਾਰ ਬਾਰੇ ਅਕਾਲ ਤਖਤ ਦੇ ਜਥੇਦਾਰ ਨੇ ਚਿੰਤਾ ਪ੍ਰਗਟਾਈ

ਸਿੱਖਾਂ ਵਿਰੁੱਧ ਪ੍ਰਚਾਰ ਬਾਰੇ ਅਕਾਲ ਤਖਤ ਦੇ ਜਥੇਦਾਰ ਨੇ ਚਿੰਤਾ ਪ੍ਰਗਟਾਈ

ਅੰਮ੍ਰਿਤਸਰ- ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਕੀਤੇ ਜਾ ਰਹੇ ਪ੍ਰਚਾਰ ਦਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਆਖਿਆ ਹੈ ਕਿ ਅਜਿਹਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਅਜਿਹੇ ਪ੍ਰਚਾਰ ਕਾਰਨ ਪੰਜਾਬ ਵਿੱਚ ਚਿੰਤਾਜਨਕ ਹਾਲਾਤ ਬਣ ਰਹੇ ਹਨ, ਜਿਸ ’ਤੇ ਉਨ੍ਹਾਂ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਵੀਡੀਓ ਸੁਨੇਹੇ ਰਾਹੀਂ ਕਿਹਾ ਕਿ ਪੰਜਾਬ ਵਿੱਚ ਇਨ੍ਹੀਂ ਦਿਨੀਂ ਸਿੱਖਾਂ ਵਿਰੁੱਧ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਵਿੱਚ ਇਕ ਸਿੱਖ ਨੌਜਵਾਨ ਵੱਲੋਂ ਇਕ ਹਿੰਦੂ ਆਗੂ ਦੇ ਕੀਤੇ ਗਏ ਕਤਲ ਤੋਂ ਬਾਅਦ ਉਸ ਦੇ ਪਰਿਵਾਰ ਅਤੇ ਹੋਰਨਾਂ ਬਾਰੇ ਘਟੀਆ ਕਿਸਮ ਦੀ ਸ਼ਬਦਾਵਲੀ ਵਰਤੀ ਜਾ ਰਹੀ ਹੈ, ਸਿੱਖਾਂ ਨੂੰ ਘਰੋਂ ਕੱਢ ਕੇ ਜਾਨੋਂ ਮਾਰਨ ਦੇ ਡਰਾਵੇ ਦਿੱਤੇ ਜਾ ਰਹੇ ਹਨ, ਸਿੱਖਾਂ ਨੂੰ ਭਾਰਤ ਵਿੱਚ 2 ਫੀਸਦ ਦੱਸ ਕੇ ਡਰਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਅਜਿਹੇ ਵਰਤਾਰੇ ਨੂੰ ਰੋਕਣ। ਜੇਕਰ ਸਰਕਾਰਾਂ ਇਸ ਨੂੰ ਨਹੀਂ ਰੋਕਦੀਆਂ ਤਾਂ ਪੰਜਾਬ ਵਿੱਚ ਹਾਲਾਤ ਖ਼ਰਾਬ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕਿਸੇ ਵੀ ਧਰਮ ਖ਼ਿਲਾਫ਼ ਨਫ਼ਰਤੀ ਪ੍ਰਚਾਰ ਨਹੀਂ ਕਰਦੇ ਪਰ ਜਦੋਂ ਕੋਈ ਗੁਰੂ ਗ੍ਰੰਥ ਸਾਹਿਬ ਜਾਂ ਸਿੱਖ ਸਿਧਾਂਤਾਂ ਅਤੇ ਪ੍ਰੰਪਰਾਵਾਂ ਬਾਰੇ ਨੁਕਤਾਚੀਨੀ ਕਰਦਾ ਹੈ ਤਾਂ ਸਿੱਖ ਜਜ਼ਬਾਤੀ ਹੋ ਕੇ ਵੱਧ ਬੋਲ ਜਾਂਦੇ ਹਨ ਪਰ ਕੋਈ ਵੀ ਸੱਚਾ ਸਿੱਖ ਦੂਜੇ ਧਰਮ ਬਾਰੇ ਭੱਦੀ ਸ਼ਬਦਾਵਲੀ ਜਾਂ ਗਲਤ ਪ੍ਰਚਾਰ ਨਹੀਂ ਕਰਦਾ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਆਖਿਆ ਕਿ ਸਿੱਖਾਂ ਵਿਰੁੱਧ ਗ਼ਲਤ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।