ਸਿੱਖ ਆਗੂਆਂ ਦੀ ਚੰਡੀਗੜ੍ਹ ਪ੍ਰਸ਼ਾਸਨ ਨਾਲ ਮੀਟਿੰਗ ਬੇਸਿੱਟਾ ਰਹੀ

ਸਿੱਖ ਆਗੂਆਂ ਦੀ ਚੰਡੀਗੜ੍ਹ ਪ੍ਰਸ਼ਾਸਨ ਨਾਲ ਮੀਟਿੰਗ ਬੇਸਿੱਟਾ ਰਹੀ

ਬੇਅਦਬੀ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚਾ
ਐਸ.ਏ.ਐਸ. ਨਗਰ (ਮੁਹਾਲੀ)- ਕੌਮੀ ਇਨਸਾਫ਼ ਮੋਰਚਾ ਮੁਹਾਲੀ-ਚੰਡੀਗੜ੍ਹ, ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦੇ ਸਾਂਝੇ ਬੈਨਰ ਹੇਠ ਹੱਡ ਚੀਰਵੀਂ ਠੰਢ ਵਿੱਚ ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦੇ ਮਾਮਲੇ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਧਰਨਾ ਜਾਰੀ ਹੈ। ਅੱਜ ਦੂਜੇ ਦਿਨ ਵੀ ਮਨੁੱਖੀ ਅਧਿਕਾਰ ਸੰਗਠਨਾਂ, ਪੰਥ ਦਰਦੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਇਨਸਾਫ਼ ਪਸੰਦ ਲੋਕਾਂ ਨੇ ਧਰਨੇ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਮੋਰਚੇ ’ਤੇ ਡਟੇ ਲੋਕਾਂ ਨੇ ਸਾਰੇ ਮਸਲੇ ਹੱਲ ਹੋਣ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ।

ਉਧਰ ਅੱਜ ਪ੍ਰਦਰਸ਼ਨਕਾਰੀ ਸਿੱਖ ਆਗੂਆਂ ਅਤੇ ਯੂਟੀ ਪ੍ਰਸ਼ਾਸਨ ਵਿਚਾਲੇ ਹੋਈ ਮੀਟਿੰਗ ਵੀ ਬੇਸਿੱਟਾ ਰਹੀ। ਜਾਣਕਾਰੀ ਅਨੁਸਾਰ ਧਰਨੇ ਵਾਲੀ ਥਾਂ ਦੇ ਨੇੜੇ ਚੰਡੀਗੜ੍ਹ ਵਾਲੇ ਪਾਸੇ ਯੂਟੀ ਪ੍ਰਸ਼ਾਸਨ ਨੇ ਆਪਣੇ ਕੈਂਪਸ ਆਫਿਸ ਵਿੱਚ ਸਿੱਖ ਆਗੂ ਬਾਪੂ ਗੁਰਚਰਨ ਸਿੰਘ ਦੀ ਅਗਵਾਈ ਵਾਲੇ ਵਫ਼ਦ ਨਾਲ ਮੁਲਾਕਾਤ ਕੀਤੀ ਅਤੇ ਧਰਨਾ ਚੁੱਕਣ ਦੀ ਅਪੀਲ ਕੀਤੀ ਪਰ ਸਿੱਖ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ ਮਸਲੇ ਹੱਲ ਨਹੀਂ ਹੁੰਦੇ, ਉਹ ਇੱਥੋਂ ਨਹੀਂ ਜਾਣਗੇ। ਇਸ ਮਗਰੋਂ ਯੂਟੀ ਪ੍ਰਸ਼ਾਸਨ ਨੇ ਸਿੱਖ ਆਗੂੁਆਂ ਨੂੰ ਲਿਖਤੀ ਰੂਪ ਵਿੱਚ ਮੰਗ ਪੱਤਰ ਦੇਣ ਲਈ ਆਖਿਆ ਤਾਂ ਉਨ੍ਹਾਂ ਤੁਰੰਤ ਆਪਣੀਆਂ ਮੰਗਾਂ ਬਾਰੇ ਪੱਤਰ ਅਧਿਕਾਰੀਆਂ ਨੂੰ ਸੌਂਪ ਦਿੱਤਾ। ਯੂਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਸਿੱਖ ਆਗੂਆਂ ਨੂੰ ਉਨ੍ਹਾਂ ਦੀਆਂ ਮੰਗਾਂ ’ਤੇ ਗੌਰ ਕਰਨ ਦਾ ਭਰੋਸਾ ਦਿੱਤਾ ਹੈ।

ਇਸ ਦੌਰਾਨ ਬਾਪੂ ਗੁਰਚਰਨ ਸਿੰਘ, ਇਕਬਾਲ ਸਿੰਘ ਦਿੱਲੀ, ਰਜਿੰਦਰ ਸਿੰਘ ਬਾਲੀ, ਜਗਮੋਹਨ ਸਿੰਘ ਕਾਹਲੋਂ ਅਤੇ ਹੋਰ ਸਿੱਖ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, 328 ਸਰੂਪਾਂ ਦਾ ਮਾਮਲਾ ਅਤੇ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਸਜ਼ਾਵਾਂ ਨਹੀਂ ਦਿੱਤੀਆਂ ਜਾਂਦੀਆਂ, ਉਦੋਂ ਤੱਕ ਪੱਕਾ ਮੋਰਚਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਿੱਖਾਂ ਨਾਲ ਸਬੰਧਤ ਚਾਰ ਕੌਮੀ ਮੁੱਦਿਆਂ ’ਤੇ ਸਰਕਾਰਾਂ ਉਨ੍ਹਾਂ ਦੀਆਂ ਭਾਵਨਾਵਾਂ ਦੀ ਅਣਦੇਖੀ ਕਰਦੀਆਂ ਆ ਰਹੀਆਂ ਹਨ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਮਨੁੱਖਤਾ ਦੀ ਰਾਖੀ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਬੇਅਦਬੀ ਦੇ ਮਾਮਲੇ ਸਾਹਮਣੇ ਆ ਰਹੇ ਹਨ, ਇਸ ਸਬੰਧੀ ਲੋਕਾਂ ਨੂੰ ਹੁਕਮਰਾਨਾਂ ਤੋਂ ਸਵਾਲ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਮੁਖੀ ਨੂੰ ਤਾਂ ਸਰਕਾਰ ਜਦੋਂ ਚਾਹੇ ਪੈਰੋਲ ’ਤੇ ਭੇਜ ਦਿੰਦੀ ਹੈ ਪਰ ਜਿਹੜੇ ਸਿੱਖ ਕੈਦੀ ਕਾਨੂੰਨ ਮੁਤਾਬਕ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਇਹ ਸਿੱਖ ਭਾਈਚਾਰੇ ਨਾਲ ਧੱਕਾ ਹੈ।