ਸਿੱਖ ਪ੍ਰੰਪਰਾਵਾਂ ਨੂੰ ਲੱਗ ਰਹੀ ਢਾਹ ਰੋਕਣ ਦੀ ਲੋਡ਼: ਜਥੇਦਾਰ

ਸਿੱਖ ਪ੍ਰੰਪਰਾਵਾਂ ਨੂੰ ਲੱਗ ਰਹੀ ਢਾਹ ਰੋਕਣ ਦੀ ਲੋਡ਼: ਜਥੇਦਾਰ

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਸਿੱਖ ਪ੍ਰੰਪਰਾਵਾਂ ਨੂੰ ਢਾਹ ਲਾਈ ਜਾ ਰਹੀ ਹੈ, ਜਿਸ ਨੂੰ ਰੋਕਿਆ ਜਾਣਾ ਜ਼ਰੂਰੀ ਹੈ। ਉਹ ਇੱਥੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲਿਆਂ ਦੀ ਸਵੈ-ਇੱਛਾ ਨਾਲ ਲਈ ਸੇਵਾਮੁਕਤੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਰੱਖੇ ਸਨਮਾਨ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ।
ਇਸ ਮੌਕੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਾਹਿਬਾਨ ਤੇ ਸਾਬਕਾ ਜਥੇਦਾਰਾਂ ਸਣੇ ਕਈ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਜਥੇਦਾਰ ਰਘਬੀਰ ਸਿੰਘ ਨੇ ਗਿਆਨੀ ਜਗਤਾਰ ਸਿੰਘ ਨੂੰ ਸੇਵਾਮੁਕਤੀ ’ਤੇ ਵਧਾਈ ਦਿੱਤੀ। ਮੌਜੂਦਾ ਹਾਲਾਤ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਸੋਸ਼ਲ ਮੀਡੀਆ ਰਾਹੀਂ ਸਿੱਖ ਪ੍ਰੰਪਰਾਵਾਂ ਨੂੰ ਢਾਹ ਲਾਈ ਜਾ ਰਹੀ ਹੈ। ਇਸ ਮੌਕੇ ਸ੍ਰੀ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੇ ਕੇਂਦਰੀ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਵਜੋਂ ਸੇਵਾ ਮਿਲਣਾ ਗੁਰੂ ਸਾਹਿਬ ਦੀ ਵੱਡੀ ਬਖਸ਼ਿਸ਼ ਹੈ, ਜੋ ਹਰੇਕ ਦੇ ਹਿੱਸੇ ਨਹੀਂ ਆਉਂਦੀ ਤੇ ਗਿਆਨੀ ਜਗਤਾਰ ਸਿੰਘ ਨੇ ਖ਼ੁਦ ਸੇਵਾਮੁਕਤੀ ਲੈ ਕੇ ਇਕ ਨਵੀਂ ਪਿਰਤ ਪਾਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸਹਿਯੋਗ ਕਰਦੇ ਰਹਿਣਗੇ। ਇਸ ਮੌਕੇ ਗਿਆਨੀ ਜਗਤਾਰ ਸਿੰਘ ਦਾ ਸਨਮਾਨ ਕੀਤਾ ਗਿਆ।