ਸਿੱਖ ਫੌਜੀਆਂ ਲਈ ‘ਵੀਰ ਹੈਲਮਟ’ ਲਾਜ਼ਮੀ ਕਰਨਾ ਸਿੱਖਾਂ ਦੀ ਪਹਿਚਾਣ ਖਤਮ ਕਰਨ ਦਾ ਯਤਨ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਸਿੱਖ ਫੌਜੀਆਂ ਲਈ ‘ਵੀਰ ਹੈਲਮਟ’ ਲਾਜ਼ਮੀ ਕਰਨਾ ਸਿੱਖਾਂ ਦੀ ਪਹਿਚਾਣ ਖਤਮ ਕਰਨ ਦਾ ਯਤਨ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਅੰਮਿ੍ਰਤਸਰ : ਭਾਰਤ ਸਰਕਾਰ ਵਲੋਂ ਸਿੱਖ ਫੌਜੀਆਂ ਲਈ ਹੈਲਮਟ ਪਾਉਣਾ ਲਾਜ਼ਮੀ ਕਰਨ ਦੀ ਚੱਲ ਰਹੀ ਚਰਚਾ ’ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਿੱਖ ਪੰਥ ਵਲੋਂ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਇਸ ਲਈ ਭਾਰਤ ਸਰਕਾਰ ਆਪਣੇ ਇਸ ਫੈਸਲੇ ’ਤੇ ਮੁੜ ਗੌਰ ਕਰੇ। ਜਾਰੀ ਵੀਡੀਓ ਸੰਦੇਸ਼ ਵਿਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਸਤਾਰ ਸਿੱਖ ਦੇ ਸਿਰ ’ਤੇ ਬੰਨ੍ਹਿਆ ਮਹਿਜ 5-7 ਮੀਟਰ ਦਾ ਕੱਪੜਾ ਹੀ ਨਹੀਂ ਬਲਕਿ ਗੁਰੂ ਸਾਹਿਬ ਵਲੋਂ ਬਖਸ਼ਿਆ ਗਿਆ ਤਾਜ ਅਤੇ ਸਾਡੀ ਪਹਿਚਾਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਪਹਿਚਾਣ ਦੀ ਪ੍ਰਤੀਕ ਦਸਤਾਰ ’ਤੇ ਲੋਹ ਟੋਪ ਪਾਉਣ ਦੇ ਫੈਸਲੇ ਨੂੰ ਸਾਡੀ ਸਿੱਖਾਂ ਦੀ ਪਹਿਚਾਣ ਨੂੰ ਖਤਮ ਕਰਨ ਦੇ ਯਤਨ ਵਜੋਂ ਹੀ ਦੇਖਿਆ ਜਾਵੇਗਾ ਤੇ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਮਰਯਾਦਾ ਵਿਚ ਸਿੱਖਾਂ ਨੂੰ ਟੋਪੀ ਪਾਉਣ ਤੋਂ ਵਰਜਿਤ ਕਰਾਰ ਦਿੱਤਾ ਗਿਆ ਹੈ, ਭਾਵੇਂ ਉਹ ਕੱਪੜੇ ਦੀ ਹੋਵੇ ਜਾਂ ਲੋਹੇ ਦੀ ਹੋਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਅਤੇ ਭਾਰਤੀ ਫੌਜ ਦੇ ਅਧਿਕਾਰੀਆਂ ਨੂੰ ਇਸ ਮਸਲੇ ’ਤੇ ਗੌਰ ਕਰਨੀ ਚਾਹੀਦੀ ਹੈ। ਉਨ੍ਹਾਂ ਸਿੱਖਾਂ ਨੂੰ ਵੀ ਆਪਣੇ ਧਰਮ ਦੀ ਮਰਯਾਦਾ ਪ੍ਰਤੀ ਸੁਚੇਤ ਹੋਣ ਦੀ ਅਪੀਲ ਕੀਤੀ।
ਰੱਖਿਆ ਮੰਤਰੀ ਨੂੰ ਲਿਖਿਆ ਪੱਤਰ : ਸ੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਇਤਰਾਜ ਪ੍ਰਗਟ ਕਰਦਿਆਂ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖ ਕੇ ਇਹ ਫੈਸਲਾ ਵਾਪਸ ਲੈਣ ਦੀ ਮੰਗ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਭਾਰਤੀ ਫੌਜ ਵਿਚ ਕਾਰਜਸੀਲ ਸਿੱਖਾਂ ਲਈ ਵਿਸ਼ੇਸ਼ ਲੋਹ ਟੋਪ ਲਾਗੂ ਕਰਨ ਦੇ ਫੈਸਲੇ ਨਾਲ ਸਿੱਖਾਂ ਦੀ ਵਿਲੱਖਣ ਪਛਾਣ ਅਤੇ ਸਿੱਖ ਮਰਯਾਦਾ ਨੂੰ ਢਾਹ ਲੱਗੇਗੀ। ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਵਿਰਾਸਤ ਦੀ ਲਖਾਇਕ ਹੋਣ ਦੇ ਨਾਲ ਅਧਿਆਤਮਿਕਤਾ ਅਤੇ ਸਿਧਾਂਤਕ ਮਹੱਤਵ ਵਾਲੀ ਵੀ ਹੈ। ਦਸਤਾਰ ਪ੍ਰਤੀ ਸਿੱਖਾਂ ਦੀ ਵਚਨਬੱਧਤਾ ਸਿੱਖੀ ਗੌਰਵ ਅਤੇ ਗੁਰੂ ਸਾਹਿਬ ਦੇ ਹੁਕਮ ਦੀ ਪਾਲਣਾ ਕਰਨ ਨੂੰ ਵੀ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿੱਖ ਸਿਪਾਹੀ ਨੂੰ ਲੋਹ ਟੋਪ ਪਾਉਣ ਦਾ ਹੁਕਮ ਸਿੱਖ ਰਹਿਣੀ ਨੂੰ ਚੁਣੌਤੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਸਿੱਖ ਫੌਜੀਆਂ ਨੂੰ ਲੋਹ ਟੋਪ ਪਾਉਣ ਵਾਲਾ ਫੈਸਲਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ’ਤੇ ਵੱਡੀ ਸੱਟ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਰੱਖਿਆ ਮੰਤਰੀ ਤੋਂ ਮੰਗ ਕੀਤੀ ਕਿ ਉਹ ਨਵੀਂ ਲੋਹ ਟੋਪ ਨੀਤੀ ਨੂੰ ਤੁਰੰਤ ਵਾਪਸ ਲੈਣ, ਤਾਂ ਜੋ ਰੱਖਿਆ ਸੇਵਾਵਾਂ ਵਿਚ ਸਿੱਖਾਂ ਦੀ ਵੱਖਰੀ ਪਛਾਣ ਬਰਕਰਾਰ ਰਹੇ।