ਸਿੱਖ ਮਸਲੇ: ਪੱਕੇ ਮੋਰਚੇ ਨਾਲ ਜੁੜਨ ਲੱਗੇ ਸਮੂਹ ਵਰਗਾਂ ਦੇ ਲੋਕ

ਸਿੱਖ ਮਸਲੇ: ਪੱਕੇ ਮੋਰਚੇ ਨਾਲ ਜੁੜਨ ਲੱਗੇ ਸਮੂਹ ਵਰਗਾਂ ਦੇ ਲੋਕ

ਵਿਦੇਸ਼ਾਂ ਵਿੱਚ ਵੀ ਲੋਕ ਲਹਿਰ ਬਣਨੀ ਸ਼ੁਰੂ, ਅਮਰੀਕਾ ’ਚ ਹੋਇਆ ਵਿਰੋਧ ਪ੍ਰਦਰਸ਼ਨ
ਐਸ.ਏ.ਐਸ. ਨਗਰ (ਮੁਹਾਲੀ)- ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਕੌਮੀ ਇਨਸਾਫ਼ ਮੋਰਚਾ, ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਲੜੀਵਾਰ ਧਰਨਾ ਜਾਰੀ ਹੈ। ਜਿੱਥੇ ਪ੍ਰਦਰਸ਼ਨਕਾਰੀ ਸਿੱਖਾਂ ਤੇ ਇਨਸਾਫ਼ ਪਸੰਦ ਲੋਕਾਂ ਦਾ ਰੋਹ ਭੱਖਦਾ ਜਾ ਰਿਹਾ ਹੈ, ਉੱਥੇ ਹੁਣ ਸਮਾਜ ਸੇਵੀ, ਪੰਥ ਦਰਦੀਆਂ ਅਤੇ ਕਿਸਾਨ ਵੀ ਲਗਾਤਾਰ ਜੁੜ ਰਹੇ ਹਨ ਅਤੇ ਵਿਦੇਸ਼ੀ ਮੁਲਕਾਂ ਵਿੱਚ ਵੀ ਲੋਕ ਲਹਿਰ ਬਣਨੀ ਸ਼ੁਰੂ ਹੋ ਗਈ ਹੈ। ਪ੍ਰਬੰਧਕਾਂ ਅਨੁਸਾਰ ਅਮਰੀਕਾ ਵਿੱਚ ਵੀ ਸਿੱਖ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਮੌਕੇ ਬਾਪੂ ਗੁਰਚਰਨ ਸਿੰਘ ਤੇ ਭਾਈ ਜਸਵਿੰਦਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਬੰਦੀ ਸਿੰਘਾਂ ਦੀ ਰਿਹਾਈ ਤੇ ਬੇਅਦਬੀ ਮਾਮਲਿਆਂ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਨਹੀਂ ਮਿਲਦੀਆਂ, ਉਦੋਂ ਤੱਕ ਪੱਕਾ ਮੋਰਚਾ ਜਾਰੀ ਰਹੇਗਾ। ਅੱਜ ਵੀ ਫ਼ੈਸਲਾ ਲਿਆ ਗਿਆ ਕਿ ਭਵਿੱਖ ਵਿੱਚ ਪੱਕੇ ਮੋਰਚੇ ਦੇ ਮੰਚ ਤੋਂ ਕਿਸੇ ਵੀ ਸਿਆਸੀ ਆਗੂ ਨੂੰ ਬੋਲਣ ਨਹੀਂ ਦਿੱਤਾ ਜਾਵੇਗਾ। ਹੁਣ ਪ੍ਰਬੰਧਕ ਮਾਮਲੇ ਨੂੰ ਸ਼ਾਂਤ ਕਰਨ ਵਿੱਚ ਲੱਗੇ ਹੋਏ ਹਨ। ਬੁਲਾਰਿਆਂ ਨੇ ਕਿਹਾ ਕਿ ਉਨ੍ਹਾਂ ਦਾ ਕਿਸੇ ਵੀ ਧਰਮ ਜਾਂ ਫ਼ਿਰਕੇ ਨਾਲ ਕੋਈ ਨਿੱਜੀ ਵਿਰੋਧ ਨਹੀਂ ਹੈ, ਉਹ ਸਾਰੇ ਧਰਮਾਂ ਦਾ ਪੂਰਾ ਸਤਿਕਾਰ ਕਰਦੇ ਹਨ। ਧਰਨੇ ਵਿੱਚ ਪਹੁੰਚ ਰਹੀ ਸੰਗਤ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਸੜਕ ਦੇ ਦੋਵੇਂ ਪਾਸੇ ਪੱਕੇ ਸ਼ੈੱਡ ਬਣਾਉਣੇ ਸ਼ੁਰੂ ਕਰ ਦਿੱਤੇ ਹਨ। ਉਧਰ, ਬੀਤੇ ਕੱਲ੍ਹ ਦੀ ਘਟਨਾ ਤੋਂ ਬਾਅਦ ਕੇਂਦਰ ਅਤੇ ਪੰਜਾਬ ਦੀਆਂ ਖ਼ੁਫ਼ੀਆ ਏਜੰਸੀਆਂ ਵੱਲੋਂ ਪ੍ਰਦਰਸ਼ਨਕਾਰੀ ਸਿੱਖਾਂ ਦੀਆਂ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।