ਸਿੱਧੂ ਨੇ ਰਿਹਾਅ ਹੁੰਦਿਆਂ ਹੀ ਕਾਮੇਡੀ ਸ਼ੁਰੂ ਕੀਤੀ: ਅਸ਼ਵਨੀ ਸ਼ਰਮਾ

ਸਿੱਧੂ ਨੇ ਰਿਹਾਅ ਹੁੰਦਿਆਂ ਹੀ ਕਾਮੇਡੀ ਸ਼ੁਰੂ ਕੀਤੀ: ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਪ੍ਰਧਾਨ ਨੇ ਕਾਂਗਰਸ ’ਤੇ ਲੋਕਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਾਇਆ
ਜਲੰਧਰ,-
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਇੱਥੇ ਪਾਰਟੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਲੋਕਤੰਤਰ ਵਿੱਚ ਵਿਸ਼ਵਾਸ ਰਖੱਦੀ ਹੈ ਤੇ ਹਰ ਸੂਬੇ ਦੀ ਸਰਕਾਰ ਨੂੰ ਸਹਿਯੋਗ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਜੇਲ੍ਹ ਤੋਂ ਬਾਹਰ ਆ ਕੇ ਫਿਰ ਕਾਮੇਡੀ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਜੇਲ੍ਹ ਤੋਂ ਬਾਹਰ ਆ ਕੇ ਰੱਬ ਦਾ ਸ਼ੁਕਰਾਨਾ ਕਰਨ ਲਈ ਕਿਸੇ ਧਾਰਮਿਕ ਸਥਾਨ ’ਤੇ ਜਾਣ ਦੀ ਥਾਂ ਭਾਜਪਾ ਨੂੰ ਨਿੰਦਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਨੇ ਕਦੀ ਵੀ ਕਿਸੇ ਸੂਬੇ ਦੀ ਸਰਕਾਰ ਡੇਗਣ ਦੀ ਕੋਸ਼ਿਸ਼ ਨਹੀਂ ਕੀਤੀ। ਕਾਂਗਰਸ ਕੋਲ ਹੁਣ ਕੋਈ ਮੁੱਦਾ ਨਹੀਂ ਰਿਹਾ, ਜਿਸ ਕਾਰਨ ਉਸ ਦੇ ਆਗੂ ਲੋਕਾਂ ਨੂੰ ਗੁਮਰਾਹ ਕਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਜਲੰਧਰ ਦੀ ਲੋਕ ਸਭਾ ਦੀ ਜ਼ਿਮਨੀ ਚੋਣ ਭਾਜਪਾ ਜਿੱਤੇਗੀ।

ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਆਪਣੇ ਵਾਅਦੇ ਪੂਰੇ ਕਰਨ ਵਿਚ ਅਸਫਲ ਰਹੀ ਹੈ। ਪੰਜਾਬ ਵਿੱਚ ਇਸ ਸਮੇਂ ਮਾਹੌਲ ਕਾਫੀ ਖਰਾਬ ਹੈ ਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਕੇਜਰੀਵਾਲ ਵਾਰ ਵਾਰ ਪੰਜਾਬੀਆਂ ਦਾ ਅਪਮਾਨ ਕਰ ਰਹੇ ਹਨ, ਜਿਸ ਦੀ ਤਾਜ਼ਾ ਉਦਾਹਰਨ ਗੁਰੂ ਰਵਿਦਾਸ ਅਧਿਐਨ ਕੇਂਦਰ ਦੇ ਨੀਂਹ ਪੱਥਰ ’ਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਤੋਂ ਉੱਪਰ ਆਪਣਾ ਨਾਮ ਲਿਖਵਾਉਣਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੇਮੌਸਮੇ ਮੀਂਹ, ਹਨੇਰੀ ਤੇ ਗੜੇਮਾਰੀ ਨੇ ਕਿਸਾਨਾਂ ਦੀ ਪੱਕੀ ਕਣਕ ਦੀ ਫਸਲ ਸਮੇਤ ਸਬਜ਼ੀਆਂ ਦਾ ਵੱਡੇ ਪੱਧਰ ’ਤੇ ਨੁਕਸਾਨ ਕੀਤਾ ਹੈ। ਪੰਜਾਬ ਸਰਕਾਰ ਤੁਰੰਤ ਕਿਸਾਨਾਂ ਨੂੰ ਘੱਟੋ ਘੱਟ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਖੇਤ ਮਜ਼ਦੂਰਾਂ ਨੂੰ 5000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ। ਉਨ੍ਹਾਂ ਸਬਜ਼ੀਆਂ ਤੇ ਹਰੇ ਚਾਰੇ ਦੇ ਹੋਏ ਨੁਕਸਾਨ ਲਈ ਵੀ ਮੁਆਵਜ਼ੇ ਦੀ ਮੰਗ ਕੀਤੀ।

ਕਾਂਗਰਸ ਪੱਛੜੀ ਹੋਈ ਪਾਰਟੀ: ਸੋਮਨਾਥ

ਕੇਂਦਰੀ ਮੰਤਰੀ ਸੋਮਨਾਥ ਨੇ ਕਿਹਾ ਕਿ ਕਾਂਗਰਸ ਇੱਕ ਪੱਛੜੀ ਹੋਈ ਪਾਰਟੀ ਹੈ। ਲੋਕ ਵੀ ਸਮਝ ਗਏ ਹਨ ਕਿ ਸੂਬੇ ਅਤੇ ਦੇਸ਼ ਦਾ ਵਿਕਾਸ ਸਿਰਫ ਭਾਜਪਾ ਹੀ ਕਰ ਸਕਦੀ ਹੈ। ਕਾਂਗਰਸ ਨੇ ਕਦੇ ਵੀ ਦੇਸ਼ ਬਾਰੇ ਨਹੀਂ ਸੋਚਿਆ।