ਸੁਖਬੀਰ ਬਾਦਲ ਪ੍ਰਧਾਨਗੀ ਛੱਡਣ: ਬੀਬੀ ਜਗੀਰ ਕੌਰ

ਸੁਖਬੀਰ ਬਾਦਲ ਪ੍ਰਧਾਨਗੀ ਛੱਡਣ: ਬੀਬੀ ਜਗੀਰ ਕੌਰ

ਜਲੰਧਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀਆਂ ਉਪਰੋ-ਥੱਲੀ ਹੋਈਆਂ ਜਲੰਧਰ ਦੀਆਂ ਫੇਰੀਆਂ ਨੇ ਪੰਥਕ ਸਿਆਸਤ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ।

ਇੱਥੋਂ ਦੇ ਫੋਲੜੀਵਾਲ ਦੇ ਬਾਬਾ ਪ੍ਰੇਮ ਸਿੰਘ ਮੁਰਾਲੇਵਾਲਿਆਂ ਗੁੁਰਦੁਆਰਾ ਸਾਹਿਬ ਵਿੱਚ ਇਲਾਕੇ ਦੀ ਸੰਗਤ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ ਤਾਂ ਬਿਨਾਂ ਦੇਰੀ ਦੇ ਅਸਤੀਫ਼ਾ ਦੇ ਕੇ ਪਾਰਟੀ ਦੀ ਪ੍ਰਧਾਨਗੀ ਤੋਂ ਲਾਂਭੇ ਹੋਣ। ਉਨ੍ਹਾਂ ਕਿਹਾ ਕਿ ਹੋਲੇ- ਮਹੱਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ’ਤੇ ਬੜੀ ਸਪੱਸ਼ਟ ਟਿੱਪਣੀ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਸਰਮਾਏਦਾਰਾਂ ਦੀ ਪਾਰਟੀ ਬਣ ਕੇ ਰਹਿ ਗਿਆ ਹੈ, ਜਦੋਂਕਿ ਪਹਿਲਾਂ ਇਹ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਹੋਇਆ ਕਰਦੀ ਸੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਲਈ ਲੜਦਾ ਰਿਹਾ ਪਰ ਹੁਣ ਇਹ ਆਪਣੇ ਸਿਧਾਂਤਕ ਪੈਂਤੜੇ ਤੋਂ ਥਿੜਕ ਗਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਕੌਮ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਚਾਉਣ ਵਿੱਚ ਵੀ ਸੁਖਬੀਰ ਸਿੰਘ ਬਾਦਲ ਬੁਰੀ ਤਰ੍ਹਾਂ ਫੇਲ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਭਾਜਪਾ ਨੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀਆਂ ਜਿਹੜੀਆਂ ਕੋਝੀਆ ਚਾਲਾਂ ਚੱਲੀਆਂ ਸਨ, ਉਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਡੱਟ ਕੇ ਮੁਕਾਬਲਾ ਕਰਨਾ ਚਾਹੀਦਾ ਸੀ।