ਸੁਖਬੀਰ ਵੱਲੋਂ ਬੀਬੀ ਜਗੀਰ ਕੌਰ ਨੂੰ ਦਾਅਵੇਦਾਰੀ ਛੱਡਣ ਦੀ ਅਪੀਲ

ਸੁਖਬੀਰ ਵੱਲੋਂ ਬੀਬੀ ਜਗੀਰ ਕੌਰ ਨੂੰ ਦਾਅਵੇਦਾਰੀ ਛੱਡਣ ਦੀ ਅਪੀਲ

ਫਗਵਾੜਾ ਵਿੱਚ ਸ਼੍ਰੋਮਣੀ ਕਮੇਟੀ ਦੇ ਦੋਆਬਾ ਖੇਤਰ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ
ਫਗਵਾੜਾ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਲਈ ਆਪਣੀ ਦਾਅਵੇਦਾਰੀ ਵਾਪਸ ਲੈ ਕੇ ਪਾਰਟੀ ਨਾਲ ਵਫ਼ਾਦਾਰੀ ਨਿਭਾਉਣ, ਕਿਉਂਕਿ ਪਾਰਟੀ ਨੇ ਉਨ੍ਹਾਂ ਨੂੰ ਬਹੁਤ ਸਨਮਾਨ ਬਖ਼ਸ਼ਿਆ ਹੈ। ਅੱਜ ਇਥੇ ਅਕਾਲੀ ਆਗੂ ਜਰਨੈਲ ਸਿੰਘ ਵਾਹਦ ਦੀ ਰਿਹਾਇਸ਼ ’ਤੇ ਸ਼੍ਰੋਮਣੀ ਕਮੇਟੀ ਦੇ ਦੋਆਬਾ ਖੇਤਰ ਦੇ ਮੈਂਬਰਾਂ ਨਾਲ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲਈ ਮੁੜ ਉਮੀਦਵਾਰ ਐਲਾਨ ਦਿੱਤਾ ਹੈ ਤੇ ਪਾਰਟੀ ਮੈਂਬਰਾਂ ਨੂੰ ਵੀ ਉਨ੍ਹਾਂ ਦੇ ਹੱਕ ’ਚ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਬੀਬੀ ਜਗੀਰ ਕੌਰ ਨੂੰ ਕਿਹਾ ਕਿ ਉਨ੍ਹਾਂ ਅਕਾਲੀ ਦਲ ਦਾ ਕਾਫ਼ੀ ਸਾਥ ਦਿੱਤਾ ਹੈ ਤੇ ਅਕਾਲੀ ਦਲ ਨੇ ਵੀ ਉਨ੍ਹਾਂ ਨੂੰ ਬਹੁਤ ਮਾਣ-ਸਨਮਾਨ ਬਖਸ਼ਿਆ ਹੈ ਇਸ ਕਰਕੇ ਉਹ ਪਾਰਟੀ ਦਾ ਨੁਕਸਾਨ ਕਰਨ ਬਾਰੇ ਵਿਚਾਰ ਨਾ ਕਰਨ।

ਸ੍ਰੀ ਆਨੰਦਪੁਰ ਸਾਹਿਬ : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਮ ਐਲਾਨੇ ਜਾਣ ਮਗਰੋਂ ਆਖਿਆ ਕਿ ਬੀਬੀ ਜਗੀਰ ਕੌਰ ਨੂੰ ਆਪਣੀ ਅੜੀ ਛੱਡ ਕੇ ਐਡਵੋਕੇਟ ਧਾਮੀ ਦਾ ਸਮਰਥਨ ਕਰਨਾ ਚਾਹੀਦਾ ਹੈ। ਐਡਵੋਕੇਟ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੇ ਸਮੂਹ ਅਹੁਦੇਦਾਰਾਂ ਅਤੇ ਮੁਲਾਜ਼ਮਾਂ ਦੀ ਪਹਿਲੀ ਪਸੰਦ ਦੱਸਦਿਆਂ ਸ੍ਰੀ ਚੀਮਾ ਨੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਲਾਨ ਮਗਰੋਂ ਨਿਭਾਈ ਭੂਮਿਕਾ ਲਈ ਸ੍ਰੀ ਧਾਮੀ ਦੀ ਸ਼ਲਾਘਾ ਵੀ ਕੀਤੀ। ਪਰਾਲੀ ਦੇ ਮੁੱਦੇ ’ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਰਫ਼ ਕਿਸਾਨਾਂ ਨੂੰ ਕਸੂਰਵਾਰ ਦੱਸਣਾ ਬਿਲਕੁਲ ਗ਼ਲਤ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਅਰਵਿੰਦ ਕੇਜਰੀਵਾਲ ਨੇ ਪ੍ਰਚਾਰ ਕੀਤਾ ਸੀ ਕਿ ਉਹ ਅਜਿਹਾ ਸਪਰੇਅ ਲੈ ਕੇ ਆਏ ਹਨ ਜਿਸ ਨਾਲ ਖੇਤਾਂ ਵਿੱਚ ਪਈ ਪਰਾਲੀ ਆਪਣੇ ਆਪ ਗਲ਼ ਜਾਂਦੀ ਹੈ ਤਾਂ ‘ਆਪ’ ਸਰਕਾਰ ਹੁਣ ਤੱਕ ਇਹ ਸਪਰੇਅ ਪੰਜਾਬ ’ਚ ਕਿਉਂ ਨਹੀਂ ਲਿਆ ਸਕੀ। ਉਨ੍ਹਾਂ ਕਿਹਾ ਕਿ ਪਰਾਲੀ ਦੇ ਮੁੱਦੇ ’ਤੇ ਕਿਸਾਨਾਂ ਦੀ ਥਾਂ ਆਮ ਆਦਮੀ ਪਾਰਟੀ ਦੀ ਲਾਲ ਐਂਟਰੀ ਹੋਣੀ ਚਾਹੀਦੀ ਹੈ। ਬੀਤੇ ਦਿਨੀਂ ਜ਼ਿਲ੍ਹਾ ਰੂਪਨਗਰ ਦੇ ਪਿੰਡ ਭਲਿਆਣ ਵਿੱਚ ਚੱਲ ਰਹੀ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਸਥਾਨਕ ਲੋਕਾਂ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਡੀ-ਸਿਲਟਿੰਗ ਦੇ ਨਾਮ ’ਤੇ ਨਾਜਾਇਜ਼ ਮਾਈਨਿੰਗ ਕਰਵਾ ਕੇ ਲੋਕਾਂ ਨਾਲ ਧੋਖਾ ਕਰ ਰਹੀ ਹੈ।