ਸੂਬੇ ’ਚ ਖ਼ੌਫ ਦਾ ਮਾਹੌਲ ਪੈਦਾ ਕਰ ਰਹੀਆਂ ਨੇ ਸਰਕਾਰਾਂ: ਧਾਮੀ

ਸੂਬੇ ’ਚ ਖ਼ੌਫ ਦਾ ਮਾਹੌਲ ਪੈਦਾ ਕਰ ਰਹੀਆਂ ਨੇ ਸਰਕਾਰਾਂ: ਧਾਮੀ

ਸ੍ਰੀ ਆਨੰਦਪੁਰ ਸਾਹਿਬ –
ਪੰਜਾਬ ਦੇ ਧਾਰਮਿਕ ਸਥਾਨਾਂ ਸਮੇਤ ਹੋਰਨਾਂ ਥਾਈਂ ਹਾਲ ਹੀ ਵਿੱਚ ਵਧਾਈ ਗਈ ਪੰਜਾਬ ਪੁਲੀਸ ਅਤੇ ਕੇਂਦਰੀ ਸੁਰੱਖਿਆ ਬਲਾਂ ਦੀ ਨਫਰੀ ਸਬੰਧੀ ਤਿੱਖਾ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸੇਧਿਆ। ਸ੍ਰੀ ਧਾਮੀ ਨੇ ਕਿਹਾ ਕਿ ਦੋਵੇਂ ਸਰਕਾਰਾਂ ਸਾਂਝੇ ਰੂਪ ਵਿੱਚ ਲੁਕਵੇਂ ਏਜੰਡੇ ਤਹਿਤ ਸੂਬੇ ਦੇ ਲੋਕਾਂ ’ਚ ਡਰ ਪੈਦਾ ਕਰਨਾ ਚਾਹੁੰਦੀਆਂ ਹਨ। ਕਿਸੇ ਸਮੇਂ ਕਾਂਗਰਸ ਵੀ ਇਸ ਰਾਹ ’ਤੇ ਚੱਲੀ ਸੀ ਤੇ ਫੇਲ੍ਹ ਹੋਣ ਤੋਂ ਬਾਅਦ ਟਿਕ ਕੇ ਬੈਠ ਗਈ ਸੀ। ਹੁਣ ਮੌਜੂਦਾ ਪੰਜਾਬ ਅਤੇ ਕੇਂਦਰ ਸਰਕਾਰ ਵੀ ਇਸੇ ਨੀਤੀ ’ਤੇ ਚੱਲ ਰਹੀਆਂ ਹਨ। ਸ੍ਰੀ ਧਾਮੀ ਨੇ ਕਿਹਾ ਕਿ ਅਜਿਹਾ ਬਿਰਤਾਂਤ 2024 ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਸਿਰਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਗੁਰੂ ਘਰਾਂ ਅੱਗੇ ਵੱਡੀ ਗਿਣਤੀ ’ਚ ਸੁਰੱਖਿਆ ਬਲ ਤਾਇਨਾਤ ਕਰ ਕੇ ਲੋਕਾਂ ’ਚ ਡਰ ਪੈਦਾ ਕੀਤਾ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੀ ‘ਸਿੰਘ ਸਜੋ ਅੰਮ੍ਰਿਤ ਛਕੋ’ ਲਹਿਰ ਤਹਿਤ ਖਾਲਾਸਈ ਮਾਰਚ ਨੂੰ ਪ੍ਰਧਾਨ ਹਰਿਜੰਦਰ ਸਿੰਘ ਧਾਮੀ ਵੱਲੋਂ ਰਵਾਨਾ ਕੀਤਾ ਗਿਆ। ਇਸ ਮਗਰੋਂ ਉਨ੍ਹਾਂ ਸਥਾਨਕ ਭਾਈ ਨੰਦ ਲਾਲ ਪਬਲਿਕ ਸਕੂਲ ਵਿੱਚ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਅਤੇ ਯੂਕੇ ਲਾਇਨਜ਼ ਕਲੱਬ ਨਾਲ ਸਾਂਝੇ ਰੂਪ ਵਿੱਚ ਲਗਾਏ ਜਾ ਰਹੇ ਵਿਦਿਆਰਥੀ ਕੈਂਪ ਦਾ ਉਦਘਾਟਨ ਕੀਤਾ। ਇਸ ਦੌਰਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਛੋਟੀ ਉਮਰ ਵਿੱਚ ਵਿਦਿਆਰਥੀਆਂ ’ਚ ਗੁਰਮਤਿ ਚੇਤਨਾ ਪੈਦਾ ਕਰਨ ਦੇ ਮੰਤਵ ਨਾਲ ਲਾਏ ਜਾ ਰਹੇ ਇਸ ਕੈਂਪ ਦੇ ਪ੍ਰਬੰਧਕ ਵਧਾਈ ਦੇ ਪਾਤਰ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸਰਵਨ ਸਿੰਘ ਕੁਲਾਰ, ਸ਼੍ਰੋਮਣੀ ਕਮੇਟੀ ਦੇ ਸਿੱਖਿਆ ਸਕੱਤਰ ਸੁਖਮਿੰਦਰ ਸਿੰਘ, ਬੀਬੀ ਸੁਖਵੰਤ ਕੌਰ, ਮੈਨੇਜਰ ਗੁਰਦੀਪ ਸਿੰਘ ਕੰਗ, ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।