ਸੰਘਰਸ਼ੀ ਕਿਸਾਨਾਂ ਵੱਲੋਂ ਸ਼ੁਭਕਰਨ ਨੂੰ ਸ਼ਰਧਾਂਜਲੀਆਂ

ਸੰਘਰਸ਼ੀ ਕਿਸਾਨਾਂ ਵੱਲੋਂ ਸ਼ੁਭਕਰਨ ਨੂੰ ਸ਼ਰਧਾਂਜਲੀਆਂ

ਹਰਿਆਣਾ ਅਤੇ ਕੇਂਦਰ ਸਰਕਾਰਾਂ ਦੀ ਕੀਤੀ ਆਲੋਚਨਾ; ਭਾਜਪਾ ਆਗੂਆਂ ਦੇ ਘਰਾਂ ਤੇ ਟੌਲ ਪਲਾਜ਼ਿਆਂ ਦਾ ਘਿਰਾਓ ਜਾਰੀ
ਬਠਿੰਡਾ- ਜ਼ਿਲ੍ਹਾ ਬਠਿੰਡਾ ਵਿਚਲੇ ਦੋ ਟੌਲ ਪਲਾਜ਼ਿਆਂ ’ਤੇ ਧਰਨੇ ਦੇ ਰਹੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਕਾਰਕੁਨਾਂ ਵੱਲੋਂ ਅੱਜ ਇਸ ਜ਼ਿਲ੍ਹੇ ਦੇ ਪਿੰਡ ਬੱਲ੍ਹੋ ਦੇ ਨੌਜਵਾਨ ਸ਼ੁਭਕਰਨ ਸਿੰਘ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸ਼ੁਭਕਰਨ ਦੀ ਸੁਰੱਖਿਆ ਬਲਾਂ ਵੱਲੋਂ ਕਥਿਤ ਚਲਾਈਆਂ ਗੋਲੀਆਂ ਨਾਲ ਅੱਜ ਖਨੌਰੀ ਬਾਰਡਰ ’ਤੇ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੋਵਾਂ ਟੌਲ ਪਲਾਜ਼ਿਆਂ ’ਤੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਔਰਤ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਕੌਰ ਬਿੰਦੂ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ ਗਰੁੱਪ) ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ’ਤੇ ਕੀਤੇ ਇਸ ਜਬਰ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਟਾਲਾ ਵੱਟਣ ਦੀ ਜ਼ੋਰਦਾਰ ਸਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰਨ ਜਾ ਰਹੇ ਕਿਸਾਨਾਂ ਨੂੰ ਬਾਰਡਰਾਂ ’ਤੇ ਰੋਕ ਕੇ ਲੋਕਾਂ ਦੇ ਹੱਕੀ ਸੰਘਰਸ਼ ਲਈ ਲੜਨ ਦੇ ਅਧਿਕਾਰ ਨੂੰ ਕੁਚਲਿਆ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਹਕੂਮਤ ਵੱਲੋਂ ਕਿਸਾਨਾਂ ਤੇ ਜਬਰ ਢਾਹ ਕੇ ਉਨ੍ਹਾਂ ਨੂੰ ਸ਼ਹੀਦ ਕਰਨ ਨਾਲ ਕਿਸਾਨਾਂ ਪ੍ਰਤੀ ਲੋਕ ਦੋਖੀ ਅਤੇ ਕਾਰਪੋਰੇਟ ਪੱਖੀ ਚਿਹਰਾ ਬੇਨਕਾਬ ਹੋ ਗਿਆ ਹੈ। ਉਨ੍ਹਾਂ ਮੋਦੀ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ’ਤੇ ਜਬਰ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਸਾਰੀਆਂ ਕਿਸਾਨੀ ਮੰਗਾਂ ਤੁਰੰਤ ਮੰਨੀਆਂ ਜਾਣ ਤੇ ਇੰਟਰਨੈੱਟ ਦੀ ਸੁਵਿਧਾ ਬਹਾਲ ਕੀਤੀ ਜਾਵੇ।ਅੱਜ ਧਰਨੇ ਨੂੰ ਭਾਕਿਯੂ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ, ਬਸੰਤ ਸਿੰਘ ਕੋਠਾ ਗਰੂ, ਜਗਸੀਰ ਸਿੰਘ ਝੁੰਬਾ, ਅਮਰੀਕ ਸਿੰਘ ਸਿਵੀਆਂ, ਸੁਖਜਿੰਦਰ ਸਿੰਘ ਸਰਦਾਰਗੜ੍ਹ, ਭਾਰਤੀ ਕਿਸਾਨ (ਡਕੌਂਦਾ) ਦੇ ਸੁਰਜੀਤ ਸਿੰਘ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਵੀ ਸੰਬੋਧਨ ਕੀਤਾ।