ਸੰਯੁਕਤ ਕਿਸਾਨ ਮੋਰਚੇ ਵੱਲੋਂ ਨਰਿੰਦਰ ਮੋਦੀ ਦੀਆਂ ਚੋਣ ਰੈਲੀਆਂ ਖ਼ਿਲਾਫ਼ ਬਿਗਲ

ਸੰਯੁਕਤ ਕਿਸਾਨ ਮੋਰਚੇ ਵੱਲੋਂ ਨਰਿੰਦਰ ਮੋਦੀ ਦੀਆਂ ਚੋਣ ਰੈਲੀਆਂ ਖ਼ਿਲਾਫ਼ ਬਿਗਲ

ਚੰਡੀਗੜ੍ਹ – ਸੰਯੁਕਤ ਕਿਸਾਨ ਮੋਰਚੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਚੋਣ ਰੈਲੀਆਂ ਦਾ ਵਿਰੋਧ ਕਰਨ ਵਾਸਤੇ ਤਿਆਰੀ ਖਿੱਚ ਲਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 23-24 ਮਈ ਨੂੰ ਪੰਜਾਬ ਵਿਚ ਚੋਣ ਪ੍ਰਚਾਰ ਤਹਿਤ ਰੈਲੀਆਂ ਕਰਨਗੇ। ਪ੍ਰਧਾਨ ਮੰਤਰੀ 23 ਮਈ ਨੂੰ ਪਟਿਆਲਾ ਵਿਚ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੀ ਹਮਾਇਤ ’ਚ ਪਲੇਠੀ ਚੋਣ ਰੈਲੀ ਕਰਨਗੇ ਅਤੇ 24 ਮਈ ਨੂੰ ਗੁਰਦਾਸਪੁਰ ਤੇ ਜਲੰਧਰ ਹਲਕੇ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਨਰਿੰਦਰ ਮੋਦੀ ਦੇ ਚੋਣ ਪ੍ਰੋਗਰਾਮਾਂ ਦੀ ਅੱਜ ਜਿਉਂ ਹੀ ਪੁਸ਼ਟੀ ਹੋਈ ਤਾਂ ਕਿਸਾਨ ਜਥੇਬੰਦੀਆਂ ਨੇ ਵਿਰੋਧ ਵਾਸਤੇ ਫ਼ੌਰੀ ਪ੍ਰੋਗਰਾਮ ਉਲੀਕ ਲਏ ਹਨ।

ਸੰਯੁਕਤ ਕਿਸਾਨ ਮੋਰਚੇ ਨੇ ਪਹਿਲਾਂ ਹੀ ਐਲਾਨ ਕੀਤਾ ਹੋਇਆ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦੀਆਂ ਰੈਲੀਆਂ ਦਾ ਵੱਡੇ ਪੱਧਰ ’ਤੇ ਕਿਸਾਨ ਧਿਰਾਂ ਵਿਰੋਧ ਕਰਨਗੀਆਂ। ਭਾਜਪਾ ਦੇ ਉਮੀਦਵਾਰਾਂ ਦਾ ਪਹਿਲਾਂ ਹੀ ਕਿਸਾਨ ਧਿਰਾਂ ਵਿਰੋਧ ਕਰ ਰਹੀਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਉਲੀਕੇ ਜਾ ਰਹੇ ਪ੍ਰੋਗਰਾਮ ਕਰਕੇ ਪੰਜਾਬ ਪੁਲੀਸ ਲਈ ਸੰਕਟ ਬਣ ਗਿਆ ਹੈ ਕਿਉਂਕਿ ਪਹਿਲਾਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫ਼ਿਰੋਜ਼ਪੁਰ ਰੈਲੀ ਦੇ ਰਸਤੇ ਤੋਂ ਵਾਪਸ ਮੁੜੇ ਸਨ ਕਿਉਂਕਿ ਕਿਸਾਨਾਂ ਨੇ ਧਰਨਾ ਲਾਇਆ ਹੋਇਆ ਸੀ।

ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਡਾ. ਦਰਸ਼ਨ ਪਾਲ ਦਾ ਕਹਿਣਾ ਸੀ ਕਿ ਐਸਕੇਐੱਮ ਦੀ ਭਲਕੇ 20 ਮਈ ਨੂੰ ਪਟਿਆਲਾ ਜ਼ਿਲ੍ਹੇ ਦੀ ਮੀਟਿੰਗ ਬੁਲਾਈ ਗਈ ਹੈ ਜਿਸ ਵਿਚ ਨਰਿੰਦਰ ਮੋਦੀ ਦੇ ਚੋਣ ਪ੍ਰੋਗਰਾਮਾਂ ਦਾ ਵਿਰੋਧ ਕਰਨ ਬਾਰੇ ਰਣਨੀਤੀ ਬਣਾਈ ਜਾਵੇਗੀ ਅਤੇ 21 ਮਈ ਨੂੰ ਕਿਸਾਨ ਮੋਰਚੇ ਦੀ ਜਗਰਾਓਂ ਵਿਚ ਹੋ ਰਹੀ ਮਹਾਂ ਰੈਲੀ ਵਿਚ ਵੀ ਇਸ ਬਾਰੇ ਰਣਨੀਤੀ ਘੜੀ ਜਾਵੇਗੀ। ਇਸੇ ਦੌਰਾਨ ਬੀਕੇਯੂ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਦੱਸਿਆ ਕਿ ਪੰਜਾਬ ਭਰ ਦੇ ਕਿਸਾਨਾਂ ਨੂੰ ਨਰਿੰਦਰ ਮੋਦੀ ਦੀ ਰੈਲੀ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਹੀ ਪ੍ਰਧਾਨ ਮੰਤਰੀ ਦੀ ਪੰਜਾਬ ਵਿਚ ਰੈਲੀ ਦੀ ਪੁਸ਼ਟੀ ਹੋਈ ਹੈ ਜਿਸ ਕਰਕੇ ਫ਼ੌਰੀ ਮੀਟਿੰਗ ਸੱਦ ਕੇ ਵਿਰੋਧ ਪ੍ਰੋਗਰਾਮ ਉਲੀਕਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 21 ਮਈ ਨੂੰ ਜਗਰਾਓਂ ਵਿਚ ਹੋ ਰਹੀ ਮਹਾਂ ਰੈਲੀ ਦੀ ਸਟੇਜ ਤੋਂ ਵੀ ਸੱਦਾ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਭਲਕੇ 20 ਮਈ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਮ੍ਰਿਤਕ ਕਿਸਾਨ ਸ਼ੁਭਕਰਨ ਸਿੰਘ ਬੱਲ੍ਹੋ ਦੇ ਮਾਮਲੇ ’ਤੇ ਬਣੀ ਵਿਸ਼ੇਸ਼ ਜਾਂਚ ਕਮੇਟੀ ਨੂੰ ਕਿਸਾਨ ਆਗੂ ਮਿਲਣਗੇ। ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੇ ਸੀਨੀਅਰ ਆਗੂ ਕਾਕਾ ਸਿੰਘ ਕੋਟੜਾ ਦਾ ਕਹਿਣਾ ਸੀ ਕਿ ਪ੍ਰਧਾਨ ਮੰਤਰੀ ਦੇ ਪ੍ਰੋਗਰਾਮਾਂ ਦਾ ਅੱਜ ਹੀ ਪਤਾ ਲੱਗਿਆ ਹੈ ਜਿਸ ਕਰਕੇ ਭਲਕੇ ਕਿਸਾਨ ਭਵਨ ਵਿਚ ਕਿਸਾਨ ਆਗੂ ਜੁੜਨਗੇ ਅਤੇ ਭਲਕੇ ਹੀ ਵਿਰੋਧ ਪ੍ਰੋਗਰਾਮਾਂ ਵਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਆਏ ਤਾਂ ਉਨ੍ਹਾਂ ਦਾ ਵਿਰੋਧ ਵੀ ਕੀਤਾ ਜਾਵੇਗਾ।